ਮੁੱਖ ਮੰਤਰੀ ਮਾਨ ਦਾ ਫਰਮਾਨ : ਮੰਤਰੀ ਵਿਧਾਇਕ ਲਗਜ਼ਰੀ ਹੋਟਲਾਂ ’ਚ ਨਹੀਂ ਰਹਿਣਗੇ
ਚੰਡੀਗੜ੍ਹ। ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਆਈਪੀ ਕਲਚਰ ਨੂੰ ਰੋਕਣ ਲਈ ਨਵਾਂ ਹੁਕਮ ਜਾਰੀ ਕੀਤਾ ਹੈ। ਜਿਸ ਦੇ ਅਨੁਸਾਰ ਸੀਐਮ ਮਾਨ ਨੇ ਸਾਰੇ ਮੰਤਰੀਆਂ-ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਮਹਿੰਗੇ ਅਤੇ ਆਲੀਸ਼ਾਨ ਹੋਟਲਾਂ ਦੀ ਬਜਾਏ ਸਰਕਾਰੀ ਗੈਸਟ ਹਾਊਸਾਂ ਵਿੱਚ ਰਹਿਣ ਲਈ ਕਿਹਾ ਹੈ। ਇਸ ਹੁਕਮ ਤੋਂ ਬਾਅਦ ਜਿੱਥੇ ਵੀ.ਆਈ.ਪੀ ਕਲਚਰ ’ਤੇ ਰੋਕ ਲੱਗੇਗੀ, ਉੱਥੇ ਹੀ ਸੂਬਾ ਸਰਕਾਰ ਦੇ ਫੰਡਾਂ ਦਾ ਖਰਚਾ ਵੀ ਘੱਟ ਜਾਵੇਗਾ।
ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਮੰਤਰੀਆਂ ਅਤੇ ਅਫਸਰਾਂ ਦੇ ਠਹਿਰਨ ਲਈ ਸਰਕਟ ਹਾਊਸ ਸਮੇਤ ਹੋਰ ਸਰਕਾਰੀ ਗੈਸਟ ਹਾਊਸ ਬਣਾਏ ਗਏ ਹਨ। ਫਿਰ ਵੀ ਮੰਤਰੀ, ਵਿਧਾਇਕ ਅਤੇ ਅਧਿਕਾਰੀ ਨਿੱਜੀ ਹੋਟਲਾਂ ਵਿੱਚ ਠਹਿਰਦੇ ਹਨ। ਜਿਸ ਕਾਰਨ ਸਰਕਾਰੀ ਖਜ਼ਾਨੇ ’ਤੇ ਵਾਧੂ ਬੋਝ ਪੈ ਰਿਹਾ ਹੈ। ਸੀਐਮ ਮਾਨ ਨੇ ਕਿਹਾ ਹੈ ਕਿ ਜਦੋਂ ਵੀ ਕੋਈ ਮੰਤਰੀ, ਵਿਧਾਇਕ ਅਤੇ ਅਧਿਕਾਰੀ ਫੀਲਡ ਵਿੱਚ ਜਾਵੇਗਾ ਤਾਂ ਉਨ੍ਹਾਂ ਨੂੰ ਸਰਕਟ ਹਾਊਸ ਜਾਂ ਸਰਕਾਰੀ ਗੈਸਟ ਹਾਊਸ ਵਿੱਚ ਰਹਿਣਾ ਪਵੇਗਾ।
ਸਰਕਟ ਤੇ ਗੈਸਟ ਹਾਊਸ ਦਾ ਇਕੱਠਾ ਕੀਤਾ ਜਾ ਰਿਹਾ ਹੈ ਰਿਕਾਰਡ
ਮੁੱਖ ਮੰਤਰੀ ਦਫ਼ਤਰ ਦੀ ਤਰਫ਼ੋਂ ਦੇਸ਼ ਭਰ ਵਿੱਚ ਪੰਜਾਬ ਸਰਕਾਰ ਦੇ ਅਧੀਨ ਆਉਂਦੇ ਸਰਕਟ ਹਾਊਸਾਂ ਅਤੇ ਸਰਕਾਰੀ ਗੈਸਟ ਹਾਊਸਾਂ ਦਾ ਰਿਕਾਰਡ ਇਕੱਠਾ ਕੀਤਾ ਜਾ ਰਿਹਾ ਹੈ। ਇੰਨਾ ਹੀ ਨਹੀਂ ਸਰਕਟ ਹਾਊਸ ਅਤੇ ਗੈਸਟ ਹਾਊਸ ਦੀ ਮੁਰੰਮਤ ਦੇ ਵੀ ਆਦੇਸ਼ ਦਿੱਤੇ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ