ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ (Ashwini Sharma) ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਆਲ ਪਾਰਟੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਹੈ। ਭਾਜਪਾ ਪ੍ਰਧਾਨ ਵੱਲੋਂ ਪੰਜਾਬ ਦੇ ਮੌਜ਼ੂਦਾ ਹਾਲਾਤ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੂੰ ਤੁਰੰਤ ਆਲ ਪਾਰਟੀ ਮੀਟਿੰਗ ਬੁਲਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਹੈ ਕਿ ਅੱਜ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਡਾਵਾਂਡੋਲ ਹੋ ਚੁੱਕੀ ਹੈ, ਲਿਹਾਜਾ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਸੂਬੇ ਅੰਦਰ ਕਾਨੂੰਨ ਵਿਵਸਥਾ ਕਾਇਮ ਰੱਖਣਾ ਤੁਹਾਡੀ ਜ਼ਿੰਮੇਵਾਰੀ ਬਣਦੀ ਹੈ।
ਪੰਜਾਬ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਕਤਲ, ਡਕੈਤੀ, ਜ਼ਬਰਨ ਵਸੂਲੀ ਅਤੇ ਫਿਰੌਤੀ ਦੀਆਂ ਘਟਨਾਵਾਂ ਰੋਜ਼ਾਨਾ ਵੱਡੇ ਪੱਧਰ ’ਤੇ ਵਾਪਰ ਰਹੀਆਂ ਹਨ। ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ, ਕਬੱਡੀ ਖਿਡਾਰੀ ਸੰਦੀਪ ਨੰਗਰ ਅੰਬੀਆਂ, ਸ਼ਿਵਸੈਨਾ ਨੇਤਾ ਸੁਧੀਰ ਸੂਰੀ, ਨਕੋਦਰ ਕੱਪੜਾ ਵਪਾਰੀ ਸਮੇਤ ਸੈਂਕੜੇ ਪੰਜਾਬੀ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਜ਼ੇਲ੍ਹਾਂ ਵਿੱਚ ਗੈਂਗਸਟਰ ਆਪਸ ਵਿੱਚ ਜਾਨਲੇਵਾ ਜੰਗ ਲੜ ਰਹੇ ਹਨ। ਹਾਲਾਤ ਇੰਨੇ ਖ਼ਰਾਬ ਹਨ ਕਿ ਪੰਜਾਬ ਪੁਲਿਸ ਦੇ ਦਫ਼ਤਰਾਂ ’ਤੇ ਆਰਪੀਜੀ ਹਮਲੇ ਹੋ ਰਹੇ ਹਨ। ਅੱਤਵਾਦੀ ਤਾਕਤਾਂ ਸਿਰ ਚੁੱਕ ਰਹੀਆਂ ਹਨ।
ਅਸ਼ਵਨੀ ਸ਼ਰਮਾ (Ashwini Sharma) ਨੇ ਕਿਹਾ ਕਿ ਜੇ ਸਰਕਾਰ ਸਖ਼ਤ ਰੁਖ ਅਖਤਿਆਰ ਕਰਦੀ ਹੈ ਤਾਂ ਭਾਜਪਾ ਪੂਰੀ ਤਰ੍ਹਾਂ ਸਰਕਾਰ ਦਾ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿਇਨ੍ਹਾਂ ਗੰਭੀਰ ਮੁੱਦਿਆਂ ’ਤੇ ਚਰਚਾ ਲਈ ਸਰਕਾਰ ਨੂੰ ਆਲ ਪਾਰਟੀ ਮੀਟਿੰਗ ਸੱਦਣੀ ਚਾਹੀਦੀ ਹੈ ਤਾਂ ਜੋ ਪੰਜਾਬ ਵਿੱਚ ਅਮਨ ਕਾਨੂੰਨ ਵਿਵਸਥਾ ਕਾਇਮ ਕਰਨ ਲਈ ਵਿਚਾਰ ਕੀਤਾ ਜਾ ਸਕੇ।