ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਲਿਆ ਅਹਿਦ
- ਕਿਹਾ, ਰਾਜਪਾਲ ਦਾ ਇਹ ਭਾਸ਼ਣ ਆਉਣ ਵਾਲੇ ਸਮੇਂ ਵਿੱਚ ਸੂਬੇ ’ਚ ਵੱਡੀ ਪੱਧਰ ’ਤੇ ਹੋਣ ਵਾਲੇ ਵਿਕਾਸ ਦਾ ਮਹਿਜ਼ ਇੱਕ ਝਲਕਾਰਾ
(ਅਸ਼ਵਨੀ ਚਾਵਲਾ) ਚੰਡੀਗੜ। ਸੂਬੇ ਦੀ ਪੁਰਾਤਨ ਸ਼ਾਨ ਬਹਾਲੀ ਲਈ ਆਪਣੀ ਸਰਕਾਰ ਦੀ ਦ੍ਰਿਡ਼ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਅੱਜ ਕਿਹਾ ਕਿ ਉਨਾਂ ਦੇ ਖ਼ੂਨ ਦਾ ਹਰ ਕਤਰਾ ਸੂਬੇ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਸਮਰਪਿਤ ਹੈ। ਇੱਥੇ ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ’ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਪਹਿਲੀ ਵਾਰ ਸੂਬੇ ਦੀ ਸੱਤਾ ਉਨਾਂ ਲੋਕ ਆਗੂਆਂ ਨੂੰ ਸੌਂਪੀ ਗਈ ਹੈ, ਜੋ ਲੋਕਾਂ ਦੀ ਭਲਾਈ ਲਈ ਵਚਨਬੱਧ ਹਨ। ਉਨਾਂ ਅਫ਼ਸੋਸ ਪ੍ਰਗਟਾਇਆ ਕਿ ਪਹਿਲਾਂ ਇਹ ਵਾਗਡੋਰ ਅਜਿਹੇ ਲੋਕਾਂ ਦੇ ਹੱਥਾਂ ਵਿੱਚ ਸੀ, ਜੋ ਸੂਬੇ ਨੂੰ ਲੁੱਟਣ ਵਿੱਚ ਅੰਗਰੇਜ਼ਾਂ ਤੋਂ ਵੀ ਅੱਗੇ ਨਿਕਲ ਗਏ। ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਹਰ ਪੰਜਾਬੀ ਅਤੇ ਸੂਬੇ ਦੇ ਸਾਰੇ ਨਾਗਰਿਕਾਂ ਦੀ ਸਰਕਾਰ ਹੈ ਅਤੇ ਸੂਬੇ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਸਰਕਾਰ ਪੰਜਾਬ ਨੂੰ ਹਰ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੂਰੇ ਜੋਸ਼ੋ-ਖ਼ਰੋਸ਼ ਨਾਲ ਕੰਮ ਕਰ ਰਹੀ ਹੈ : Bhagwant Maan
ਮੁੱਖ ਮੰਤਰੀ (Bhagwant Maan) ਨੇ ਕਿਹਾ ਕਿ ਰਾਜਪਾਲ ਦਾ ਇਸ ਸਾਲ ਦਾ ਭਾਸ਼ਣ ਆਉਣ ਵਾਲੇ ਸਮੇਂ ਵਿੱਚ ਸੂਬੇ ਵਿੱਚ ਹੋਣ ਵਾਲੇ ਵੱਡੇ ਵਿਕਾਸ ਦਾ ਮਹਿਜ਼ ਇੱਕ ਝਲਕਾਰਾ ਹੈ। ਉਨਾਂ ਕਿਹਾ ਕਿ ਪੰਜਾਬ ਹਰ ਖੇਤਰ ਵਿੱਚ ਸਰਬਪੱਖੀ ਤਰੱਕੀ ਤੇ ਖ਼ੁਸ਼ਹਾਲ ਦਾ ਗਵਾਹ ਬਣ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਜਾਰੀ ਰਹੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨਾਂ ਦੀ ਸਰਕਾਰ ਪੰਜਾਬ ਨੂੰ ਹਰ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੂਰੇ ਜੋਸ਼ੋ-ਖ਼ਰੋਸ਼ ਨਾਲ ਕੰਮ ਕਰ ਰਹੀ ਹੈ।
ਆਪਣੀ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਬਿਜਲੀ ਦੇ ਲੰਮੇ ਕੱਟ ਲੱਗਣੇ ਪੁਰਾਣੇ ਸਮੇਂ ਦੀ ਗੱਲ ਹੋ ਗਈ ਹੈ ਕਿਉਂਕਿ ਪੰਜਾਬ ਹੁਣ ਬਿਜਲੀ ਸਰਪਲੱਸ ਸੂਬਾ ਬਣ ਗਿਆ ਹੈ। ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਬਿਜਲੀ ਉਤਪਾਦਨ ਵਿੱਚ 83 ਫ਼ੀਸਦ ਵਾਧਾ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਕੀਤੇ ਗਏ ਅਣਥੱਕ ਯਤਨਾਂ ਸਦਕਾ ਪਛਵਾੜਾ ਕੋਲਾ ਖਾਣ ਤੋਂ ਬਿਜਲੀ ਉਤਪਾਦਨ ਲਈ ਕੋਲੇ ਦੀ ਸਪਲਾਈ ਲੰਬੇ ਸਮੇਂ ਬਾਅਦ ਮੁੜ ਸ਼ੁਰੂ ਹੋਈ ਹੈ।
87 ਫ਼ੀਸਦ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਏ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ 1 ਜੁਲਾਈ ਤੋਂ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਰੰਟੀ ਪੂਰੀ ਕਰ ਦਿੱਤੀ ਹੈ। ਉਨਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਨਵੰਬਰ-ਦਸੰਬਰ, 2022 ਦੇ ਮਹੀਨਿਆਂ ਦੌਰਾਨ ਸੂਬੇ ਦੇ 87 ਫ਼ੀਸਦ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਏ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਆਮ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਚੰਗੀ ਤਰਾਂ ਜਾਣਦੇ ਹਨ ਕਿ ਸੂਬੇ ਦੇ ਲੋਕਾਂ ਨੂੰ ਕਿਹੜੀਆਂ ਮੁਸ਼ਕਲਾਂ ਦਰਪੇਸ਼ ਆਉਂਦੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਕੇਂਦਰ ਸਰਕਾਰ ਮਹਾਨਦੀ ਕੋਲਫੀਲਡਜ਼ ਲਿਮਟਿਡ (ਐਮ.ਸੀ.ਐਲ.) ਤੋਂ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀ.ਐਸ.ਪੀ.ਐਲ.) ਨੂੰ ਕੋਲੇ ਦੀ ਸਪਲਾਈ ਲਈ ਲਾਜ਼ਮੀ ਆਰ.ਐਸ.ਆਰ. (ਰੇਲ-ਸਮੁੰਦਰ-ਰੇਲ) ਸ਼ਰਤ ਨੂੰ ਹਟਾਉਣ ਲਈ ਸਹਿਮਤ ਹੋ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਬਿਜਲੀ ਮੰਤਰੀ ਨਾਲ ਮੀਟਿੰਗ ਦੌਰਾਨ ਇਹ ਮੁੱਦਾ ਉਠਾਇਆ ਸੀ, ਜਿਸ ਤੋਂ ਬਾਅਦ ਇਸ ਸਬੰਧੀ ਫੈਸਲਾ ਲਿਆ ਗਿਆ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰਾਂ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ। ਉਨਾਂ ਕਿਹਾ ਕਿ ਉਦਯੋਗਪਤੀ ਸੂਬੇ ਵਿੱਚ ਨਿਵੇਸ਼ ਕਰਨ ਲਈ ਪੂਰੀ ਉਤਸੁਕਤਾ ਦਿਖਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਵੱਡੀ ਪੱਧਰ ’ਤੇ ਵਿਕਾਸ ਹੋਵੇਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।
ਭ੍ਰਿਸ਼ਟ ਆਗੂਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ
ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨੇ ਭਿ੍ਰਸ਼ਟਾਚਾਰ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਸੂਬੇ ਨਾਲ ਦਗ਼ਾ ਕਮਾਉਣ ਵਾਲੇ ਆਗੂਆਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨਾਂ ਕਿਹਾ ਕਿ ਸੂਬੇ ਨੂੰ ਬੇਰਹਿਮੀ ਨਾਲ ਲੁੱਟਣ ਅਤੇ ਬਰਬਾਦ ਕਰਨ ਵਾਲੇ ਇਨਾਂ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਤੋਂ ਉਨਾਂ ਨੂੰ ਕੋਈ ਨਹੀਂ ਰੋਕ ਸਕਦਾ। ਭਗਵੰਤ ਮਾਨ ਨੇ ਸਦਨ ਨੂੰ ਭਰੋਸਾ ਦਿਵਾਇਆ ਕਿ ਭ੍ਰਿਸ਼ਟ ਆਗੂਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਤੋਂ ਉਨਾਂ ਨੂੰ ਕੋਈ ਨਹੀਂ ਰੋਕ ਸਕਦਾ ਅਤੇ ਅਜਿਹੇ ਆਗੂਆਂ ਵਿਰੁੱਧ ਕਾਰਵਾਈ ਹਰ ਹਾਲੇ ਜਾਰੀ ਰਹੇਗੀ।
ਕਿਸੇ ਵੀ ਗ਼ੈਰ-ਕਾਨੂੰਨੀ ਕਾਲੋਨੀ ਨੂੰ ਵਿਕਸਿਤ ਨਹੀਂ ਹੋਣ ਦਿੱਤਾ ਜਾਵੇਗਾ
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਨਾਂ ਦੀ ਸਰਕਾਰ ਨੇ ਪਹਿਲਾਂ ਹੀ ਸੂਬੇ ਦੇ 5000 ਪਿੰਡਾਂ ਨੂੰ ਜਾਇਦਾਦ ਦੀ ਰਜਿਸਟਰੇਸ਼ਨ ਕਰਵਾਉਣ ਲਈ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਲੈਣ ਤੋਂ ਛੋਟ ਦਿੱਤੀ ਹੋਈ ਹੈ ਅਤੇ ਜਲਦ ਹੀ ਇੰਨੇ ਹੋਰ ਪਿੰਡਾਂ ਨੂੰ ਵੀ ਛੋਟ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਕਿਸੇ ਵੀ ਗ਼ੈਰ-ਕਾਨੂੰਨੀ ਕਾਲੋਨੀ ਨੂੰ ਵਿਕਸਿਤ ਨਹੀਂ ਹੋਣ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਗ਼ੈਰ-ਕਾਨੂੰਨੀ ਕਾਲੋਨੀਆਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਨੂੰ ਪਹਿਲਾਂ ਹੀ ਸੁਚਾਰੂ ਬਣਾਇਆ ਗਿਆ ਹੈ।
ਮੁੱਖ ਮੰਤਰੀ ਨੇ ਸੂਬੇ ਦੀਆਂ ਰਵਾਇਤੀ ਪਾਰਟੀਆਂ ਨੂੰ ਸੂਬੇ ਦੇ ਹਿੱਤਾਂ ਦੇ ਉਲਟ ਭੁਗਤਣ ਲਈ ਵੀ ਕਰੜੇ ਹੱਥੀਂ ਲਿਆ।
ਉਨਾਂ ਕਿਹਾ ਕਿ ਇਨਾਂ ਪਾਰਟੀਆਂ ਨੇ ਟੋਲ ਅਤੇ ਰੇਤ ਮਾਫੀਆ ਨੂੰ ਵੱਡੀ ਪੱਧਰ ’ਤੇ ਪ੍ਰਫੁੱਲਿਤ ਕਰਨ ਲਈ ਇਸ ਮਾਫੀਏ ਨਾਲ ਮਿਲੀਭੁਗਤ ਕਰਕੇ ਸੂਬੇ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਮਿਆਦ ਪੁੱਗੇ ਟੋਲ ਪਲਾਜ਼ਿਆਂ ਨੂੰ ਬੰਦ ਕਰ ਦਿੱਤਾ ਹੈ ਅਤੇ ਲੋਕਾਂ ਨੂੰ ਰੇਤ ਦੀ ਸਸਤੀਆਂ ਦਰਾਂ ਉਤੇ ਉਪਲਬਧਤਾ ਯਕੀਨੀ ਬਣਾਉਣ ਲਈ ਲਗਭਗ 50 ਜਨਤਕ ਮਾਈਨਿੰਗ ਖੱਡਾਂ ਸ਼ੁਰੂ ਕੀਤੀਆਂ ਹਨ।
ਇਕ ਫੋਨ ਕਾਲ ਰਾਹੀਂ ਲੋਕ ਲੈ ਸਕਣਗੇ ਸਕੀਮ ਦਾ ਲਾਭ ਲੈ ਸਕਣਗੇ
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਜਲਦ ਹੀ ‘ਸਰਕਾਰ ਤੁਹਾਡੇ ਦੁਆਰ’ ਨਾਂਅ ਦਾ ਆਪਣਾ ਪ੍ਰਮੁੱਖ ਤੇ ਮਹੱਤਵਪੂਰਨ ਪ੍ਰੋਗਰਾਮ ਆਰੰਭੇਗੀ, ਜਿਸ ਤਹਿਤ ਸੂਬੇ ਦੇ ਲੋਕਾਂ ਨੂੰ 40 ਨਾਗਰਿਕ ਕੇਂਦਰਿਤ ਸੇਵਾਵਾਂ ਉਨਾਂ ਦੇ ਘਰ ਨੇੜੇ ਹੀ ਉਪਲਬਧ ਹੋਣਗੀਆਂ। ਉਨਾਂ ਕਿਹਾ ਕਿ ਇਹ ਸਕੀਮ ਐਪ ਰਾਹੀਂ ਆਨਲਾਈਨ ਉਪਲੱਬਧ ਹੋਵੇਗੀ ਅਤੇ ਲੋਕ ਮਹਿਜ਼ ਇਕ ਫੋਨ ਕਾਲ ਰਾਹੀਂ ਇਸ ਸਕੀਮ ਦਾ ਲਾਭ ਲੈ ਸਕਣਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਇਲਾਕਾ ਨਿਵਾਸੀਆਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਉਨਾਂ ਦੇ ਘਰ ਨੇੜੇ ਬੜੇ ਸੁਚੱਜੇ ਤੇ ਨਿਰਵਿਘਨ ਢੰਗ ਨਾਲ ਪ੍ਰਾਪਤ ਹੋ ਸਕਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਦੇ 23 ਜ਼ਿਲਿਆਂ ਵਿੱਚ 117 ਸਕੂਲ ਆਫ ਐਮੀਨੈਂਸ ਖੋਲੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਲਈ ਚੰਗੀ ਤਰਾਂ ਤਿਆਰ ਕਰਨ ਵਿੱਚ ਮਦਦ ਮਿਲੇਗੀ। ਉਨਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦਾ ਵੱਕਾਰ ਮੁੜ ਬਹਾਲ ਹੋਵੇਗਾ।
ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਬਣਾਉਣ ਦਾ ਫੈਸਲਾ
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਨਵੀਆਂ ਲੀਹਾਂ ’ਤੇ ਪਾਉਣ ਲਈ ਸੂਬਾ ਸਰਕਾਰ ਨੇ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਬਣਾਉਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ ਅਤੇ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਸੂਬੇ ਦਾ ਹਰੇਕ ਜ਼ਿਲਾ ਇੱਕ ਮੈਡੀਕਲ ਕਾਲਜ ਨਾਲ ਜੁੜਿਆ ਹੋਵੇ। ਉਨਾਂ ਕਿਹਾ ਕਿ ਸੰਗਰੂਰ ਦੇ ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਦਾ ਨੀਂਹ ਪੱਥਰ ਪਹਿਲਾਂ ਹੀ ਰੱਖਿਆ ਜਾ ਚੁੱਕਾ ਹੈ ਅਤੇ ਜਲਦੀ ਹੀ ਇਸ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਜਾਵੇਗਾ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਦੋ ਹੋਰ ਮੈਡੀਕਲ ਕਾਲਜਾਂ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ।