ਬਜਟ ਸੈਸ਼ਨ ਦੀ ਮਨਜ਼ੂਰੀ ਲੈਣ ਲਈ ਮਾਨ ਸਰਕਾਰ ਪਹੁੰਚੀ ਸੁਪਰੀਮ ਕੋਰਟ

Supreme Court

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਬਜ਼ਟ ਸੈਸ਼ਨ ਦੀ ਮਨਜ਼ੂਰੀ ਨੇ ਦੇਣ ਤੋਂ ਬਾਅਦ ਮਾਨ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜਾ ਖਡ਼੍ਹਕਾਇਆ ਹੈ। ਦੱਸ ਦੇਈਏ ਕਿ ਰਾਜਪਾਲ ਨੇ ਪੰਜਾਬ ਸਰਕਾਰ ਨੂੰ ਬਜਟ ਸੈਸ਼ਨ ਦੀ ਮਨਜ਼ੂਰੀ ਨਹੀਂ ਦਿੱਤੀ ਸੀ। ਜਿਸ ਦੇ ਖਿਲਾਫ ਸੀਐਮ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਟੀਸ਼ਨ ਦਾਇਰ ਕੀਤੀ ਹੈ। ਰਾਜਪਾਲ  ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਵਾਲਾਂ ਦੇ ਜਵਾਬਾਂ ‘ਤੇ ਇਤਰਾਜ਼ ਜਤਾਇਆ ਸੀ ਅਤੇ ਕਿਹਾ ਸੀ ਕਿ ਉਹ ਇਸ ਸਬੰਧੀ ਕਾਨੂੰਨੀ ਸਲਾਹ ਲੈਣਗੇ ਜਿਸ ਤੋਂ ਬਾਅਦ ਕੋਈ ਫੈਸਲਾ ਲਿਆ ਜਾਵੇਗਾ।

ਭਗਵੰਤ ਮਾਨ ਨੇ ਕੀਤਾ ਟਵੀਟ

 

ਰਾਜਪਾਲ ਵੱਲੋਂ ਮੁੱਖ ਮੰਤਰੀ ਨੂੰ ਲਿਖੀ ਸੀ ਚਿੱਠੀ

ਮਾਰਚ ਦੇ ਪਹਿਲੇ ਹਫਤੇ ਤੋਂ ਸ਼ੁਰੂ ਹੋਣ ਜਾ ਰਹੇ ਬਜਟ ਇਜਲਾਸ ਦੀ ਮਨਜ਼ੂਰੀ ਲੈਣ ਲਈ ਮੁੱਖ ਮੰਤਰੀ ਵੱਲੋਂ ਭੇਜੇ ਗਏ ਲੈਟਰ ਦਾ ਜਵਾਬ ਦਿੰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਜਲਾਸ ਨੂੰ ਪ੍ਰਵਾਨਗੀ ਨਹੀਂ ਦਿੱਤੀ। ਉਨਾਂ ਲੈਟਰ ’ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਗਏ ਜਵਾਬਾਂ ਦੀ ਕਾਪੀ ਨਾਲ ਅਟੈਚ ਕੀਤੀ ਹੈ। ਲੈਟਰ ਵਿਚ ਲਿਖਿਆ ਹੈ ਕਿ ਉਹ ਮੁੱਖ ਮੰਤਰੀ ਦੇ ਜਵਾਬਾਂ ਤੋਂ ਸੰਤੁਸ਼ਟ ਨਹੀਂ ਹਨ। ਉਨ੍ਹਾਂ ਲਿਖਿਆ ਕਿ ਮੁੱਖ ਮੰਤਰੀ ਵੱਲੋਂ ਕੀਤਾ ਗਿਆ ਟਵੀਟ ਅਤੇ ਪੱਤਰ ਗੈਰ ਸੰਵਿਧਾਨਕ ਹੈ। ਇਸ ਸਬੰਧੀ ਉਹ ਕਾਨੂੰਨੀ ਦੀ ਸਲਾਹ ਲੈਣਗੇ। ਇਸ ਤੋਂ ਬਾਅਦ ਹੀ ਇਜਲਾਸ ਸਬੰਧੀ ਕੋਈ ਫੈਸਲਾ ਲਿਆ ਜਾਵੇਗਾ। 3 ਮਾਰਚ ਤੋਂ ਪੰਜਾਬ ਵਿਧਾਨ ਸਭਾ ਦੇ ਇਜਲਾਸ ਨੂੰ ਸੈ ਕੇ ਸਸਪੈਂਸ ਬਣਿਆ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਇਜਲਾਸ ਸਬੰਧੀ ਹਾਲੇ ਤੱਕ ਰਾਜਪਾਲ ਵੱਲੋਂ ਮਨਜ਼ੂਰੀ ਨਹੀਂ ਮਿਲੀ ਹੈ।

 

ਕੀ ਹੈ ਮਾਮਲਾ

ਜਿਕਰਯੋਗ ਹੈ ਕਿ ਰਾਜਪਾਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਕੁਝ ਸਵਾਲ ਪੁੱਛੇ ਸਨ, ਜਿਸ ਦੇ ਲਈ ਉਨਾਂ ਮੁੱਖ ਮੰਤਰੀ ਮਾਨ ਨੂੰ 15 ਦਿਨਾਂ ਦਾ ਸਮਾਂ ਦਿੱਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਦੀ ਚਿੱਠੀ ਦਾ ਜਵਾਬ ਨਾਲ ਦੇ ਨਾਲ ਹੀ ਦੇ ਦਿੱਤਾ। ਮੁੱਖ ਮੰਤਰੀ ਨੇ ਇੱਕ ਪੱਤਰ ਲਿਖ ਕੇ ਰਾਜਪਾਲ ਦੇ ਸਵਾਲਾਂ ਦਾ ਜਵਾਬ ਦਿੱਤਾ ਹੈ। ਮੁੱਖ ਮੰਤਰੀ ਨੇ ਲ਼ਿਖਿਆ ਕਿ ਆਪ ਜੀ ਦੀ ਚਿੱਠੀ ’ਚ ਜਿੰਨੇ ਵੀ ਵਿਸ਼ੇ ਲਿਖੇ ਗਏ ਹਨ ਉਹ ਸਾਰੇ ਰਾਜ ਸਰਕਾਰ ਦੇ ਵਿਸ਼ੇ ਹਨ।  ਇਸ ਸਬੰਧ ਵਿਚ ਮੈਂ ਸਪੱਸ਼ਟ ਕਰਨਾ ਚਹਾਂਗਾ ਕਿ ਭਾਰਤੀ ਸੰਵਿਧਾਨ ਅਨੁਸਾਰ ਮੈਂ ਅਤੇ ਮੇਰੀ ਸਰਕਾਰ 3 ਕਰੋਡ਼ ਪੰਜਾਬੀਆਂ ਨੂੰ ਜਵਾਬ ਦੇਹ ਹੈ। ਭਗਵੰਤ ਮਾਨ ਨੇ ਕਿਹਾ ਕਿ ਤੁਸੀਂ ਪੁੱਛਿਆ ਕਿ ਸਿੰਗਾਪੁਰ ਭੇਜੇ ਗਏ ਪ੍ਰਿੰਸੀਪਲਾਂ ਦੀ ਚੋਣ ਕਿਸ ਆਧਾਰ ’ਤੇ ਕੀਤੀ ਗਈ ਸੀ।

ਮਾਨ ਨੇ ਨੇ ਕਿਹਾ ਕਿ ਪੰਜਾਬ ਦੇ ਵਾਸੀ ਇਹ ਪੁੱਛਣਾ ਚਾਹੁੰਦੇ ਹਨ ਕਿ ਭਾਰਤੀ ਸੰਵਿਧਾਨ ਕਿਸੇ ਸਪੱਸ਼ਟ ਯੋਗਤਾ ਦੀ ਅਣਹੋਂਦ ਵਿਚ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਰਾਜਾਂ ਵਿਚ ਰਾਜਪਾਲ ਕਿਸ ਆਧਾਰ ’ਤੇ ਚੁਣੇ ਜਾਂਦੇ ਹਨ। ਕਿਰਪਾ ਕਰਕੇ ਇਹ ਦੱਸ ਕੇ ਪੰਜਾਬੀਆਂ ਦੀ ਜਾਣਕਾਰੀ ਵਿਚ ਵਾਧਾ ਕੀਤਾ ਜਾਵੇ।

ਜਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਪੱਛਿਆ ਸੀ ਕਿ ਸਿੰਗਾਪੁਰ ਭੇਜੇ ਅਧਿਆਪਕਾਂ ਨੂੰ ਕਿਵੇਂ ਕੀਤਾ ਗਿਆ ਸਿਲੈਕਟ, 15 ਦਿਨਾਂ ’ਚ ਦਿਓ ਜਵਾਬ। ਇਸ ਦੇ ਕੁਝ ਚਿਰ ਬਾਅਦ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਵਾਬ ਦਿੱਤਾ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ