ਸੂਬੇ ਦੇ ਪਾਣੀਆਂ ਉਤੇ ਹਿਮਾਚਲ ਪ੍ਰਦੇਸ਼ ਸਰਕਾਰ ਦਾ ਇਹ ਕੋਝਾ ਹਮਲਾ
- ਪਣ ਬਿਜਲੀ ਪ੍ਰਾਜੈਕਟਾਂ ਉਤੇ ਵਾਟਰ ਸੈੱਸ ਲਾਉਣ ਭੜਕੇ ਸੱਤਾਧਿਰ ਤੇ ਵਿਰੋਧੀ ਵਿਧਾਇਕ, ਸਦਨ ’ਚ ਨਿੰਦਾ ਮਤਾ ਪਾਸ
- ਹਿਮਾਚਲ ਸਰਕਾਰ ਵੱਲੋਂ ਆਰਡੀਨੈਂਸ ਪਾਸ ਕਰਦੇ ਹੋਏ ਲਗਾਇਆ ਗਿਆ ਸੀ ਬੀਤੇ ਹਫ਼ਤੇ ਨਵਾਂ ਸੈੱਸ
- ਪਾਣੀ ਲਈ ਪੰਜਾਬ ਦੁਆਨੀ ਦਾ ਵੀ ਭੁਗਤਾਨ ਨਹੀਂ ਕਰੇਗਾ
- ਕਾਂਗਰਸ ਆਗੂਆਂ ਨੂੰ ਸਵਾਲ ਪੁੱਛਣ ਦੀ ਲੋਕਾਂ ਨੂੰ ਕੀਤੀ ਅਪੀਲ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਰਿਪੇਰੀਅਨ ਸਿਧਾਂਤ ਮੁਤਾਬਕ ਪਾਣੀ ਉਤੇ ਆਪਣਾ ਕਾਨੂੰਨੀ ਹੱਕ ਜਤਾਉਂਦਿਆਂ ਪੰਜਾਬ ਵਿਧਾਨ ਸਭਾ ਨੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਦੀ ਅਗਵਾਈ ਹੇਠ ਪਣ ਬਿਜਲੀ ਪ੍ਰਾਜੈਕਟਾਂ ਉਤੇ ਵਾਟਰ ਸੈੱਸ ਲਾਉਣ ਦੇ ਹਿਮਾਚਲ ਪ੍ਰਦੇਸ਼ ਸਰਕਾਰ ਦੇ ਫੈਸਲੇ ਦੀ ਨਿਖੇਧੀ ਕੀਤੀ।
ਹਿਮਾਚਲ ਪ੍ਰਦੇਸ਼ ਸਰਕਾਰ ਦੇ ਇਸ ਕਦਮ ਦੀ ਨਿਖੇਧੀ ਕਰਨ ਲਈ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪੇਸ਼ ਮਤੇ ਦੀ ਪ੍ਰੋੜਤਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਦੇ ਹਿੱਤਾਂ ਅਤੇ ਇਸ ਦੇ ਲੋਕਾਂ ਨਾਲ ਵੱਡਾ ਧੱਕਾ ਹੈ। ਉਨਾਂ ਕਿਹਾ ਕਿ ਇਸ ਦੇ ਉਲਟ ਪੰਜਾਬ (ਪੰਜ ਦਰਿਆਵਾਂ ਦੀ ਧਰਤੀ) ਅੱਜ ਪੀਣ ਵਾਲੇ ਪਾਣੀ ਦੀ ਗੰਭੀਰ ਕਿੱਲਤ ਦਾ ਸਾਹਮਣਾ ਕਰ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਪਾਣੀਆਂ ਉਤੇ ਹਿਮਾਚਲ ਪ੍ਰਦੇਸ਼ ਸਰਕਾਰ ਦਾ ਇਹ ਕੋਝਾ ਹਮਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸੁੱਖੂ ਸਰਕਾਰ ਦਾ ਇਹ ਕਦਮ ਗੈਰ-ਕਾਨੂੰਨੀ ਅਤੇ ਤਰਕਹੀਣ ਹੈ
ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸੁੱਖੂ ਸਰਕਾਰ ਦਾ ਇਹ ਕਦਮ ਗੈਰ-ਕਾਨੂੰਨੀ ਅਤੇ ਤਰਕਹੀਣ ਹੈ। ਉਨਾਂ ਕਿਹਾ ਕਿ ਦਰਿਆਈ ਪਾਣੀਆਂ ਉਤੇ ਪੰਜਾਬ ਦਾ ਕਾਨੂੰਨੀ ਹੱਕ ਹੈ ਅਤੇ ਕੋਈ ਵੀ ਸੂਬੇ ਦਾ ਇਹ ਹੱਕ ਨਹੀਂ ਖੋਹ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਆਪਣੀ ਜ਼ਮੀਨ ਰਾਹੀਂ ਵਹਿ ਰਹੇ ਪਾਣੀ ਉਤੇ ਪੰਜਾਬ ਇਕ ਦੁਆਨੀ ਵੀ ਕਿਸੇ ਨੂੰ ਨਹੀਂ ਦੇਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਦਾ ਇਹ ਕਦਮ ਦੇਸ਼ ਨੂੰ ਵੰਡਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਉਨਾਂ ਕਿਹਾ ਕਿ ਇਹ ‘ਭਾਰਤ ਜੋੜੋ’ ਨਹੀਂ, ਸਗੋਂ ‘ਭਾਰਤ ਤੋੜੋ’ ਮੁਹਿੰਮ ਹੈ।
ਵਿਧਾਨ ਸਭਾ ਵਿੱਚੋਂ ਕਾਂਗਰਸੀ ਮੈਂਬਰਾਂ ਦੀ ਗੈਰਹਾਜ਼ਰੀ ਉਤੇ ਚੁੱਕੀ ਉਂਗਲ
ਉਨਾਂ ਪੰਜਾਬ ਦੇ ਕਾਂਗਰਸ ਆਗੂਆਂ ਦੀ ਵਿਧਾਨ ਸਭਾ ਵਿੱਚੋਂ ਗੈਰਹਾਜ਼ਰੀ ਉਤੇ ਸਵਾਲ ਚੁੱਕਦਿਆਂ ਆਖਿਆ ਕਿ ਜਦੋਂ ਸੂਬਾ ਪਾਣੀਆਂ ਬਾਰੇ ਗੰਭੀਰ ਮਸਲਿਆਂ ਉਤੇ ਵਿਚਾਰ ਕਰ ਰਿਹਾ ਹੈ ਤਾਂ ਉਹ ਸਦਨ ਵਿੱਚ ਹਾਜ਼ਰ ਹੀ ਨਹੀਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨਾਂ ਆਗੂਆਂ ਨੇ ਹਮੇਸ਼ਾ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨਾਂ ਕਿਹਾ ਕਿ ਪੰਜਾਬ ਨੂੰ ਦਰਪੇਸ਼ ਸਾਰੇ ਮਸਲਿਆਂ ਦੇ ਹੱਲ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਇਹ ਕਦਮ ਪੰਜਾਬ ਤੇ ਇਸ ਦੇ ਲੋਕਾਂ ਦੇ ਹਿੱਤਾਂ ਨਾਲ ਵੱਡਾ ਧੱਕਾ: ਭਗਵੰਤ ਮਾਨ
ਮੁੱਖ ਮੰਤਰੀ (Bhagwant Maan) ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਸਰਕਾਰ ਦੇ ਇਸ ਸ਼ਰਮਨਾਕ ਕਾਰੇ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਦੇ ਕਈ ਚਿਹਰੇ ਹਨ ਅਤੇ ਉਹ ਹਮੇਸ਼ਾ ਸਿਆਸੀ ਸਹੂਲਤ ਲਈ ਆਪਣੇ ਇਨਾਂ ਚਿਹਰਿਆਂ ਨੂੰ ਵਰਤਦੀ ਰਹੀ ਹੈ। ਉਨਾਂ ਕਿਹਾ ਕਿ ਕਾਂਗਰਸ ਆਗੂ ਸੰਘੀ ਢਾਂਚੇ ਬਾਰੇ ਵੱਡੇ-ਵੱਡੇ ਦਾਅਵੇ ਕਰਦੇ ਹਨ ਪਰ ਅਸਲ ਵਿੱਚ ਉਹ ਚੱਲਦੇ ਆਪਣੇ ਸਿਆਸੀ ਮੁਫ਼ਾਦ ਮੁਤਾਬਕ ਹੀ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ ਫਿਰ ਕਾਂਗਰਸ ਨੇ ਪੰਜਾਬ ਖ਼ਿਲਾਫ਼ ਸਾਜ਼ਿਸ਼ ਘੜੀ ਹੈ ਪਰ ਇਸ ਨੂੰ ਕਿਸੇ ਵੀ ਕੀਮਤ ਉਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਸੂਬਿਆਂ ਦੀਆਂ ਤਾਕਤਾਂ ਘਟਾਉਣ ਵਾਲੇ ਅਜਿਹੇ ਕਦਮ ਚੁੱਕਣ ਤੋਂ ਸੰਕੋਚ ਕਰਨ
ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸਲਾਹ ਦਿੱਤੀ ਕਿ ਉਹ ਸੂਬਿਆਂ ਦੀਆਂ ਤਾਕਤਾਂ ਘਟਾਉਣ ਵਾਲੇ ਅਜਿਹੇ ਕਦਮ ਚੁੱਕਣ ਤੋਂ ਸੰਕੋਚ ਕਰਨ। ਉਨਾਂ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਸੂਬਿਆਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ ਅਤੇ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਅਜਿਹੇ ਮਸਲੇ ਚੁੱਕਣ ਨਾਲ ਕੇਂਦਰ ਸਰਕਾਰ ਨੂੰ ਸੂਬੇ ਨਾਲ ਸਬੰਧਤ ਮਸਲਿਆਂ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਦਾ ਮੌਕਾ ਮਿਲਿਆ ਹੈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਜੇ ਕਾਂਗਰਸ ਸਰਕਾਰ ਆਪਣੇ ਮਨਸੂਬੇ ਨੂੰ ਅੱਗੇ ਵਧਾਉਂਦੀ ਹੈ ਤਾਂ ਉਹ ਕਿਹੜੇ ਮੂੰਹ ਨਾਲ ਦੇਸ਼ ਵਿੱਚ ਸੰਘੀ ਢਾਂਚੇ ਬਾਰੇ ਦਾਅਵੇ ਕਰੇਗੀ।
ਸੂਬੇ ਵਿੱਚ ਪਾਣੀ ਦੀ ਕਿੱਲਤ ਦੀ ਸਮੱਸਿਆ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਬੇਤਰਸੀ ਨਾਲ ਵਰਤੋਂ ਕਾਰਨ ਸੂਬੇ ਦਾ ਬਹੁਤਾ ਇਲਾਕਾ ‘ਡਾਰਕ ਜ਼ੋਨ’ ਵਿੱਚ ਹੈ। ਉਨਾਂ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਸੂਬੇ ਦੇ ਇਕੋ-ਇਕ ਕੁਦਰਤੀ ਸਰੋਤ ਪਾਣੀ ਦੀ ਬੇਦਰਦੀ ਨਾਲ ਵਰਤੋਂ ਕਰਕੇ ਦੇਸ਼ ਲਈ ਝੋਨਾ ਪੈਦਾ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਇਸ ਵਡੇਰੇ ਯੋਗਦਾਨ ਨੂੰ ਮਾਨਤਾ ਦੇਣ ਦੀ ਥਾਂ ਸੂਬੇ ਦੇ ਹਿੱਤਾਂ ਨਾਲ ਖਿਲਵਾੜ ਕਰਨ ਲਈ ਅਜਿਹੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤਾ ਵੱਡਾ ਦੁਖਾਂਤ ਹੈ ਕਿ ਸੂਬੇ ਦੇ ਬਿਲਕੁੱਲ ਵਿਚਕਾਰ ਪੈਂਦਾ ਜ਼ਿਲਾ ਵੀ ਹੁਣ ਨਹਿਰੀ ਪਾਣੀ ਦੇ ਟੇਲਾਂ ਉਤੇ ਹੈ। ਉਨਾਂ ਕਿਹਾ ਕਿ ਇਕ ਪਾਸੇ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ, ਦੂਜੇ ਪਾਸੇ ਸੂਬੇ ਨਾਲ ਖਿਲਵਾੜ ਕਰਨ ਵਾਲੀਆਂ ਤਾਕਤਾਂ ਅਜਿਹੇ ਕਦਮ ਚੁੱਕ ਰਹੀਆਂ ਹਨ। ਭਗਵੰਤ ਮਾਨ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹਰ ਕੀਮਤ ਉਤੇ ਸੂਬੇ ਦੇ ਹਿੱਤਾਂ ਦੀ ਰਾਖੀ ਕਰੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ