ਸ਼ਿਕਾਇਤਕਰਤਾ ਦਾ ਦੋਸ਼ : ਦਰਜ ਪੁਲਿਸ ਕੇਸ ਚ ਜ਼ਮਾਨਤ ਕਰਵਾਉਣ ਬਦਲੇ ਮੰਗੀ ਰਿਸ਼ਵਤ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਟਿੱਬਾ ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਲਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। (Ludhiana News)
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਡਾ. ਅਰੁਣ ਬਹਿਲ ਵਾਸੀ ਰਾਜੂ ਕਾਲੋਨੀ, ਟਿੱਬਾ ਰੋਡ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ) ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੇ ਉਸ ਖਿਲਾਫ਼ ਦਰਜ ਪੁਲਿਸ ਕੇਸ ਵਿੱਚ ਜ਼ਮਾਨਤ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। (Ludhiana News)
ਜਿਸ ਤੋਂ ਬਾਅਦ ਉਸਨੇ ਵਿਜੀਲੈਂਸ ਅਧਿਕਾਰੀਆਂ ਨਾਲ ਰਾਬਤਾ ਬਣਾਇਆ ਤੇ ਆਪਣੀ ਸ਼ਿਕਾਇਤ ਦਰਜ ਕਰਾਈ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਈ.ਓ.ਡਬਲਿਊ. ਲੁਧਿਆਣਾ ਰੇਂਜ ਦੀ ਇੱਕ ਵਿਜੀਲੈਂਸ ਟੀਮ ਵੱਲੋਂ ਜਾਲ ਵਿਛਾਕੇ ਦੋਸ਼ੀ ਪੁਲਿਸ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਦੌਰਾਨ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।