ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿਧਾਨ ਸਭਾ ਦੇ ਬਜ਼ਟ ਇਜਲਾਸ (Punjab Vidhan Sabha budget session) ਦਾ ਅੱਜ ਦੂਜਾ ਦਿਨ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿੱਖੀ ਬਹਿਸ ਤੋਂ ਬਾਅਦ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਕਦਨ ਦੀ ਕਰਵਾਈ 2:30 ਵਜੇ ਤੱਕ ਮੁਲਤਵੀ ਕਰ ਦਿੱਤੀ ਹੈ। ਦੱਸ ਦਈਏ ਕਿ ਅੱਜ ਦੇ ਬਜ਼ਟ ਇਜਲਾਸ ਦੌਰਾਨ ਸੱਤਾਧਾਰੀ ਪਾਰਟੀ ਤੇ ਵਿਰੋਧੀ ਧਿਰਾਂ ਵਿਚਾਲੇ ਬਹੁਤ ਹੰਗਾਮਾ ਹੋਇਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਵਿਜੀਲੈਂਸ ਵੱਲੋਂ ਪੰਜਾਬ ’ਚ ਭਿ੍ਰਸ਼ਟਾਚਾਰ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ’ਤੇ ਸਵਾਲ ਚੁੱਕੇ, ਜਿਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਭੜਕ ਗਏ ਅਤੇ ਦੋਵਾਂ ਪਾਰਟੀਆਂ ਵਿਚਾਲੇ ਬਹਿਸ ਹੋ ਗਈ।
ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਦੀ ਕਾਨੂੰਨੀ ਵਿਵਸਥਾ ਬਾਰੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਅਜਨਾਲਾ ਹਿੰਸਾ, ਗੋਇੰਦਵਾਲ ਜੇਲ੍ਹ ਗੈਂਗਵਾਰ, ਜੇਲ੍ਹ ਦੀ ਵਾਇਰਲ ਵੀਡੀਓ ਅਤੇ ਸੂਬੇ ਦੀਆਂ ਜੇਲ੍ਹਾਂ ਦੀ ਮੌਜ਼ੂਦਾ ਸਥਿਤੀ ਨੂੰ ਲੈ ਕੇ ਵੀ ਮਾਨ ਸਰਕਾਰ ’ਤੇ ਕਈ ਸਵਾਲ ਖੜ੍ਹੇ ਕੀਤੇ ਹਨ।