ਸੂਬਾ ਸਰਕਾਰ ਦੇ ਹੱਕ ਵਿੱਚ ਪੇਸ਼ ਕੀਤਾ ਜਾਵੇਗਾ ਭਰੋਸਗੀ ਮਤਾ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੂਬਾ ਸਰਕਾਰ ਦੇ ਹੱਕ ਵਿੱਚ ਭਰੋਸਗੀ ਮਤਾ ਲਿਆਉਣ ਲਈ 16ਵੀਂ ਪੰਜਾਬ ਵਿਧਾਨ ਸਭਾ ਦਾ ਤੀਜਾ ਵਿਸ਼ੇਸ਼ ਸੈਸ਼ਨ 22 ਸਤੰਬਰ 2022 (ਵੀਰਵਾਰ) ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ ਵਿੱਚ ਮੁੱਖ ਮੰਤਰੀ ਦਫ਼ਤਰ ਵਿਖੇ ਮੰਤਰੀ ਸਮੂਹ ਦੀ ਮੀਟਿੰਗ ਦੌਰਾਨ ਲਿਆ ਗਿਆ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 174 (1) ਅਧੀਨ ਸਦਨ ਦਾ ਵਿਸ਼ੇਸ਼ ਸੈਸ਼ਨ ਸੱਦਣ ਲਈ ਪੰਜਾਬ ਦੇ ਰਾਜਪਾਲ ਨੂੰ ਸਿਫ਼ਾਰਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਬੁਲਾਰੇ ਨੇ ਅੱਗੇ ਕਿਹਾ ਕਿ ਸੈਸ਼ਨ ਸਵੇਰੇ 11 ਵਜੇ ਵਿੱਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਨਾਲ ਸ਼ੁਰੂ ਹੋਵੇਗਾ, ਜਿਸ ਮਗਰੋਂ ਸੂਬਾ ਸਰਕਾਰ ਦੇ ਪੱਖ ਵਿੱਚ ਭਰੋਸਗੀ ਮਤਾ ਪੇਸ਼ ਕੀਤਾ ਜਾਵੇਗਾ।
ਜਿਕਰਯੋਗ ਹੈ ਕਿ ਵਿਰੋਧੀ ਧਿਰ ਭਾਜਪਾ ਵੱਲੋਂ ਆਪਰੇਸ਼ਨ ਲੋਟਸ ਰਾਹੀਂ ਆਮ ਆਦਮੀ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਗਈ ਸੀ, ਇਸ ਮਾਮਲੇ ਚ ਓਹਨਾਂ ਦੀ ਸਰਕਾਰ ਖੁਦ ਭਰੋਸਗੀ ਮਤਾ ਪੇਸ਼ ਕਰੇਗੀ। ਜਿਸ ਵਿੱਚ ਸਾਰੀਆਂ ਨੂੰ ਬੋਲਣ ਦੀ ਇਜਾਜ਼ਤ ਹੋਏਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ