ਡੇਰਾ ਸ਼ਰਧਾਲੂ ਦਾ ਕਤਲ ਨਿੰਦਾਜਨਕ ਘਟਨਾ : ਅਸ਼ਵਨੀ ਸ਼ਰਮਾ
ਗੁਰਦਾਸਪੁਰ (ਸੱਚ ਕਹੂੰ ਨਿਊਜ਼)। ਕੋਟਕਪੂਰਾ ’ਚ ਸ਼ਰੇਆਮ ਗੋਲੀਆਂ ਮਾਰ ਕੇ ਮਾਰੇ ਗਏ ਡੇਰਾ ਪ੍ਰੇਮੀ ਦੀ ਹੱਤਿਆ ਦੀ ਨਿੰਦਿਆ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬਾ ਸਰਕਾਰ ਨਾਕਾਮੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਸੂਬੇ ’ਚ ਨਿਰਦੋਸ਼ਾਂ ਦੇ ਕਤਲ ਹੋ ਰਹੇ ਹਨ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜੇਕਰ ਕਿਸੇ ’ਤੇ ਦੋਸ਼ ਲੱਗਦਾ ਹੈ ਤਾਂ ਉਸ ਦਾ ਫ਼ੈਸਲਾ ਅਦਾਲਤ ਕਰਦੀ ਹੈ ਕਿ ਉਹ ਗੁਨਾਹਗਾਹਰ ਹੈ ਜਾਂ ਨਹੀਂ। ਇਸਦਾ ਇਹ ਮਤਲਬ ਨਹੀਂ ਕਿ ਕੋਈ ਵੀ ਸ਼ਰਾਰਤੀ ਅਨਸਰ ਹੱਥ ਵਿੱਚ ਪਿਸਤੌਲ ਫਡ ਕੇ ਖ਼ੁਦ ਹੀ ਜੱਜ ਬਣ ਜਾਵੇ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਪਤਾ ਚੱਲਦਾ ਹੈ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਫੇਲ੍ਹ ਹੋ ਚੁੱਕੀ ਹੈ ਅਤੇ ਸ਼ਰਾਰਤੀ ਅਨਸਰ ਲਗਾਤਾਰ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਰਹੇ ਹਨ। ਜਿਨ੍ਹਾਂ ਨੂੰ ਰੋਕਣ ਲਈ ਸਰਕਾਰ ਕੋਈ ਗੰਭੀਰ ਉਪਰਾਲੇ ਨਹੀਂ ਕਰ ਰਹੀ।
ਸਿੱਖ ਧਰਮ ਵਿੱਚ ਅਥਾਹ ਸ਼ਰਧਾ ਰੱਖਦਾ ਸੀ ਪ੍ਰਦੀਪ ਸਿੰਘ
ਉਨ੍ਹਾਂ ਇਲਜ਼ਾਮ ਲਗਾਇਆ ਕਿ ਜਦੋਂ ਤੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਕਈ ਪੰਜਾਬੀਆਂ ਨੂੰ ਆਪਣੀ ਜਾਨ ਗੁਆਉਣੀ ਪਈ ਹੈ। ਉਨ੍ਹਾਂ ਕਿਹਾ ਕਿ ਬਡੇ ਦੁੱਖ ਦੀ ਗੱਲ ਹੈ ਕਿ ਅਜਿਹੀਆਂ ਘਟਨਾਵਾਂ ਤੋਂ ਬਾਅਦ ਪੰਜਾਬ ਸਰਕਾਰ ਰਾਜ ਅੰਦਰ ਕਾਨੂੰਨ ਵਿਵਸਥਾ ਬਣਾਏ ਰੱਖਣ ਦੇ ਦਾਅਵੇ ਤਾਂ ਕਰਦੀ ਹੈ ਪਰ ਇਸਨੂੰ ਲਾਗੂ ਨਹੀਂ ਕਰ ਪਾਉਂਦੀ। ਜੋ ਸਰਕਾਰ ਦੀ ਨਾਕਾਮੀ ਦਾ ਵੱਡਾ ਸਬੂਤ ਹੈ। ਉਨ੍ਹਾਂ ਕਿਹਾ ਕਿ ਉਹ ਇਸ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕੋਟਕਪੂਰਾ ਵਾਲੀ ਘਟਨਾ ਦੀ ਡੂੰਘੀ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਏ।