ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵੀ ਬੁੱਧਵਾਰ ਨੂੰ ਕੀਤੀ ਗਈ ਅਮਿਤ ਸ਼ਾਹ ਨਾਲ ਮੁਲਾਕਾਤ
ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਲਗਾਤਾਰ ਹੋ ਰਹੀਆਂ ਘਟਨਾਵਾਂ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਕੇਂਦਰ ਸਰਕਾਰ ਕਾਫ਼ੀ ਚਿੰਤਤ ਨਜ਼ਰ ਆ ਰਹੀ ਹੈ। ਕੇਂਦਰ ਸਰਕਾਰ ਵੱਲੋਂ ਆਪਣੀ ਖੁਫੀਆ ਏਜੰਸੀਆਂ ਰਾਹੀਂ ਵੀ ਪੰਜਾਬ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਵੀਰਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਬੁੱਧਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਸਾਰੀ ਸਥਿਤੀ ਤੋਂ ਜਾਣੰੂ ਕਰਵਾਇਆ ਹੈ। (Amit Shah and Bhaghwant Mann)
ਅਜਨਾਲਾ ਵਿੱਚ ਪੁਲਿਸ ਥਾਣੇ ’ਤੇ ਕਬਜ਼ਾ ਕਰਨ ਦੀ ਘਟਨਾ ਤੋਂ ਬਾਅਦ ਲਗਾਤਾਰ ਕੇਂਦਰ ਸਰਕਾਰ ਪੰਜਾਬ ’ਤੇ ਨਜ਼ਰ ਰੱਖ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਏਜੰਸੀਆਂ ਦੀ ਰਿਪੋਰਟ ਤੋਂ ਬਾਅਦ ਕੇਂਦਰੀ ਗ੍ਰਹਿ ਵਿਭਾਗ ਵੱਲੋਂ ਪੰਜਾਬ ਤੋਂ ਵੀ ਰਿਪੋਰਟ ਮੰਗੀ ਹੈ। ਜਾਣਕਾਰੀ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਸਥਿਤੀ ਕਾਫ਼ੀ ਜ਼ਿਆਦਾ ਨਾਜ਼ੁਕ ਬਣੀ ਹੋਈ ਹੈ। ਅਜਨਾਲਾ ਘਟਨਾ ਤੋਂ ਬਾਅਦ ਪੰਜਾਬ ਵਿੱਚ ਕੁਝ ਕਤਲ ਵੀ ਹੋਏ ਹਨ, ਜਿਸ ਕਾਰਨ ਕੇਂਦਰੀ ਗ੍ਰਹਿ ਵਿਭਾਗ ਵੱਲੋਂ ਲਗਾਤਾਰ ਪੰਜਾਬ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਕਾਨੂੰਨ ਪ੍ਰਬੰਧ ਦੇ ਮਾਮਲੇ ਵਿੱਚ ਸਾਰਾ ਕੁਝ ਠੀਕ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਕੇਂਦਰੀ ਖੂੁਫੀਆ ਏਜੰਸੀਆਂ ਵੱਲੋਂ ਇਸ ਦੇ ਉਲਟ ਕੇਂਦਰ ਸਰਕਾਰ ਨੂੰ ਰਿਪੋਰਟ ਸੌਂਪੀ ਜਾ ਰਹੀ ਹੈ।