ਵਿਜੀਲੈਂਸ ਬਿਊਰੋ ਵੱਲੋਂ ਐੱਸਐੱਚਓ ਰਿਸ਼ਵਤਖੋਰੀ ਦੇ ਕੇਸ ’ਚ ਗਿ੍ਰਫਤਾਰ
ਫਿਰੋਜਪੁਰ, (ਸਤਪਾਲ ਥਿੰਦ)। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਕੁਲਗੜ੍ਹੀ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਐੱਸਐੱਚਓ ਰੁਪਿੰਦਰਪਾਲ ਸਿੰਘ ਨੂੰ ਰਿਸ਼ਵਤਖੋਰੀ ਦੇ ਕੇਸ ’ਚ ਗਿ੍ਰਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗਗਨਦੀਪ ਸਿੰਘ ਵਾਸੀ ਪਿੰਡ ਕਾਸੂ ਬੇਗ, ਜ਼ਿਲ੍ਹਾ ਫਿਰੋਜ਼ਪੁਰ ਨੇ ਬਿਊਰੋ ਨੂੰ ਮੁੱਖ ਮੰਤਰੀ ਦੀ ਭਿ੍ਰਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਉਕਤ ਥਾਣੇਦਾਰ ਰੁਪਿੰਦਰਪਾਲ ਸਿੰਘ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੀ ਪੜਤਾਲ ਦੇ ਆਧਾਰ ’ਤੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ’ਤੇ ਸਬੂਤਾਂ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਪਿੰਡ ਦੇ ਵਾਸੀ ਮੇਜਰ ਸਿੰਘ ਅਤੇ ਉਸਦੇ ਬੇਟੇ ਖਿਲਾਫ਼ ਥਾਣਾ ਕੁਲਗੜ੍ਹੀ ਵਿੱਚ ਦਰਜ ਇੱਕ ਮੁਕੱਦਮੇ ਦੀ ਤਫਤੀਸ਼ ਉਕਤ ਮੁਲਜਮ ਐੱਸਐੱਚਓ ਵੱਲੋਂ ਕੀਤੀ ਜਾ ਰਹੀ ਸੀ ਤੇ ਉਸ ਨੇ ਇਸ ਮੁਕੱਦਮੇ ’ਚ ਉਨ੍ਹਾਂ ਦੀ ਮੱਦਦ ਕਰਨ ਤੇ ਪੁਲਿਸ ਕੇਸ ਨਾ ਦਰਜ ਕਰਨ ਬਦਲੇ 80,000 ਰੁਪਏ ਦੀ ਮੰਗ ਕੀਤੀ ਹੈ ਜਦਕਿ ਉਕਤ ਪੁਲਿਸ ਅਧਿਕਾਰੀ ਸ਼ਿਕਾਇਤਕਰਤਾ ਤੋਂ 70,000 ਰੁਪਏ ਰਿਸ਼ਵਤ ਵਜੋਂ ਪਹਿਲਾਂ ਹੀ ਲੈ ਚੁੱਕਾ ਹੈ। ਜਾਂਚ ਦੌਰਾਨ ਇਹ ਦੋਸ਼ ਸਹੀ ਪਾਏ ਜਾਣ ਉਤੇ ਉਕਤ ਪੁਲਿਸ ਮੁਲਾਜ਼ਮ ਦੇ ਖ਼ਿਲਾਫ਼ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ