20 ਏਕੜ ਵਿਚ ਸਥਾਪਤ ਕੀਤੇ ਪ੍ਰਾਜੈਕਟ ਨਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਕਮੀ ਆਵੇਗੀ
- ਪੰਜਾਬ ਵਿਚ ਖੇਤੀ ਰਹਿੰਦ-ਖੂੰਹਦ ’ਤੇ ਅਧਾਰਿਤ ਬਾਇਓ ਗੈਸ ਪਲਾਂਟ ਦੀ ਅਥਾਹ ਸਮਰਥਾ
ਲਹਿਰਾਗਾਗਾ , (ਰਾਜ ਸਿੰਗਲਾ)। ਲਹਿਰਾਗਾਗਾ ਦੇ ਅਧੀਨ ਪੈਂਦੇ ਪਾਤੜਾਂ ਰੋਡ ਤੇ ਸਥਿਤ ਬਾਇਓ ਗੈਸ ਪਲਾਂਟ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨਾਲ ਅੱਜ ਇੱਥੇ 20 ਏਕੜ ਰਕਬੇ ਵਿਚ 230 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਦੇਸ਼ ਦੇ ਸਭ ਤੋਂ ਵੱਡੇ ਬਾਇਓ ਐਨਰਜੀ ਪਲਾਂਟ (Bio Energy Plant) ਲੋਕਾਂ ਨੂੰ ਸਮਰਪਿਤ ਕੀਤਾ।
ਅੱਜ ਦੇ ਇਸ ਮੌਕੇ ਨੂੰ ਸੂਬੇ ਲਈ ਇਤਿਹਾਸਕ ਦਿਨ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਸੂਬੇ ਵਿੱਚੋਂ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਖਤਮ ਕਰਨ ਲਈ ਰਾਹ ਪੱਧਰਾ ਕਰੇਗਾ। ਉਨ੍ਹਾਂ ਕਿਹਾ ਕਿ ਵਰਬੀਓ ਗਰੁੱਪ ਦਾ ਸੂਬੇ ਨਾਲ ਮਜ਼ਬੂਤ ਰਿਸ਼ਤਾ ਹੈ ਕਿਉਂਕਿ ਇਸ ਦੀ ਭਾਰਤੀ ਸਹਾਇਕ ਕੰਪਨੀ ਵਰਬੀਓ ਇੰਡੀਆ ਪ੍ਰਾਈਵੇਟ ਲਿਮਟਿਡ ਨੇ ਭਾਰਤ ਦਾ ਸਭ ਤੋਂ ਵੱਡਾ ਬਾਇਓਫਿਊਲ (ਬਾਇਓਮੀਥੇਨ/ਬਾਇਓ-ਸੀਐਨਜੀ) ਉਤਪਾਦਨ ਯੂਨਿਟ ਸਥਾਪਤ ਕੀਤਾ ਹੈ ਜੋ ਬਾਇਓ-ਸੀ.ਐਨ.ਜੀ. ਦੀ 33 ਟੀ.ਪੀ.ਡੀ. (ਟਨ ਪ੍ਰਤੀ ਦਿਨ) ਅਤੇ 550 ਟੀ.ਪੀ.ਡੀ. (ਪ੍ਰਤੀ ਸਾਲ) ਦੀ ਸਮਰਥਾ ਵਾਲਾ ਪ੍ਰਾਜੈਕਟ ਹੈ।
ਉਨ੍ਹਾਂ ਕਿਹਾ ਕਿ 80,000 ਕਿਊਬਕ ਮੀਟਰ ਪ੍ਰਤੀ ਦਿਨ ਦੀ ਸਮਰੱਥਾ ਵਾਲਾ ਪ੍ਰੋਜੈਕਟ ਬਾਇਓਗੈਸ ਪੈਦਾ ਕਰੇਗਾ ਜੋ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਦਾ ਵਧੀਆ ਤਰੀਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਯੂਨਿਟ ਵਿਚ ਸਾਲਾਨਾ 1.30 ਲੱਖ ਟਨ ਪਰਾਲੀ ਦੀ ਖਪਤ ਹੋਵੇਗੀ ਜਿਸ ਨਾਲ ਪਰਾਲੀ ਦੀ ਗੰਭੀਰ ਸਮੱਸਿਆ ਤੋਂ ਨਿਜਾਤ ਪਾਉਣ ਵਿਚ ਮਦਦ ਮਿਲੇਗੀ।
ਸੂਬਾ ਸਰਕਾਰ ਨੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਲਈ ਕਈ ਕਦਮ ਚੁੱਕੇ ਹਨ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਲਈ ਕਈ ਕਦਮ ਚੁੱਕੇ ਹਨ। ਇਸ ਤੋਂ ਇਲਾਵਾ ਕੁੱਲ 14.25 ਟਨ ਸੀ.ਬੀ.ਜੀ. ਪ੍ਰਤੀ ਦਿਨ ਸਮਰੱਥਾ ਵਾਲੇ ਦੋ ਹੋਰ ਪ੍ਰੋਜੈਕਟ ਸਾਲ 2022-23 ਵਿੱਚ ਮੁਕੰਮਲ ਹੋਣ ਦੀ ਸੰਭਾਵਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਪ੍ਰਤੀ ਦਿਨ 492.58 ਟਨ ਕੰਪਰੈੱਸਡ ਬਾਇਓਗੈਸ ਦੇ ਉਤਪਾਦਨ ਲਈ ਪ੍ਰਤੀ ਸਾਲ ਲਗਭਗ 16.5 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਖੇਤੀ ਰਹਿੰਦ-ਖੂੰਹਦ ‘ਤੇ ਅਧਾਰਿਤ ਸੀ.ਬੀ.ਜੀ. ਪ੍ਰੋਜੈਕਟਾਂ ਦੀ ਵੱਡੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 10 ਟੀ.ਪੀ.ਡੀ. ਦੀ ਸਮਰਥਾ ਵਾਲੇ ਲਗਭਗ 200 ਹੋਰ ਪ੍ਰੋਜੈਕਟ ਸਥਾਪਤ ਕੀਤੇ ਜਾ ਸਕਦੇ ਹਨ ਜਿਨ੍ਹਾਂ ਲਈ ਸੂਬਾ ਸਰਕਾਰ ਰਾਜ ਐਨ.ਆਰ.ਐਸ.ਈ. ਨੀਤੀ-2012 ਦੇ ਤਹਿਤ ਵੱਖ-ਵੱਖ ਰਿਆਇਤਾਂ ਪ੍ਰਦਾਨ ਕਰ ਰਹੀ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲਾ, ਭਾਰਤ ਸਰਕਾਰ ਨੇ ਜੂਨ, 2018 ਵਿੱਚ ਜੈਵਿਕ ਈਂਧਣ ‘ਤੇ ਕੌਮੀ ਨੀਤੀ ਨੂੰ ਵੀ ਨੋਟੀਫਾਈ ਕੀਤਾ ਹੈ ਜੋ ਬਾਇਓਫਿਊਲ ਦੇ ਉਤਪਾਦਨ ਲਈ ਪ੍ਰੋਜੈਕਟਾਂ ਨੂੰ ਉਤਸ਼ਾਹਿਤ ਕਰਨ ਅਤੇ ਵਿਕਾਸ ਕਰਨ ਦੀ ਲੋੜ ‘ਤੇ ਜ਼ੋਰ ਦਿੰਦੀ ਹੈ। ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਆਖਿਆ ਕਿ ਇਸ ਤਰ੍ਹਾਂ ਦੇ ਪਲਾਂਟ ਲੱਗਣ ਨਾਲ ਰੁਜ਼ਗਾਰ ਵਧੇਗਾ ਪਰ ਸਰਕਾਰ ਇਸ ਤਰ੍ਹਾਂ ਦੇ ਪਲਾਂਟ ਲਗਾਏਗੀ ਤਾਂ ਜੋ ਰੁਜ਼ਗਾਰ ਵੀ ਮਿਲ ਸਕੇ ਅਤੇ ਦੇਸ਼ ਦੇ ਵਿੱਚ ਵੱਧ ਤੋਂ ਵੱਧ ਬਾਇਓ ਗੈਸ ਤਿਆਰ ਕੀਤੀ ਜਾਵੇ ਤਾਂ ਜੋ ਪ੍ਰਦੂਸ਼ਣ ਤੋਂ ਨਿਜਾਤ ਮਿਲ ਸਕੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ