ਮੋਦੀ ਸਰਕਾਰ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ, ਮਿਲੇਗਾ ਸਸਤਾ ਕਰਜ਼ਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕਰਜ਼ਿਆਂ ‘ਤੇ ਵਿਆਜ ਦਰਾਂ ਵਧਾਉਣ ਦੇ ਰੁਝਾਨ ਦੇ ਵਿਚਕਾਰ, ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਲਈ 3 ਲੱਖ ਰੁਪਏ ਤੱਕ ਦੇ ਥੋੜ੍ਹੇ ਸਮੇਂ ਦੇ ਖੇਤੀ ਕਰਜ਼ਿਆਂ ‘ਤੇ 1.5 ਫੀਸਦੀ ਸਲਾਨਾ ਦੀ ਦਰ ਨਾਲ ਵਿਆਜ ਛੋਟ ਬਹਾਲ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਤਿੰਨ ਸਾਲ ਤੱਕ ਲਾਗੂ ਰਹੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸਾਰੀਆਂ ਵਿੱਤੀ ਸੰਸਥਾਵਾਂ ਲਈ ਥੋੜ੍ਹੇ ਸਮੇਂ ਦੇ ਖੇਤੀ ਕਰਜ਼ਿਆਂ ‘ਤੇ ਵਿਆਜ ਸਬਵੈਂਸ਼ਨ (ਵਿਆਜ ਸਹਾਇਤਾ) ਸਕੀਮ ਨੂੰ ਬਹਾਲ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਸੂਚਨਾ ਅਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਬੈਂਕਾਂ ਅਤੇ ਖੇਤੀਬਾੜੀ ਕਰਜ਼ ਦੇਣ ਵਾਲੀਆਂ ਸੰਸਥਾਵਾਂ ਨੂੰ ਥੋੜ੍ਹੇ ਸਮੇਂ ਦੇ ਖੇਤੀ ਕਰਜ਼ਿਆਂ ‘ਤੇ 1.5 ਫੀਸਦੀ ਤੱਕ ਦੀ ਵਿਆਜ ਛੋਟ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਠਾਕੁਰ ਨੇ ਕਿਹਾ ਕਿ ਕਿਸਾਨਾਂ ਨੂੰ ਸਸਤੇ ਕਰਜ਼ੇ ਦਾ ਲਾਭ ਮਿਲੇਗਾ ਅਤੇ ਬੈਂਕਾਂ ‘ਤੇ ਇਸ ਦਾ ਬੋਝ ਨਹੀਂ ਪਵੇਗਾ। ਠਾਕੁਰ ਨੇ ਕਿਹਾ ਕਿ ਕਿਸਾਨਾਂ ਨੂੰ ਸਸਤੀਆਂ ਦਰਾਂ ‘ਤੇ ਬਿਨਾਂ ਕਿਸੇ ਮੁਸ਼ਕਲ ਦੇ ਕਰਜ਼ੇ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣਾ ਭਾਰਤ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਵਿੱਤੀ ਸੰਸਥਾਵਾਂ (ਜਨਤਕ ਖੇਤਰ ਦੇ ਬੈਂਕ, ਨਿੱਜੀ ਖੇਤਰ ਦੇ ਬੈਂਕ, ਛੋਟੇ ਵਿੱਤ ਬੈਂਕ, ਖੇਤਰੀ ਗ੍ਰਾਮੀਣ ਬੈਂਕ, ਸਹਿਕਾਰੀ ਬੈਂਕ) ਵਿੱਤੀ ਸਾਲ 2022-23 ਤੋਂ 2024-25 ਤੱਕ ਕਿਸਾਨਾਂ ਨੂੰ 3 ਲੱਖ ਰੁਪਏ ਤੱਕ ਦੇ ਥੋੜ੍ਹੇ ਸਮੇਂ ਦੇ ਖੇਤੀ ਕਰਜ਼ੇ ਪ੍ਰਦਾਨ ਕਰਦੇ ਹਨ ਅਤੇ ਵਪਾਰਕ ਬੈਂਕਾਂ ਨਾਲ ਸਿੱਧੇ ਤੌਰ ‘ਤੇ ਜੁੜੀਆਂ ਕੰਪਿਊਟਰਾਈਜ਼ਡ ਪ੍ਰਾਇਮਰੀ ਐਗਰੀਕਲਚਰ ਕੋ-ਆਪਰੇਟਿਵ ਸੋਸਾਇਟੀਆਂ (PACs) ਨੂੰ 1.5 ਪ੍ਰਤੀਸ਼ਤ ਦੀ ਵਿਆਜ ਸਹਾਇਤਾ (ਸਬਵੇਂਸ਼ਨ) ਪ੍ਰਦਾਨ ਕੀਤੀ ਜਾਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ