ਪੰਜਾਬ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਸਰਕਾਰ ਦਾ ਉਪਰਾਲਾ

Canal
ਮੁੱਖ ਮੰਤਰੀ ਭਗਵੰਤ ਸਿੰਘ ਮਾਨ।

‘ਸਰਕਾਰ ਬਾਸਮਤੀ ਦੀ ਖੇਤੀ ਨੂੰ ਵੱਡੇ ਪੱਧਰ ’ਤੇ ਕਰੇਗੀ ਉਤਸ਼ਾਹਿਤ’

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਲਈ ਫ਼ਸਲੀ ਵਿਭਿੰਨਤਾ ਨੂੰ ਅਹਿਮ ਲੋੜ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ (Government of Punjab) ਨੇ ਕਿਸਾਨਾਂ ਨੂੰ ਕਪਾਹ, ਬਾਸਮਤੀ ਤੇ ਮੂੰਗੀ ਵਰਗੀਆਂ ਬਦਲਵੀਆਂ ਫ਼ਸਲਾਂ ਅਪਣਾ ਕੇ ਖੇਤੀਬਾੜੀ ’ਚ ਮਿਸਾਲੀ ਤਬਦੀਲੀ ਦਾ ਸੱਦਾ ਦਿੱਤਾ। ਸੂਬੇ ਦੇ ਕਿਸਾਨਾਂ ਨੂੰ ਵੀਡੀਓ ਸੰਦੇਸ਼ ’ਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜਰਖ਼ੇਜ਼ ਜ਼ਮੀਨ ਉਤੇ ਕਈ ਫ਼ਸਲਾਂ ਉਗਾਈਆਂ ਜਾਂਦੀਆਂ ਸਨ ਪਰ ਹੌਲੀ-ਹੌਲੀ ਕਿਸਾਨ ਝੋਨੇ ਤੱਕ ਮਹਿਦੂਦ ਹੋ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਇਸ ਦਾ ਸੂਬੇ ਦੀ ਆਰਥਿਕਤਾ ਉਤੇ ਮਾੜਾ ਪ੍ਰਭਾਵ ਪੈਂਦਾ ਹੈ ਕਿਉਂਕਿ ਇਸ ਲਈ ਬਿਜਲੀ ਤੇ ਪਾਣੀ ਦੀ ਬੇਹੱਦ ਵੱਧ ਵਰਤੋਂ ਕਰਨੀ ਪੈਂਦੀ ਹੈ, ਜਿਸ ਨਾਲ ਪੰਜਾਬ ਦੇ ਕਈ ਇਲਾਕੇ ਡਾਰਕ ਜ਼ੋਨ ਵਿੱਚ ਆ ਚੁੱਕੇ ਹਨ। ਇਸ ਦੇ ਨਾਲ-ਨਾਲ ਪਰਾਲੀ ਫੂਕਣ ਤੇ ਹੋਰ ਸਮੱਸਿਆਵਾਂ ਵੀ ਪੈਦਾ ਹੁੰਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਖ਼ਤਰੇ ਨਾਲ ਨਜਿੱਠਣ ਲਈ ਬਦਲਵੀਆਂ ਫ਼ਸਲਾਂ ਅਪਨਾਉਣ ਦੀ ਲੋੜ ਹੈ, ਜਿਸ ਲਈ ਸੂਬੇ ਦੇ ਮੁੱਖ ਸਕੱਤਰ ਦੀ ਅਗਵਾਈ ਹੇਠ ਇਕ ਕਮੇਟੀ ਬਣਾਈ ਗਈ ਹੈ, ਜਿਹੜੀ ਬਦਲਵੀਆਂ ਫ਼ਸਲਾਂ ਬਾਰੇ ਸੁਝਾਅ ਦੇਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਲਈ ਸੂਬਾ ਸਰਕਾਰ ਪਹਿਲੀ ਅਪਰੈਲ ਤੋਂ ਕਪਾਹ ਦੀ ਫ਼ਸਲ ਲਈ ਨਹਿਰੀ ਪਾਣੀ ਮੁਹੱਈਆ ਕਰਨ ਦੀ ਗਰੰਟੀ ਦੇਣ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਤੋਂ ਪ੍ਰਵਾਨਿਤ ਕਪਾਹ ਬੀਜਾਂ ਉਤੇ 33 ਫ਼ੀਸਦੀ ਸਬਸਿਡੀ ਦੇਵੇਗੀ। ਇਸ ਦੇ ਨਾਲ-ਨਾਲ ਕਪਾਹ ਦੀ ਫ਼ਸਲ ਉਤੇ ਬੀਮਾ ਅਤੇ ਬਾਸਮਤੀ ਉਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦਿੱਤੀ ਜਾਵੇਗੀ।

ਕਿਸਾਨਾਂ ਨੂੰ ਕਪਾਹ, ਬਾਸਮਤੀ ਤੇ ਮੂੰਗੀ ਵਰਗੀਆਂ ਬਦਲਵੀਆਂ ਫ਼ਸਲਾਂ ਅਪਨਾਉਣ ਦੀ ਅਪੀਲ | Government of Punjab

ਫ਼ਸਲੀ ਵਿਭਿੰਨਤਾ ਲਈ ਚੁੱਕੇ ਹੋਰ ਕਦਮਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਰਟੀਫਾਈਡ ਕਪਾਹ ਬੀਜਾਂ ਉਤੇ 33 ਫ਼ੀਸਦੀ ਸਬਸਿਡੀ ਦੇਣ ਦਾ ਐਲਾਨ ਕੀਤਾ ਤਾਂ ਕਿ ਚੰਗੀ ਪੈਦਾਵਾਰ ਵਾਲੇ ਬੀਜ ਕਿਸਾਨਾਂ ਲਈ ਘੱਟ ਕੀਮਤਾਂ ਉੱਤੇ ਉਪਲਬਧ ਹੋਣ। ਉਨ੍ਹਾਂ ਕਿਹਾ ਕਿ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਦਾ ਟਾਕਰਾ ਕਰਨ ਲਈ ਵੀ ਇਹਤਿਆਤੀ ਕਦਮ ਚੁੱਕੇ ਜਾ ਰਹੇ ਹਨ। ਭਗਵੰਤ ਮਾਨ ਨੇ ਜ਼ੋਰ ਦੇ ਕੇ ਆਖਿਆ ਕਿ ਇਨ੍ਹਾਂ ਸਮੱਸਿਆਵਾਂ ਦੇ ਖ਼ਾਤਮੇ ਲਈ ਨਵੇਂ ਕੀਟਨਾਸ਼ਕਾਂ ਦੀ ਵਿਆਪਕ ਖੋਜ ਦਾ ਫ਼ੈਸਲਾ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਕਪਾਹ ਦੀ ਫ਼ਸਲ ਦੇ ਨੁਕਸਾਨ ਦੀ ਪੂਰਤੀ ਲਈ ਸੂਬਾ ਸਰਕਾਰ ਬੀਮਾ ਸਕੀਮ ਉਤੇ ਵਿਚਾਰ ਕਰ ਰਹੀ ਹੈ ਤਾਂ ਕਿ ਕਿਸਾਨਾਂ ਨੂੰ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਬਾਸਮਤੀ ਨੂੰ ਵੀ ਫ਼ਸਲੀ ਵਿਭਿੰਨਤਾ ਲਈ ਬਦਲਵੀਂ ਫ਼ਸਲ ਵਜੋਂ ਉਤਸ਼ਾਹਤ ਕੀਤਾ ਜਾਵੇਗਾ ਅਤੇ ਉਨ੍ਹਾਂ ਬਾਸਮਤੀ ਉਤੇ ਐਮ.ਐਸ.ਪੀ. ਦੇਣ ਦਾ ਵੀ ਭਰੋਸਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਐਮ.ਐਸ.ਪੀ. ਉਤੇ ਬਾਸਮਤੀ ਦੀ ਖ਼ਰੀਦ ਲਈ ਮਾਰਕਫੈੱਡ ਨੋਡਲ ਏਜੰਸੀ ਹੋਵੇਗੀ ਅਤੇ ਕਿਸਾਨਾਂ ਦੇ ਹਿੱਤਾਂ ਦੀ ਹਰ ਕੀਮਤ ਉਤੇ ਰੱਖਿਆ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਬਾਸਮਤੀ ਉਤੇ ਕੀਟਨਾਸ਼ਕਾਂ ਦੇ ਛਿੜਕਾਅ ਦੀ ਮਿਕਦਾਰ ਤੈਅ ਕਰਨ ਵਾਸਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲੈਬਾਰਟਰੀਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਤਾਂ ਕਿ ਬਾਸਮਤੀ ਦੀ ਫ਼ਸਲ ਕੀਟਨਾਸ਼ਕ ਰਹਿੰਦ-ਖੂੰਹਦ ਸਬੰਧੀ ਯੂਰਪੀ ਮੁਲਕਾਂ ਦੇ ਬਰਾਮਦ ਮਾਪਦੰਡਾਂ ਉਤੇ ਪੂਰੀ ਉਤਰੇ।

ਮੂੰਗੀ ’ਤੇ ਐੱਮਐਸਪੀ ਜਾਰੀ ਰਹੇਗੀ: ਮੁੱਖ ਮੰਤਰੀ

ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਮੂੰਗੀ ਉਤੇ ਐਮ.ਐਸ.ਪੀ. ਜਾਰੀ ਰਹੇਗੀ ਪਰ ਹਾਲੀਆ ਖੋਜਾਂ ਵਿੱਚ ਪਤਾ ਚੱਲਿਆ ਹੈ ਕਿ ਮੂੰਗੀ ਦੀ ਫ਼ਸਲ ਉਤੇ ਪੈਦਾ ਹੁੰਦੀ ਚਿੱਟੀ ਮੱਖੀ ਨਰਮੇ ਉਤੇ ਤਬਦੀਲ ਹੋ ਜਾਂਦੀ ਹੈ, ਜਿਸ ਕਾਰਨ ਮਾਨਸਾ, ਬਠਿੰਡਾ, ਮੁਕਤਸਰ ਸਾਹਿਬ ਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਮੂੰਗੀ ਦੀ ਕਾਸ਼ਤ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਖ਼ਤਰਿਆਂ ਤੋਂ ਕਿਸਾਨਾਂ ਨੂੰ ਜਾਣੂੰ ਕਰਵਾਉਣ ਲਈ 2500 ਕਿਸਾਨ ਮਿੱਤਰ ਅਤੇ ਪੀ.ਏ.ਯੂ. ਦੇ 100 ਖੇਤੀਬਾੜੀ ਮਾਹਿਰ ਨਿਯੁਕਤ ਕੀਤੇ ਜਾਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।