ਡਿਊਟੀ ਦੌਰਾਨ ਹੋਮਗਾਰਡ ਮੁਲਾਜ਼ਮਾਂ ਦੀ ਹੋਈ ਮੌਤ ‘ਤੇ ਪਰਿਵਾਰਿਕ ਮੈਂਬਰਾਂ ਵੱਲੋਂ ਨੌਕਰੀ ਦੀ ਮੰਗ

Guard Employees

ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਵਿੱਚ ਹੋਮਗਾਰਡ ਦੀ ਡਿਊਟੀ ਸਮੇਂ ਮੌਤ ਹੋਣ ਵਾਲੇ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਤਰਸ ਦੇ ਅਧਾਰ ਉੱਤੇ ਨੌਕਰੀ ਦੀ ਮੰਗ ਕੀਤੀ। ਸ਼ੁੱਕਰਵਾਰ ਨੂੰ ਮੋਹਾਲੀ ਪ੍ਰੈਸ ਕਲੱਬ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਹੋਮਗਾਰਡ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ , ਪ੍ਰੈਸ ਸਕੱਤਰ ਅਮਰਜੀਤ ਸਿੰਘ, ਖਜਾਨਚੀ ਅਮਨਦੀਪ ਸਿੰਘ ਨੇ ਕਿਹਾ ਕਿ ਸਾਡੇ ਪਿਓ ਦੀ ਡਿਊਟੀ ਦੌਰਾਨ ਮੌਤ ਹੋ ਗਈ ਸੀ।

ਉਨ੍ਹਾਂ ਦੱਸਿਆ ਕਿ ਪੰਜਾਬ ਹੋਮਗਾਰਡ ਵਿਚ ਡਿਊਟੀ ਦੌਰਾਨ ਸਾਲ 2007 ਤੋਂ ਸਾਲ 2012 ਤੱਕ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਤਰਸ ਦੇ ਅਧਾਰ ਉੱਤੇ ਪੰਜਾਬ ਸਰਕਾਰ ਦੁਆਰਾ ਨੌਕਰੀ ਦਿੱਤੀ ਗਈ, ਪਰੰਤੂ ਸਾਲ 2007 ਤੋਂ ਪਹਿਲਾਂ ਕਿਸੇ ਪਰਿਵਾਰਿਕ ਮੈਂਬਰ ਨੂੰ ਤਰਸ ਦੇ ਅਧਾਰ ਉੱਤੇ ਨੌਕਰੀ ਨਹੀਂ ਦਿੱਤੀ ਗਈ ਅਤੇ ਨਾ ਹੀ ਕੋਈ ਮ੍ਰਿਤਕ ਪਰਿਵਾਰ ਨੂੰ ਸਹਾਰੇ ਲਈ ਪੈਨਸ਼ਨ ਵਰਗੀ ਸਹੂਲਤ ਦਿੱਤੀ ਗਈ।

ਉਹਨਾਂ ਦੱਸਿਆ ਕਿ ਸਾਡੇ ਪਿਤਾ ਸਹਿਬਾਨਾਂ ਨੇ ਅੱਤਵਾਦ ਦੇ ਸਮੇਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਈ ਸੀ ਅਤੇ ਉਨ੍ਹਾਂ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਕੋਈ ਲਾਭ ਜਾਂ ਮਾਲੀ ਸਹਾਇਤਾ ਨਹੀਂ ਦਿੱਤੀ ਗਈ। ਉਹਨਾਂ ਕਿਹਾ ਕਿ ਅਸੀਂ ਪਿਛਲੇ ਲੰਮੇ ਸਮੇਂ ਤੋਂ ਸਰਕਾਰਾਂ ਤੋਂ ਮੰਗ ਕਰਦੇ ਆ ਰਹੇ ਹਾਂ ਪਰ ਕਿਸੇ ਨੇ ਸਾਡੀ ਮੰਗ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਮੌਜੂਦਾ ਸਰਕਾਰ ਦੇ ਮਾਨਯੋਗ ਐਮ ਐਲ ਏ ਅਤੇ ਮੰਤਰੀ ਸਾਹਿਬਾਨਾਂ ਨੂੰ ਵੀ ਇਸ ਸਬੰਧੀ ਮੰਗ ਪੱਤਰ ਦੇ ਚੁੱਕੇ ਹਾਂ।

ਆਗੂਆਂ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਦੇ ਓਐਸਡੀ ਦੇ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਦਿੱਤਾ

ਇਸ ਤੋਂ ਇਲਾਵਾ ਅਸੀਂ ਪੁਲਿਸ ਦੇ ਉੱਚ ਅਧਿਕਾਰੀ (ਡੀਜੀਪੀ ਪੰਜਾਬ (ਹੋਮ ਗਾਰਡਜ਼)) ਨੂੰ ਪੱਤਰ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਦੇ ਓਐਸਡੀ ਦੇ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਦਿੱਤਾ ਸੀ। ਉਹਨਾਂ ਇਹ ਵੀ ਕਿਹਾ ਕਿ ਅਸੀਂ ਮੁੱਖ ਮੰਤਰੀ ਤੋਂ ਮੀਟਿੰਗ ਦਾ ਸਮਾਂ ਮੰਗਿਆ ਸੀ ਪਰ ਅਜੇ ਤੱਕ ਸਾਡੀ ਮੰਗ ਨਹੀਂ ਮੰਨੀ ਗਈ ਅਤੇ ਨਾ ਹੀ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਮਿਲਿਆ। ਉਨ੍ਹਾਂ ਮੰਗ ਕੀਤੀ ਕਿ ਤਰਸ ਦੇ ਅਧਾਰ ਉੱਤੇ ਉਨ੍ਹਾਂ ਨੂੰ ਨੌਕਰੀ ਦਿੱਤੀ ਜਾਵੇ ਅਤੇ ਬਣਦੀਆਂ ਹੋਰ ਸਹੂਲਤਾਂ ਵੀ ਦਿੱਤੀਆਂ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ 20 ਦਿਨਾਂ ਵਿਚ ਉਨ੍ਹਾਂ ਦੀ ਮੰਗ ਪੂਰੀ ਨਾ ਹੋਈ ਤਾਂ ਉਹ ਪਰਿਵਾਰ ਦੇ ਮੈਂਬਰਾਂ ਸਮੇਤ ਭੁੱਖ ਹੜਤਾਲ ਕਰਨਗੇ। ਇਸ ਮੌਕੇ ਵਿੱਕੀ ਰਾਮ, ਦਿਲਬਾਗ ਸਿੰਘ ਆਦਿ ਵੀ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here