ਭਗਤ ਸਿੰਘ ਦੇ ਘਰ ਤੱਕ ਵਿਰਾਸਤੀ ਗਲੀ ਬਣਾਉਣ ਦਾ ਐਲਾਨ
ਚੰਡੀਗੜ੍ਹ। ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਮੁੱਖ ਮੰਤਰੀ ਭਗਵੰਤ ਮਾਨ (Chief Minister) ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਪੁੱਜੇ। ਇੱਥੇ ਉਨ੍ਹਾਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ। ਸੀਐਮ ਮਾਨ ਦੀ ਆਮਦ ਤੋਂ ਪਹਿਲਾਂ ਪਿੰਡ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ। ਇਸ ਤੋਂ ਪਹਿਲਾਂ 22 ਮਾਰਚ ਨੂੰ ਸੀਐਮ ਮਾਨ ਨੇ ਅਜਾਇਬ ਘਰ ਤੋਂ ਸ਼ਹੀਦ ਭਗਤ ਸਿੰਘ ਦੇ ਘਰ ਤੱਕ 850 ਮੀਟਰ ਲੰਬੀ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਵੀ ਕੀਤਾ ਸੀ।
ਸੀਐਮ ਮਾਨ ਦੇ ਅੱਜ ਤਿੰਨ ਪ੍ਰੋਗਰਾਮ ਹਨ। ਇਨ੍ਹਾਂ ਵਿੱਚੋਂ ਸਭ ਤੋਂ ਪਹਿਲਾਂ ਪਿੰਡ ਖਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਬਾਅਦ ਉਹ ਫਿਰੋਜਪੁਰ ਵਿੱਚ ਵੀ ਸ਼ਹੀਦਾਂ ਨੂੰ ਯਾਦ ਕਰਨਗੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਨਗੇ।
ਇਸ ਤੋਂ ਬਾਅਦ ਮਾਨ ਸਿੱਧੇ ਦਿੱਲੀ ਜੰਤਰ-ਮੰਤਰ ਲਈ ਰਵਾਨਾ ਹੋਣਗੇ। ਇੱਥੇ ਉਹ ਕੇਂਦਰ ਸਰਕਾਰ ਵਿਰੁੱਧ ਮੁਹਿੰਮ ਦੀ ਸ਼ੁਰੂਆਤ ’ਚ ਸ਼ਾਮਲ ਹੋ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜਨ ਸਭਾ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਪੋਸਟਰ ਲਗਾਏ ਜਾਣ ਤੋਂ ਬਾਅਦ ਹੋਈ ਕਾਰਵਾਈ ਕਾਰਨ ਦਿੱਲੀ ’ਚ ਇਹ ਜਨ ਸਭਾ ਕੀਤੀ ਜਾ ਰਹੀ ਹੈ।
ਪਿੰਡ ਖਟਕੜ ਕਲਾਂ ’ਚ ਹੀ ਮੁੱਖ ਮੰਤਰੀ ਵਜੋਂ ਚੁੱਕੀ ਸੀ ਸਹੁੰ | Chief Minister
ਜ਼ਿਕਰਯੋਗ ਹੈ ਕਿ ਕਰੀਬ ਇੱਕ ਸਾਲ ਪਹਿਲਾਂ ਪੰਜਾਬ ਵਿੱਚ ਪਹਿਲੀ ਵਾਰ ‘ਆਪ’ ਦੀ ਸਰਕਾਰ ਬਣੀ ਸੀ। ਭਗਵੰਤ ਮਾਨ ਨੇ ਸਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਸੀ। ਮਾਨ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ ਅਤੇ ਪੈੜਾਂ ’ਤੇ ਚੱਲਦਿਆਂ ਦੇਸ਼ ਹਿੱਤ ਵਿੱਚ ਕੰਮ ਕਰਨ ਦੀ ਅਪੀਲ ਕੀਤੀ ਹੈ।