ਸ਼ਾਹੀ ਪਰਿਵਾਰ ਨੂੰ ਮਿਲੇਗੀ ਜਾਇਦਾਦ
(ਗੁਰਪ੍ਰੀਤ ਪੱਕਾ) ਫਰੀਦਕੋਟ/ਨਵੀਂ ਦਿੱਲੀ। ਫਰੀਦਕੋਟ ਦੇ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੀ ਸ਼ਾਹੀ ਵਿਰਾਸਤ ਲਈ 30 ਸਾਲਾਂ ਤੋਂ ਚੱਲੀ ਆ ਰਹੀ ਲੜਾਈ ਨੂੰ ਅੱਜ ਸੁਪਰੀਮ ਕੋਰਟ ਨੇ ਖਤਮ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਮਹਾਰਾਜਾ ਦੀ ਵਸੀਅਤ ਨੂੰ ਗੈਰ-ਕਾਨੂੰਨੀ ਮੰਨਦਿਆਂ ਵਸੀਅਤ ਦੇ ਆਧਾਰ ’ਤੇ ਬਣੇ ਟਰੱਸਟ ਨੂੰ ਖਤਮ ਕਰ ਦਿੱਤਾ ਹੈ। ਇਸ ਤੋਂ ਇਲਾਵਾ ਸਾਰੀ ਜਾਇਦਾਦ ਨੂੰ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੀਆਂ ਧੀਆਂ ਅੰਮ੍ਰਿਤ ਕੌਰ ਅਤੇ ਦੀਪਇੰਦਰ ਕੌਰ ਨੂੰ ਦੇਣ ਦਾ ਫੈਸਲਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਮਹਾਰਾਜਾ ਦੀ ਇਸ ਵਿਰਾਸਤ ਨੂੰ ਮਹਾਰਾਵਲ ਖੇਵਾਜੀ ਟਰੱਸਟ ਪਿਛਲੇ 30 ਸਾਲਾਂ ਤੋਂ 20 ਹਜ਼ਾਰ ਕਰੋੜ ਤੋਂ ਵੱਧ ਦੀ ਇਸ ਰਿਆਸਤ ਦੀ ਸਾਂਭ ਕਰ ਰਿਹਾ ਸੀ। ਹੁਣ 30 ਸਤੰਬਰ ਤੋਂ ਬਾਅਦ ਮਹਾਰਾਵਲ ਖੇਵਾਜੀ ਟਰੱਸਟ ਭੰਗ ਹੋ ਜਾਵੇਗਾ ਅਤੇ ਸਾਰੀ ਜਾਇਦਾਦ ਨੂੰ ਪਰਿਵਾਰ ’ਚ ਵੰਡਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਚੀਫ ਜਸਟਿਸ ਉਦੈ ਉਮੇਸ਼ ਲਲਿਤ, ਜਸਟਿਸ ਐਸ ਰਵਿੰਦਰ ਭੱਟ ਅਤੇ ਜਸਟਿਸ ਸੁਧਾਂਸੂ ਧੂਲੀਆ ਦੀ ਤਿੰਨ ਮੈਂਬਰੀ ਬੈਂਚ ਨੇ ਜਾਇਦਾਦ ਦੇ ਹਿੱਸੇ ਨਾਲ ਸਬੰਧਤ ਹਾਈ ਕੋਰਟ ਦੇ ਹੁਕਮ ’ਚ ਕੁਝ ਸੋਧਾਂ ਕਰਨ ਦਾ ਹੁਕਮ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੈਂਚ ਨੇ ਜੁਲਾਈ ’ਚ ਸਾਹੀ ਵਿਰਾਸਤ ਦੇ ਉੱਤਰਅਧਿਕਾਰੀਆਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ
ਕੀ ਹੈ ਮਾਮਲਾ
ਜ਼ਿਕਰਯੋਗ ਹੈ ਕਿ ਮਹਾਰਾਜਾ ਹਰਿੰਦਰ ਸਿੰਘ ਬਰਾੜ ਨੇ ਮੌਤ ਤੋਂ ਪਹਿਲਾਂ ਇਕ ਵਸੀਅਤ ਕਰਵਾਈ ਸੀ। ਜਿਸ ਮੁਤਾਬਕ ਉਨ੍ਹਾਂ ਨੇ ਆਪਣੀ ਧੀ ਅੰਮ੍ਰਿਤ ਕੌਰ ਨੂੰ ਸ਼ਾਹੀ ਜਾਇਦਾਦ ਤੋਂ ਬੇਦਖਲ ਕਰ ਸੀ ਅਤੇ ਜਾਇਦਾਦ ਦੀ ਸਾਂਭ-ਸੰਭਾਲ ਲਈ ਮਹਾਰਾਵਲ ਖੇਵਾਜੀ ਟਰੱਸਟ ਦੀ ਸਥਾਪਨਾ ਕੀਤੀ ਸੀ। ਮਹਾਰਾਜਾ ਦੀ ਧੀ ਅੰਮ੍ਰਿਤ ਕੌਰ ਨੇ ਇਸ ਦਾ ਵਿਰੋਧ ਕਰਦਿਆਂ ਅਦਾਲਤ ’ਚ ਕੇਸ ਦਰਜ ਕਰਵਾਇਆ ਸੀ ਅਤੇ ਦਾਅਵਾ ਕੀਤੀ ਸੀ ਕਿ ਮਹਾਰਾਜਾ ਹਰਿੰਦਰ ਸਿੰਘ ਦੀ ਇਹ ਵਸੀਅਤ ਝੂਠੀ ਹੈ ਅਤੇ ਉਸ ਦੇ ਪਿਤਾ ਨੇ ਉਸ ਨੂੰ ਕਦੇ ਵੀ ਜਾਇਦਾਦ ਤੋਂ ਬੇਦਖਲ ਨਹੀਂ ਕੀਤਾ।
ਹੁਣ ਤੱਕ 3 ਅਦਾਲਤਾਂ ਇਸ ਵਸੀਅਤ ਨੂੰ ਰੱਦ ਕਰਨ ਦਾ ਹੁਕਮ ਦੇ ਚੁੱਕੀਆਂ ਹਨ, ਜਿਨ੍ਹਾਂ ਖਿਲਾਫ ਅਪੀਲ ਸੁਪਰੀਮ ਕੋਰਟ ‘ਚ ਵਿਚਾਰ ਅਧੀਨ ਸੀ। ਅੱਜ ਇਸ ਲੜਾਈ ਨੂੰ ਖਤਮ ਕਰਦਿਆਂ ਸੁਪਰੀਮ ਕੋਰਟ ਨੇ ਇਸ ਵਸੀਅਤ ਨੂੰ ਗੈਰ-ਕਾਨੂੰਨੀ ਦੱਸਦਿਆਂ,ਵਸੀਅਤ ਦੇ ਆਧਾਰ ‘ਤੇ ਬਣੇ ਟਰੱਸਟ ਨੂੰ ਖਤਮ ਕਰ ਦਿੱਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ