ਵਿਜੀਲੈਂਸ ਵੱਲੋਂ ਆਰਟੀਏ ਦਫਤਰ ਸੰਗਰੂਰ ’ਚ ਵਾਹਨਾਂ ਦੇ ਫਿਟਨੈਸ ਸਰਟੀਫਿਕੇਟ ਘੁਟਾਲੇ ਦਾ ਪਰਦਾਫਾਸ਼

ਤਿੰਨ ਵਿਅਕਤੀ ਗ੍ਰਿਫ਼ਤਾਰ, 40,000 ਰੁਪਏ ਰਿਸ਼ਵਤ ਦੀ ਰਕਮ ਤੇ ਦਸਤਾਵੇਜ਼ ਬਰਾਮਦ

  •  ਆਰਟੀਏ, ਐਮ.ਵੀ.ਆਈ., ਕਲਰਕਾਂ, ਵਿਚੋਲਿਆਂ ਤੇ ਏਜੰਟਾਂ ਵਿਰੁੱਧ ਕੇਸ ਦਰਜ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਲਈ ਚਲਾਈ ਮੁਹਿੰਮ ਤਹਿਤ ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰ ਸੰਗਰੂਰ ਵਿੱਚ ਇੱਕ ਵੱਡੇ ਘੁਟਾਲੇ ਦਾ ਪਰਦਾਫਾਸ਼ ਕਰਦਿਆਂ ਆਰ.ਟੀ.ਏ., ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.), ਦੋ ਕਲਰਕਾਂ, ਦੋ ਵਿਚੋਲਿਆਂ ਅਤੇ ਪ੍ਰਾਈਵੇਟ ਏਜੰਟਾਂ ਦੇ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਇਸ ਦਫਤਰ ਦੇ ਦੋ ਮੁਲਾਜ਼ਮਾਂ ਅਤੇ ਇੱਕ ਵਿਚੋਲੇ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘਪਲੇ ਵਿੱਚ ਆਰ.ਟੀ.ਏ. ਸੰਗਰੂਰ, ਐਮ.ਵੀ.ਆਈ., ਉਹਨਾਂ ਦਾ ਅਮਲਾ ਅਤੇ ਪ੍ਰਾਈਵੇਟ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ ਜੋ ਰਾਜ ਸਰਕਾਰ ਦੇ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨ ਦੀ ਥਾਂ ਇੱਕ ਦੂਜੇ ਨਾਲ ਮਿਲ ਕੇ ਵੱਖ-ਵੱਖ ਕਿਸਮਾਂ ਦੇ ਵਾਹਨਾਂ ਨੂੰ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਬਦਲੇ ਰਾਜ ਵਿੱਚ ਕੰਮ ਕਰ ਰਹੇ ਵੱਖ-ਵੱਖ ਏਜੰਟਾਂ ਤੋਂ ਰਿਸ਼ਵਤਾਂ ਲੈਂਦੇ ਸਨ।

ਉਨਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੇ ਨਿਯਮਾਂ ਅਨੁਸਾਰ ਸਾਰੇ ਵਪਾਰਕ ਵਾਹਨਾਂ ਨੂੰ ਸੜਕਾਂ ’ਤੇ ਚੱਲਣ ਲਈ ਆਰਟੀਏ ਦਫਤਰ ਤੋਂ ਫਿਟਨੈਸ ਸਰਟੀਫਿਕੇਟ ਲੈਣਾ ਪੈਂਦਾ ਹੈ ਅਤੇ ਅਜਿਹੇ ਸਾਰੇ ਵਾਹਨਾਂ ਨੂੰ ਦਸਤਾਵੇਜਾਂ ਸਮੇਤ ਐਮ.ਵੀ.ਆਈ. ਦੁਆਰਾ ਆਪਣੇ ਦਫਤਰ ਵਿਖੇ ਮੌਕੇ ’ਤੇ ਨਿਰੀਖਣ ਕਰਨਾ ਹੁੰਦਾ ਹੈ। ਘਪਲੇ ਦੀ ਰੂਪਰੇਖਾ ਦਾ ਖੁਲਾਸਾ ਕਰਦਿਆਂ ਉਨਾਂ ਕਿਹਾ ਕਿ ਇਹ ਅਧਿਕਾਰੀ ਏਜੰਟਾਂ ਅਤੇ ਵਿਚੋਲਿਆਂ ਦੀ ਮਿਲੀਭੁਗਤ ਨਾਲ ਵਾਹਨਾਂ ਦੀ ਮੌਕੇ ’ਤੇ ਫਿਜ਼ੀਕਲ ਵੈਰੀਫਿਕੇਸਨ ਕੀਤੇ ਬਿਨਾਂ ਹੀ ਵਾਹਨ ਦੇ ਮਾਡਲ ਦੇ ਹਿਸਾਬ ਨਾਲ 2800 ਰੁਪਏ ਤੋਂ ਲੈ ਕੇ 1000 ਰੁਪਏ ਪ੍ਰਤੀ ਵਾਹਨ ਰਿਸ਼ਵਤ ਦੇ ਬਦਲੇ ਫਿਟਨੈਸ ਸਰਟੀਫਿਕੇਟ ਜਾਰੀ ਕਰਦੇ ਆ ਰਹੇ ਹਨ।

ਜਾਂਚ ਕੀਤੇ ਬਿਨਾਂ ਹੀ ਦਸਤਾਵੇਜਾਂ ਦੇ ਆਧਾਰ ’ਤੇ ਵਾਹਨਾਂ ਨੂੰ ਕੀਤਾ ਜਾ ਰਿਹਾ ਸੀ ਪਾਸ

ਇਸ ਤਰ੍ਹਾਂ ਆਰ.ਟੀ.ਏ ਅਤੇ ਐੱਮ.ਵੀ.ਆਈ. ਵੱਲੋਂ ਨਿਰਧਾਰਿਤ ਸਥਾਨ ’ਤੇ ਵਾਹਨ ਖੜੇ ਕਰਵਾਉਣ ਦੀ ਥਾਂ ਅਤੇ ਉਨਾਂ ਦੀ ਮੌਕੇ ’ਤੇ ਭੌਤਿਕ ਜਾਂਚ ਕੀਤੇ ਬਿਨਾਂ ਹੀ ਦਸਤਾਵੇਜਾਂ ਦੇ ਆਧਾਰ ’ਤੇ ਵਾਹਨਾਂ ਨੂੰ ਪਾਸ ਕੀਤਾ ਜਾ ਰਿਹਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਅਧਾਰ ’ਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਐਮ.ਵੀ.ਆਈ ਸੰਗਰੂਰ ਦੇ ਦਫ਼ਤਰ ਦੀ ਅਚਨਚੇਤ ਜਾਂਚ ਕੀਤੀ ਜਿਸ ਵਿੱਚ ਇਸ ਘੁਟਾਲੇ ਦੀਆਂ ਪਰਤਾਂ ਖੁੱਲੀਆਂ। ਇਸ ਮਾਮਲੇ ’ਚ ਵਿਜੀਲੈਂਸ ਬਿਊਰੋ ਨੇ ਮੌਕੇ ’ਤੇ ਹੀ 3 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਿਨਾਂ ’ਚ ਧਰਮਿੰਦਰ ਪਾਲ ਉਰਫ ਬੰਟੀ (ਏਜੰਟ) ਵਾਸੀ ਸੰਗਰੂਰ, ਕਲਰਕ ਗੁਰਚਰਨ ਸਿੰਘ ਅਤੇ ਡਾਟਾ ਐਂਟਰੀ ਆਪਰੇਟਰ ਜਗਸੀਰ ਸਿੰਘ ਤੋਂ ਇਲਾਵਾ ਕਰੀਬ 40 ਹਜਾਰ ਰੁਪਏ ਰਿਸ਼ਵਤ ਦੀ ਰਾਸ਼ੀ ਅਤੇ ਘੁਟਾਲੇ ਨਾਲ ਸਬੰਧਤ ਕਈ ਦਸਤਾਵੇਜ ਵੀ ਬਰਾਮਦ ਕੀਤੀ ਹੈ।

ਉਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਰਵਿੰਦਰ ਸਿੰਘ ਗਿੱਲ ਆਰ.ਟੀ.ਏ., ਮਹਿੰਦਰ ਪਾਲ ਐੱਮ.ਵੀ.ਆਈ., ਗੁਰਚਰਨ ਸਿੰਘ ਕਲਰਕ, ਜਗਸੀਰ ਸਿੰਘ ਡਾਟਾ ਐਂਟਰੀ ਆਪਰੇਟਰ, ਧਰਮਿੰਦਰ ਪਾਲ ਉਰਫ ਬੰਟੀ ਅਤੇ ਸੁਖਵਿੰਦਰ ਸੁੱਖੀ ਦੋਵੇਂ ਵਿਚੋਲੇ ਅਤੇ ਹੋਰ ਪ੍ਰਾਈਵੇਟ ਏਜੰਟਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿੱਚ ਐਫ.ਆਈ.ਆਰ ਨੰਬਰ 19 ਮਿਤੀ 18-08-2022 ਧਾਰਾ 420, 120-ਬੀ ਆਈ.ਪੀ.ਸੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਪਿਛਲੇ 7-8 ਸਾਲਾਂ ਤੋਂ ਚੱਲ ਰਿਹਾ ਸੀ ਘੁਟਾਲਾ

ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਕੀਤੀ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਘੁਟਾਲਾ ਪਿਛਲੇ 7-8 ਸਾਲਾਂ ਤੋਂ ਚੱਲ ਰਿਹਾ ਸੀ ਅਤੇ ਹਰ ਮਹੀਨੇ 2000-2500 ਤੋਂ ਵੱਧ ਵਾਹਨਾਂ ਨੂੰ ਫਿਟਨੈੱਸ ਸਰਟੀਫਿਕੇਟ ਜਾਰੀ ਕੀਤੇ ਜਾ ਰਹੇ ਸਨ ਜਦਕਿ ਕਿ ਇੱਕ ਵਿਅਕਤੀ ਵੱਲੋਂ ਇੰਨੇ ਸਮੇਂ ਵਿੱਚ ਇੰਨੀ ਵੱਡੀ ਗਿਣਤੀ ’ਚ ਵਾਹਨਾਂ ਦਾ ਮੌਕੇ ’ਤੇ ਮੁਆਇਨਾ ਕਰਨਾ ਸੰਭਵ ਨਹੀਂ ਹੈ। ਇਸ ਤਰਾਂ ਇਸ ਸਮੇਂ ਦੌਰਾਨ ਹਰ ਮਹੀਨੇ ਅੰਦਾਜ਼ਨ 35-40 ਲੱਖ ਰੁਪਏ ਦੀ ਰਿਸ਼ਵਤ ਦੀ ਰਕਮ ਹਾਸਲ ਕੀਤੀ ਗਈ ਜਿਸ ਨਾਲ ਇਹ ਮਾਮਲਾ ਕਰੋੜਾਂ ਵਿੱਚ ਜਾ ਸਕਦਾ ਹੈ। ਉਨਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਦਫਤਰ ਵਿੱਚ ਪਹਿਲਾਂ ਤੋਂ ਤਾਇਨਾਤ ਸਾਰੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ