ਖਟਕੜ ਕਲਾਂ ਦੇ ਵਿਆਪਕ ਵਿਕਾਸ ਲਈ ਯੋਜਨਾ ਉਲੀਕੀ
- ਦੇਸ਼ ਦੇ ਆਜਾਦੀ ਸੰਘਰਸ ਵਿੱਚ ਪੰਜਾਬ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਉਣ ਦੇ ਮੰਤਵ ਨਾਲ ਲਿਆ ਫੈਸਲਾ
- 23 ਮਾਰਚ ਸਿਰਫ ਇੱਕ ਸਾਧਾਰਨ ਦਿਨ ਨਹੀਂ, ਸਗੋਂ ਹਰ ਤਰਾਂ ਦੇ ਅਨਿਆਂ, ਅੱਤਿਆਚਾਰ ਅਤੇ ਜੁਲਮ ਵਿਰੁੱਧ ਲੜਾਈ ਦਾ ਪ੍ਰਤੀਕ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਤਾਂ ਜੋ ਦੇਸ਼ ਦੇ ਆਜਾਦੀ ਸੰਘਰਸ਼ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਇਆ ਜਾ ਸਕੇ। ਸ਼ਹੀਦ ਭਗਤ ਸਿੰਘ (Bhagat Singh), ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਸਬੰਧੀ ਮਤਾ ਪਾਸ ਕਰਨ ਲਈ ਪੰਜਾਬ ਵਿਧਾਨ ਸਭਾ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ 850 ਮੀਟਰ ਲੰਬੀ ਵਿਰਾਸਤੀ ਗਲੀ ਅਜਾਇਬ ਘਰ ਤੋਂ ਲੈ ਕੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਤੱਕ ਬਣਾਈ ਜਾਵੇਗੀ।
ਇਹ ਸੜਕ ਸੂਬੇ ਦੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪਾਏ ਬੇਮਿਸਾਲ ਯੋਗਦਾਨ ਨੂੰ ਦਰਸਾਏਗੀ
ਉਨਾਂ ਕਿਹਾ ਕਿ ਇਹ ਸੜਕ ਜਿੱਥੇ ਸੂਬੇ ਦੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪਾਏ ਬੇਮਿਸਾਲ ਯੋਗਦਾਨ ਨੂੰ ਦਰਸਾਏਗੀ, ਉੱਥੇ ਨੌਜਵਾਨਾਂ ਨੂੰ ਦੇਸ਼ ਦੇ ਹਿੱਤ ਲਈ ਕੰਮ ਕਰਨ ਵਾਸਤੇ ਪ੍ਰੇਰਿਤ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਨੂੰ ਇਸ ਪ੍ਰਾਜੈਕਟ ਲਈ ਤਿਆਰੀਆਂ ਸ਼ੁਰੂ ਕਰਨ ਲਈ ਕਹਿ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਸਹੀਦ ਭਗਤ ਸਿੰਘ (Bhagat Singh) ਨੂੰ ਫਾਂਸੀ ਦੀ ਸਜ਼ਾ ਸੁਣਾਉਣ ਵੇਲੇ ਦੇ ਦ੍ਰਿਸ਼ ਨੂੰ ਦਰਸਾਉਂਦਾ ਵੀਡੀਓ ਬਣਾਉਣ ਦਾ ਵੀ ਵਿਚਾਰ ਕਰ ਰਹੇ ਹਨ। ਉਨਾਂ ਸਪੱਸ਼ਟ ਕੀਤਾ ਕਿ 23 ਮਾਰਚ ਸਿਰਫ ਇੱਕ ਸਾਧਾਰਨ ਦਿਨ ਨਹੀਂ ਹੈ, ਸਗੋਂ ਅਸਲ ਵਿੱਚ ਕਿਸੇ ਵੀ ਤਰਾਂ ਦੀ ਬੇਇਨਸਾਫੀ, ਅੱਤਿਆਚਾਰ ਅਤੇ ਜੁਲਮ ਵਿਰੁੱਧ ਲੜਾਈ ਦਾ ਪ੍ਰਤੀਕ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫ਼ਰਜ ਬਣਦਾ ਹੈ ਕਿ ਦੇਸ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਤਹੱਈਆ ਕਰੇ।
ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਸਮੇਂ ਦੀ ਲੋੜ
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਠੋਸ ਯਤਨ ਕਰਨੇ ਪੈਣਗੇ। ਉਨਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਸਮੇਂ ਦੀ ਲੋੜ ਹੈ, ਜਿਸ ਲਈ ਹਰੇਕ ਵਿਅਕਤੀ ਨੂੰ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇਕ ਵਿਅਕਤੀ ਹੀ ਨਹੀਂ, ਬਲਕਿ ਆਪਣੇ ਆਪ ਵਿੱਚ ਇਕ ਸੰਸਥਾ ਸਨ ਅਤੇ ਦੇਸ਼ ਦੀ ਤਰੱਕੀ ਲਈ ਸਾਨੂੰ ਉਨਾਂ ਦੇ ਨਕਸ਼ੇ ਕਦਮਾਂ ’ਤੇ ਚੱਲਣਾ ਚਾਹੀਦਾ ਹੈ।
ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ। ਉਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਮੁਕਤ ਕਰਵਾਉਣ ਦੇ ਨਾਲ-ਨਾਲ ਗਰੀਬੀ ਅਤੇ ਭਿ੍ਰਸ਼ਟਾਚਾਰ ਮੁਕਤ ਭਾਰਤ ਦੀ ਕਲਪਨਾ ਵੀ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਅਜੇ ਵੀ ਇਨਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਨਾਂ ਦੀ ਸਰਕਾਰ ਇਨਾਂ ਸਾਰੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਲਈ ਕੰਮ ਕਰਨ ਵਾਲੀ ਸਰਕਾਰ ਨੂੰ ਚੁਣਨ ਲਈ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ। ਉਨਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਵੋਟ ਦਾ ਅਧਿਕਾਰ ਮਿਲਣਾ ਯਕੀਨੀ ਬਣਾਉਣ ਲਈ ਮਹਾਨ ਕੌਮੀ ਆਗੂਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਭਗਵੰਤ ਮਾਨ ਨੇ ਕਿਹਾ ਕਿ ਜਮਹੂਰੀਅਤ ਵਿੱਚ ਬਿਨਾਂ ਕਿਸੇ ਡਰ ਭੈਅ ਦੇ ਹਿੱਸਾ ਲੈਣਾ ਹੀ ਦੇਸ਼ ਦੇ ਇਨਾਂ ਮਹਾਨ ਆਗੂਆਂ ਨੂੰ ਸੱਚੀ ਸ਼ਰਧਾਂਜਲੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ