ਸਰਕਾਰੀ ਸਕੂਲਾਂ ਦੇ ਦਸਵੀਂ ਤੇ ਬਾਰ੍ਹਵੀਂ ਜਮਾਤ ’ਚੋਂ ਮੈਰਿਟ ਵਿੱਚ ਆਏ 5 ਵਿਦਿਆਰਥੀਆਂ ਦਾ ਸਨਮਾਨ ਕੋਟਕਪੂਰਾ ਵਿਖੇ 22 ਨੂੰ
(ਅਜੈ ਮਨਚੰਦਾ) ਕੋਟਕਪੂਰਾ। ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਕੋਟਕਪੂਰਾ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਵਾਂ ਵਿੱਚੋਂ ਫਰੀਦਕੋਟ ਜਿਲੇ ਦੇ ਸਰਕਾਰੀ ਸਕੂਲਾਂ ਦੇ ਮੈਰਿਟ ਵਿੱਚ ਆਏ 5 ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ 22 ਅਗਸਤ ਦਿਨ ਸੋਮਵਾਰ ਨੂੰ ਸਵੇਰੇ 9:30 ਵਜੇ ਸ਼ਹੀਦ ਭਗਤ ਸਿੰਘ ਪਾਰਕ ਸਾਹਮਣੇ ਪੁਰਾਣਾ ਕਿਲਾ ਕੋਟਕਪੂਰਾ ਵਿਖੇ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਅਸ਼ੋਕ ਕੌਸ਼ਲ, ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਸੋਮ ਨਾਥ ਅਰੋੜਾ,ਮੀਤ ਪ੍ਰਧਾਨ ਪ੍ਰੇਮ ਚਾਵਲਾ ਅਤੇ ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੱਸਿਆ ਕਿ ਇਨ੍ਹਾਂ ਸਨਮਾਨਿਤ ਕੀਤੇ ਜਾਣ ਵਾਲੇ ਵਿਦਿਆਰਥੀਆਂ ਵਿੱਚ ਸਰਕਾਰੀ ਸਕੂਲਾਂ ਵਿੱਚੋਂ ਬਾਰ੍ਹਵੀਂ ਦੀ ਪ੍ਰੀਖਿਆ ਵਿਚ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਨ ਵਾਲੀਆਂ ਚਾਰ ਲੜਕੀਆਂ ਅਤੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚੋਂ ਮੈਰਿਟ ਵਿੱਚ ਆਉਣ ਵਾਲੀ ਇੱਕ ਲੜਕਾ ਸ਼ਾਮਲ ਹੈ।
ਇਸ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀਆਂ ਦੋ ਲੜਕੀਆਂ ਵਿਸ਼ਾਲੀ ਪੁੱਤਰੀ ਵਿਨੋਦ ਕੁਮਾਰ ਅਤੇ ਰੋਮੀਕਾ ਪੁੱਤਰੀ ਦੀਪਕ ਕੁਮਾਰ, ਸਰਕਾਰੀ ਕੰਨਿਆ ਸਕੂਲ ਕੋਟਕਪੂਰਾ ਦੀ ਖੁਸ਼ਦੀਪ ਕੌਰ ਪੁੱਤਰੀ ਜਸਵਿੰਦਰ ਸਿੰਘ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲੇਵਾਲਾ ਦੀ ਲੜਕੀ ਹਰਮਨ ਕੌਰ ਪੁੱਤਰੀ ਰਜਿੰਦਰ ਸਿੰਘ ਸ਼ਾਮਲ ਹਨ। ਇਸ ਤੋਂ ਇਲਾਵਾ ਮੈਟ੍ਰਿਕ ਪ੍ਰੀਖਿਆ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਦੇ ਪੁਨੀਤ ਕਟਾਰੀਆ ਪੁਤਰ ਜਤਿੰਦਰ ਸਿੰਘ ਨੇ ਮੈਰਿਟ ਵਿਚ ਸਥਾਨ ਪ੍ਰਾਪਤ ਕਰਕੇ ਆਪਣਾ , ਆਪਣੇ ਮਾਪਿਆਂ ਅਤੇ ਸਮੂਹ ਸਕੂਲ ਅਧਿਆਪਕਾਂ ਦਾ ਨਾਂਅ ਰੌਸ਼ਨ ਕੀਤਾ ਹੈ।
ਸੁਸਾਇਟੀ ਦੇ ਆਗੂਆਂ ਨੇ ਇਹ ਵੀ ਦੱਸਿਆ ਕਿ ਇਨਾਂ ਵਿਦਿਆਰਥੀਆਂ ਦੇ ਨਾਲ ਹੀ ਪਿਛਲੇ ਦਿਨੀਂ ਸੁਸਾਇਟੀ ਵੱਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਰਵਾਏ ਗਏ ਗਿਆਨ ਪਰਖ ਮੁਕਾਬਲੇ ਦੇ ਤਹਿਸੀਲ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿੱਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਜੇਤੂ ਵਿਦਿਆਰਥੀਆਂ ਦਾ ਵੀ ਸਨਮਾਨ ਕੀਤਾ ਜਾਵੇਗਾ। ਇਹ ਇਨਾਮ ਵੰਡਣ ਦੀ ਰਸਮ ਸ੍ਰੀ ਸ਼ਿਵ ਰਾਜ ਕਪੂਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਫਰੀਦਕੋਟ ਅਤੇ ਕੋਟਕਪੂਰਾ ਇਲਾਕੇ ਦੇ ਸਮਾਜ ਸੇਵੀ ਡਾ. ਦੇਵ ਰਾਜ ਮੋਗਾ ਵਾਲੇ ਅਦਾ ਕਰਨਗੇ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ