ਜਖਮੀਆਂ ਦੇ ਇਲਾਜ ‘ਚ ਕੋਈ ਕਸਰ ਨਹੀਂ ਛੱਡੀ ਜਾਵੇਗੀ
ਫ਼ਿਰੋਜ਼ਪੁਰ (ਸਤਪਾਲ ਥਿੰਦ)। ਫ਼ਿਰੋਜ਼ਪੁਰ-ਫ਼ਾਜ਼ਿਲਕਾ (Ferozepur News) ਰੋਡ ’ਤੇ ਪੈਂਦੇ ਪਿੰਡ ਖਾਈ ਫੇਮੇ ਕੀ ਵਿਖੇ ਭਿਆਨਕ ਸੜਕ ਹਾਦਸੇ ’ਚ ਤੁਫ਼ਾਨ ਗੱਡੀ ਦੀ ਬੱਸ ਨਾਲ ਹੋਈ ਟੱਕਰ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 10 ਦੇ ਕਰੀਬ ਜਖਮੀ ਹੋ ਗਏ। ਇਨ੍ਹਾਂ ਜਖਮੀ ਵਿਅਕਤੀਆਂ ਦਾ ਇਲਾਜ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਅਤੇ ਨਿੱਜੀ ਹਸਪਤਾਲ ਵਿੱਚ ਚੱਲ ਰਿਹਾ ਹੈ। ਇਸ ਦੁਖਦਾਈ ਘਟਨਾ ਦੀ ਖਬਰ ਮਿਲਦਿਆਂ ਹੀ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਐਸ.ਐਸ.ਪੀ. ਸ. ਭੁਪਿੰਦਰ ਸਿੰਘ ਸਿੱਧੂ, ਸਿਵਲ ਸਰਜਨ ਡਾ. ਰਾਜਿੰਦਰ ਪਾਲ ਅਤੇ ਜ਼ਿਲ੍ਹਾ ਮਾਲ ਅਫ਼ਸਰ ਅਰਵਿੰਦ ਪ੍ਰਕਾਸ਼ ਵਰਮਾ ਸਮੇਤ ਵੱਖ-ਵੱਖ ਸਿਵਲ ਅਤੇ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜੇ।
ਸਿਵਲ ਹਸਪਤਾਲ ਵਿਖੇ ਵਿਧਾਇਕ ਰਣਬੀਰ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਮਿ੍ਰਤਕਾਂ ਅਤੇ ਜਖਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਮਿ੍ਰਤਕਾਂ ਦਾ ਪੋਸਟ ਮਾਰਟਮ ਕਰ ਕੇ ਮਿ੍ਰਤਕ ਦੇਹਾਂ ਨੂੰ ਛੇਤੀ ਹੀ ਉਨ੍ਹਾਂ ਦੇ ਘਰ ਪਹੁੰਚਾਇਆ ਜਾਵੇਗਾ ਅਤੇ ਜਖਮੀਆਂ ਦੇ ਇਲਾਜ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਓਵਰ ਸਪੀਡ ਵਾਹਨ ਚਾਲਕਾਂ ’ਤੇ ਹੋਵੇਗੀ ਕਾਰਵਾਈ | Ferozepur News
ਉਨ੍ਹਾਂ ਇਹ ਵੀ ਕਿਹਾ ਕਿ ਰਿਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਨੂੰ ਸਖਤ ਆਦੇਸ਼ ਦਿੱਤੇ ਗਏ ਹਨ ਕਿ ਉਹ ਓਵਰ ਸਪੀਡ ਵਾਹਨਾਂ ਦੀ ਚੈਕਿੰਗ ਕਰਨ ਤੇ ਸੜਕ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਵੀ ਸਖਤ ਕਾਰਵਾਈ ਕਰਨ ਤਾਂ ਜੋ ਅਜਿਹੇ ਦੁੱਖਦਾਈ ਹਾਦਸੇ ਮੁੜ ਨਾ ਵਾਪਰਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਕੰਵਲਜੀਤ ਸਿੰਘ ਧੰਜੂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਸ੍ਰੀ ਰਾਜੀਵ ਛਾਬੜਾ ਅਤੇ ਨਾਇਬ ਤਹਿਸੀਲਦਾਰ ਸ੍ਰੀ ਰਾਕੇਸ਼ ਅਗਰਵਾਲ ਵੀ ਹਾਜ਼ਰ ਸਨ।