ਸਰਕਾਰੀ ਸਕੂਲਾਂ ’ਚ ਦਾਖਲਿਆਂ ਦੀ ਆਈ ਹਨ੍ਹੇਰੀ, ਪਟਿਆਲਾ ਜ਼ਿਲ੍ਹੇ ’ਚ ਇੱਕੋ ਦਿਨ ਹੋਏ 7844 ਵਿਦਿਆਰਥੀਆਂ ਦੇ ਨਵੇਂ ਦਾਖਲੇ

Patiala News

ਪਟਿਆਲਾ ਜ਼ਿਲ੍ਹੇ ਨੇ ਮਿਥੇ ਟੀਚੇ ਤੋਂ ਵੱਧ 110 ਫੀਸਦੀ ਦਾਖਲੇ ਕੀਤੇ

ਪਟਿਆਲਾ (ਖੁਸਵੀਰ ਸਿੰਘ ਤੂਰ)। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਬਿਹਤਰ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਸਿੱਖਿਆ ਪ੍ਰਤੀ ਲੋਕਾਂ ਦਾ ਵਿਸ਼ਵਾਸ ਬਹਾਲ ਕਰਕੇ ਉੱਚ ਪੱਧਰੀ ਸਿੱਖਿਆ ਦੇਣ ਦੇ ਸੱਦੇ ਨੂੰ ਕਬੂਲਦਿਆਂ ਜ਼ਿਲ੍ਹਾ ਪਟਿਆਲਾ ਦੇ ਮਾਪਿਆਂ ਨੇ ਮਿਸਾਲੀ ਹੁੰਗਾਰਾ ਦਿੱਤਾ। ਬੀਤੇ ਕੱਲ੍ਹ ਇੱਕੋ ਦਿਨ ਵਿੱਚ ਜ਼ਿਲ੍ਹੇ ਦੇ ਸਕੂਲਾਂ ਵਿੱਚ 7844 ਨਵੇਂ ਵਿਦਿਆਰਥੀਆਂ ਨੇ ਦਾਖਲਾ ਲਿਆ।

ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸਾਂ ਅਨੁਸਾਰ ਸਿੱਖਿਆ ਵਿਭਾਗ ਨੇ 1 ਦਿਨ ਵਿੱਚ 1 ਲੱਖ ਨਵੇਂ ਦਾਖਲੇ ਕਰਨ ਦਾ ਟੀਚਾ ਮਿਥਿਆ ਸੀ ਜਿਸ ਤਹਿਤ ਹਰੇਕ ਅਧਿਆਪਕ, ਨਾਨ ਟੀਚਿੰਗ ਸਟਾਫ ਅਤੇ ਮਿਡ-ਡੇ-ਮੀਲ ਵਰਕਰ ਨੇ ਘੱਟੋ ਘੱਟ ਇੱਕ-ਇੱਕ ਨਵਾਂ ਵਿਦਿਆਰਥੀ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣਾ ਸੀ।

ਪਟਿਆਲਾ ਦੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ) ਸ੍ਰੀਮਤੀ ਹਰਿੰਦਰ ਕੌਰ ਨੇ ਦੱਸਿਆ ਕਿ ਵਿਭਾਗੀ ਟੀਚੇ ਅਨੁਸਾਰ ਜ਼ਿਲ੍ਹੇ ਵਿੱਚ 7090 ਨਵੇਂ ਵਿਦਿਆਰਥੀ ਦਾਖਲ ਕਰਨੇ ਸਨ ਪਰ ਸਮੁੱਚੇ ਅਧਿਆਪਕਾਂ ਦੀ ਮਿਹਨਤ ਸਦਕਾ ਇਹ ਅੰਕੜਾ 7844 ਤੱਕ ਪਹੁੰਚ ਗਿਆ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਅਧਿਆਪਕ ਵਰਗ ਵਿੱਚ ਬੇਹੱਦ ਉਤਸ਼ਾਹ ਦੇਖਣ ਨੂੰ ਮਿਲਿਆ। ਵੱਖ ਵੱਖ ਜ਼ਿਲ੍ਹਾ ਟੀਮਾਂ ਸਮੇਤ ਸਾਰੇ ਬਲਾਕ ਨੋਡਲ ਅਫ਼ਸਰਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀ ਅਗਵਾਈ ਵਿੱਚ ਅਧਿਆਪਕਾਂ ਨੇ ਸਵੇਰੇ 8 ਵਜੇ ਤੋਂ ਦੇਰ ਰਾਤ ਤੱਕ ਗਲੀ-ਮੁਹੱਲਿਆਂ ਅਤੇ ਸਲੱਮ ਏਰੀਏ ਤੱਕ ਪਹੁੰਚ ਕਰਕੇ ਦਾਖਲੇ ਕੀਤੇ।

ਪ੍ਰਾਪਤ ਵੇਰਵਿਆਂ ਅਨੁਸਾਰ ਪਟਿਆਲਾ ਜ਼ਿਲ੍ਹੇ ਵਿੱਚ ਕੱਲ੍ਹ ਇੱਕੋ ਦਿਨ ਵਿੱਚ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਵਿੱਚ 7844 ਵਿਦਿਆਰਥੀਆਂ ਦੇ ਨਵੇਂ ਦਾਖ਼ਲੇ ਹੋਏ। ਇਸ ਤਰ੍ਹਾਂ ਇਹ ਦਾਖਲਾ ਮਿੱਥੇ ਟੀਚੇ 100 ਫੀਸਦੀ ਤੋਂ ਵੱਧ ਕੇ 110 ਫੀਸਦੀ ਰਿਹਾ। ਪ੍ਰਾਪਤ ਵੇਰਵਿਆਂ ਅਨੁਸਾਰ ਪਟਿਆਲਾ ਜ਼ਿਲ੍ਹੇ ਵਿੱਚ ਕੱਲ੍ਹ ਇੱਕੋ ਦਿਨ ਵਿੱਚ ਐੱਲ.ਕੇ.ਜੀ. ਅਤੇ ਯੂ.ਕੇ.ਜੀ. ਜਮਾਤ ਵਿੱਚ 3130, ਪਹਿਲੀ ਤੋਂ ਪੰਜਵੀਂ ਜਮਾਤ ਵਿੱਚ 1254, ਛੇਵੀਂ ਤੋਂ ਬਾਰਵੀਂ ਜਮਾਤ ਵਿੱਚ 3460 ਵਿਦਿਆਰਥੀਆਂ ਦੇ ਨਵੇਂ ਦਾਖਲੇ ਹੋਏ। ਬਲਾਕਾਂ ਵਿੱਚੋਂ ਪਟਿਆਲਾ 2 ਬਲਾਕ ਵਿੱਚ 977 ਨਵੇਂ ਦਾਖਲੇ ਹੋਏ। ਇਸੇ ਤਰ੍ਹਾਂ ਰਾਜਪੁਰਾ – 2 ਬਲਾਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਚਲਹੇੜੀ ਵਿੱਚ 79 ਦਾਖਲੇ ਕੀਤੇ ਗਏ।

Patiala News

31 ਤੱਕ ਸਕੂਲਾਂ ਦੇ ਬਾਹਰ ਲੱਗਣਗੇ ਬੂਥ | Patiala News

ਪ੍ਰਾਪਤ ਜਾਣਕਾਰੀ ਅਨੁਸਾਰ ਦਾਖਲਾ ਮੁਹਿੰਮ ਨੂੰ ਹੋਰ ਅਸਰਦਾਰ ਬਣਾਉਣ ਵਾਸਤੇ ਸਿੱਖਿਆ ਵਿਭਾਗ ਵੱਲੋਂ 31 ਮਾਰਚ ਤੱਕ ਪੰਜਾਬ ਦੇ ਹਰੇਕ ਸਰਕਾਰੀ ਸਕੂਲ ਦੇ ਬਾਹਰ ਮੇਨ ਗੇਟ ਤੇ ਦਾਖਲਾ ਬੂਥ ਲਾਉਣ ਬਾਰੇ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਜਿੱਥੇ ਸਕੂਲ ਖੁੱਲ੍ਹਣ ਦੇ ਸਮੇਂ ਤੋਂ ਲੈ ਕੇ ਸਾਰੀ ਛੁੱਟੀ ਹੋਣ ਤੱਕ ਟੀਚਿੰਗ/ਨਾਨ ਟੀਚਿੰਗ ਸਟਾਫ ਰੋਜਾਨਾ ਡਿਊਟੀ ’ਤੇ ਬੈਠੇਗਾ ਅਤੇ ਰਜਿਸਟਰ ’ਤੇ ਦਾਖਲਿਆਂ ਸਬੰਧੀ ਰਜਿਸਟਰੇਸਨ ਕਰੇਗਾ।

ਬਲਾਕਾਂ ’ਚ ਤਿਉਹਾਰਾਂ ਦਾ ਵਰਗਾ ਮਾਹੌਲ

ਸੈਕੰਡਰੀ ਤੇ ਐਲੀਮੈਂਟਰੀ ਦੇ ਉਪ ਜ਼ਿਲ੍ਹਾ ਸਿੱਖਿਆ ਅਫਸਰਾਂ ਡਾ. ਰਵਿੰਦਰਪਾਲ ਸ਼ਰਮਾ ਅਤੇ ਸ੍ਰੀਮਤੀ ਮਨਵਿੰਦਰ ਕੌਰ ਭੁੱਲਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਬਲਾਕਾਂ ਵਿੱਚ ਦਾਖਲਿਆਂ ਨੂੰ ਲੈ ਕੇ ਤਿਓਹਾਰ ਵਰਗਾ ਮਾਹੌਲ ਬਣਿਆ ਰਿਹਾ। ਸਟੇਟ ਅਵਾਰਡੀ ਅਧਿਆਪਕ ਰਾਜਵੰਤ ਸਿੰਘ ਨੇ ਦੱਸਿਆ ਕਿ ਬਹੁਤ ਸਾਰੇ ਅਧਿਆਪਕਾਂ ਨੇ ਇੱਟਾਂ ਦੇ ਭੱਠਿਆਂ ਅਤੇ ਉਦਯੋਗਿਕ ਅਦਾਰਿਆਂ ਤੱਕ ਪਹੁੰਚ ਕਰਕੇ ਸਰਕਾਰੀ ਸਕੂਲਾਂ ਵਿੱਚ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦੇ ਕੇ ਦਾਖਲਿਆਂ ਸਬੰਧੀ ਪ੍ਰੇਰਿਤ ਵੀ ਕੀਤਾ। ਨੈਸ਼ਨਲ ਅਵਾਰਡੀ ਅਧਿਆਪਕ ਹਰਿੰਦਰ ਸਿੰਘ ਸਹਸ ਥੂਹੀ ਅਨੁਸਾਰ ਸਿੱਖਿਆ ਵਿਭਾਗ ਦੇ ਇਸ ਨਿਵੇਕਲੇ ਉਪਰਾਲੇ ਨੇ ਵਿਦਿਆਰਥੀਆਂ ਦੇ ਸਿਰਫ ਨਵੇਂ ਦਾਖਲੇ ਹੀ ਨਹੀਂ ਕੀਤੇ ਸਗੋਂ ਨਵੀਂ ਰੂਹ ਵੀ ਫੂਕੀ ਹੈ ਜਿਸਦੇ ਬਹੁਤ ਸਾਰਥਕ ਨਤੀਜੇ ਮਿਲਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।