ਲੁਧਿਆਣਾ। ਪੰਜਾਬ ਦੀ ਖੇਤੀ ਨੂੰ ਆਧੁਨਿਕ ਤਕਨੀਕਾਂ ਨਾਲ ਲੈਸ ਕਰਨ ਲਈ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਸਰਕਾਰ-ਕਿਸਾਨ ਮਿਲਣੀ ਕਰਵਾਈ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ (CM Mann) ਅੱਜ ਇੱਥੇ ਕਿਸਾਨਾਂ ਨੂੰ ਮਿਲਣ ਆ ਰਹੇ ਹਨ। ਇਸ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਨੂੰ ਆਧੁਨਿਕ ਤਕਨੀਕਾਂ ਨਾਲ ਲੈਸ ਕਰਨਾ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਖੇਤੀਬਾੜੀ ਨੂੰ ਆਰਥਿਕ ਮੰਦਹਾਲੀ ਵਿੱਚੋਂ ਕੱਢਣ ਲਈ ਕਿਸਾਨੀ ਨੂੰ ਮਜ਼ਬੂਤ ਕਰਨਾ ਲਾਜਮੀ ਹੈ।
ਉ੍ਹਨਾਂ ਕਿਹਾ ਕਿ ਉਹ ਅੱਜ ਕਿਸਾਨਾਂ ਨਾਲ ਮੀਟਿੰਗ ਕਰਨਗੇ ਅਤੇ ਗਰਾਊਂਡ ਜ਼ੀਰੋ ’ਤੇ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਕੀਤੀ ਜਾਵੇਗੀ। ਇਸ ਵਿੱਚ ਕਿਸਾਨਾਂ ਦੇ ਵਿਚਾਰ ਲਏ ਜਾਣਗੇ ਅਤੇ ਨਾਲ ਹੀ ਉਨ੍ਹਾਂ ਦੇ ਵਡਮੁੱਲੇ ਸੁਝਾਵਾਂ ਨੂੰ ਸਰਕਾਰ ਅਮਲ ਵਿੱਚ ਲਿਆਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਸਰਕਾਰ-ਕਿਸਾਨ ਮਿਲਣੀ ਕਰਵਾਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਦਾ ਇਹ ਵੀ ਮੰਨਣਾ ਹੈ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਕਿਸਾਨਾਂ ਨਾਲ ਇਸ ਤਰ੍ਹਾਂ ਮਿਲਣੀ ਕਰਕੇ ਉਨ੍ਹਾਂ ਦੇ ਕੀਮਤੀ ਸੁਝਾਅ ਲੈਣ ਦੀ ਕੋਸ਼ਿਸ਼ ਨਹੀਂ ਕੀਤੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵੰਲੋੀ ਗਰਾਊਂਡ ਜ਼ੀਰੋ ’ਤੇ ਜਾ ਕੇ ਕਿਸਾਨਾਂ ਦੇ ਸੁਝਾਅ ਲੈਣ ਦਾ ਫ਼ੈਸਲਾ ਇਤਿਹਾਸਿਕ ਕਦਮ ਹੈ। (CM Mann)
ਜ਼ਿਕਰਯੋਗ ਹੈ ਕਿ ਪੰਜਾਬ ਦੀ ਕਿਸਾਨੀ ਕਰਜ਼ੇ ਹੇਠ ਦਬਦੀ ਜਾ ਰਹੀ ਹੈ। ਪਿਛਲੇ ਲੰਮੇ ਸਮੇਂ ਤੋਂ ਕਿਸਾਨ ਖੁਦਕੁਸ਼ੀਆਂ ਦਾ ਰਾਹ ਚੁਣ ਰਹੇ ਹਨ। ਕਿਸਾਨਾਂ ਨੂੰ ਇਸ ਮੰਦੀ ਦੀ ਮਾਰ ਵਿੱਚੋਂ ਕੱਢਣ ਤੇ ਖੁਸ਼ਹਾਲ ਬਣਾਉਣ ਲਈ ਸਰਕਾਰਾਂ ਨੂੰ ਉੱਤਮ ਤਕਨੀਕਾਂ ਦੀ ਕਾਢ ਕਰਨੀ ਹੀ ਪਵੇਗੀ।