ਰਜਨੀਸ਼ ਰਵੀ (ਫਾਜ਼ਿਲਕਾ)। ਜ਼ਿਲ੍ਹਾ ਮੈਜਿਸਟਰੇਟ ਡਾ. ਸੇਨੂੰ ਦੁੱਗਲ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਜਿਸ ਤਹਿਤ ਜ਼ਿਲਾ ਫ਼ਾਜ਼ਿਲਕਾ ਵਿਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਜਿਨਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਦਿੱਤੇ ਹਨ।
ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ਸੁਰੱਖਿਆ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਅਧਿਕਾਰੀ/ ਕਰਮਚਾਰੀ/ਚੌਂਕੀਦਾਰ ਦੀ 24 ਘੰਟੇ ਲਈ ਡਿਊਟੀ ਲਗਾਉਣ, ਤਾਂ ਜੋ ਕਿਸੇ ਵੀ ਜਥੇਬੰਦੀ ਵੱਲੋਂ ਰੋਸ਼ ਪ੍ਰਦਰਸ਼ਨ ਦੀ ਕਾਰਵਾਈ ਨੂੰ ਰੋਕਿਆ ਜਾ ਸਕੇ। ਹੁਕਮਾਂ ਮੁਤਾਬਕ ਜ਼ਿਲ੍ਹਾ ਫਾਜਿਲਕ ਦੀ ਸੀਮਾਂਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਨੂੰ ਖਰੀਦਣ, ਵੇਚਣ ਅਤੇ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ।
ਡੀਜੇ ਸਿਸਟਮ ’ਤੇ ਵੀ ਲੱਗੀ ਪਾਬੰਦੀ | Restrictions in District
ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫਾਜਿਲਕਾ ਦੇ ਬਾਰਡਰ ਨੇੜਲੇ ਪਿੰਡਾਂ ਵਿਚ ਸਾਮ 5 ਵਜੇ ਤੋਂ ਬਾਅਦ ਡੀਜੇ (ਮਿਊਜਿਕ ਸਿਸਟਮ), ਪਟਾਖੇ ਚਲਾਉਣ ਅਤੇ ਲੇਜਰ ਲਾਇਟਾਂ ਦਾ ਇਸਤੇਮਾਲ ਕਰਨ ਤੇ ਰੋਕ ਲਗਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਬਾਰਡਰ ਦੇ ਪਾਰ ਤੋਂ ਰਾਤ ਸਮੇਂ ਡ੍ਰੋਨ ਰਾਹੀਂ ਘੁਸਪੈਠ ਦੀ ਕੋਸਿਸ ਹੁੰਦੀ ਹੈ ਅਤੇ ਡੀਜੇ ਦੀ ਉਚੀ ਅਵਾਜ ਵਿੱਚ ਹਿੰਦ ਪਾਕਿ ਸੀਮਾ ’ਤੇ ਡਿਊਟੀ ਕਰ ਰਹੇ ਜਵਾਨਾਂ ਨੂੰ ਡ੍ਰੋਨ ਦੀ ਗੂੰਜ ਸੁਣਾਈ ਨਹੀਂ ਦਿੰਦੀ ਜਿਸ ਕਾਰਨ ਡੋ੍ਰਨ ਗਤੀਵਿਧੀ ਦਾ ਪਤਾ ਲਗਾਉਣਾ ਮੁਸ਼ਕਿਲ ਹੋ ਜਾਂਦਾ ਹੈ। ਇਸ ਲਈ ਰਾਸ਼ਟਰੀ ਸੁਰੱਖਿਆ ਦੇ ਮੱਦੇਨਜਰ ਇਹ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਦਾ ਉਲੰਘਣ ਕਰਨ ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਬਠਿੰਡਾ ‘ਚ ਸਕੂਲ ਵੈਨ-ਕੈਂਟਰ ਦੀ ਟੱਕਰ. 11 ਬੱਚੇ ਜ਼ਖਮੀ
ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜਿਲਕਾ ਵਿੱਚ ਪੈਂਦੇ ਅੰਤਰ-ਰਾਸਟਰੀ ਬਾਰਡਰ ਏਰੀਆ ਦੇ ਨਾਲ ਲੱਗਦੇ 4 ਕਿਲੋਮੀਟਰ ਦੇ ਏਰੀਏ ਵਿੱਚ ਕਵਾਡ-ਕਾਪਟਰ(ਡਰੋਨ ਕੈਮਰੇ) ਆਦਿ ਉਡਾਉਣ ਤੇ ਪਾਬੰਦੀ ਲਗਾਈ ਹੈ।
ਅੱਗ ਲਾਉਣ ਅਤੇ ਉੱਚੀਆਂ ਫ਼ਸਲਾਂ ’ਤੇ ਪਾਬੰਦੀ | Restrictions in District
ਹੁਕਮਾਂ ਮੁਤਾਬਕ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਕਣਕ ਦੇ ਨਾੜ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਪਾਬੰਦੀ ਲਗਾਈ ਹੈ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਕੰਬਾਇਨ ਰਾਹੀਂ ਕਣਕ ਦੀ ਕਟਾਈ ਤੇ ਪਾਬੰਦੀ ਲਗਾਈ ਹੈ। ਹੁਕਮ ਰਾਹੀਂ ਉਨ੍ਹਾਂ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਥਾਂ ‘ਤੇ ਉੱਚੀਆਂ ਫ਼ਸਲਾਂ ਜਿਵੇਂ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ ਅਜਿਹੀਆਂ ਹੋਰ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਬੀ.ਐਸ.ਐਫ. ਦੇ ਅਧਿਕਾਰੀਆਂ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਵਿਚਕਾਰ ਕੁਝ ਕਿਸਾਨ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ 3 ਤੋਂ 4 ਫ਼ੁਟ ਤੱਕ ਉੱਚੀਆਂ ਹੋਣ ਵਾਲੀਆਂ ਅਜਿਹੀਆਂ ਹੋਰ ਫ਼ਸਲਾਂ ਬੀਜ ਰਹੇ ਹਨ ਜਿਸ ਕਰਕੇ ਇਹ ਪਾਬੰਦੀ ਲਗਾਈ ਗਈ ਹੈ।
ਹੁੱਕਾ ਬਾਰ ’ਤੇ ਪਾਬੰਦੀ | Restrictions in District
ਜ਼ਿਲਾ ਮੈਜਿਸਟ੍ਰੇਟ ਵੱਲੋਂ ਜਨਹਿੱਤ ਨੂੰ ਮੁੱਖ ਰਖਦਿਆਂ ਜ਼ਿਲੇ੍ਹ ਵਿਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਜ਼ਿਲਾ ਮੈਜਿਸਟ੍ਰੇਟ ਦੇ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗ੍ਰਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ ਜਾ ਸਕੇਗਾ। ਜ਼ਿਲੇ ਦੇ ਸਮੂਹ ਪਿੰਡਾਂ ਅਤੇ ਨਗਰ ਕੌਂਸਲਾਂ ਦੀ ਹੱਦ ਵਿਚ ਇਹ ਹੁਕਮ ਲਾਗੂ ਰਹਿਣਗੇ। ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਭਾਰਤੀ ਢੰਡ ਵਿਧਾਨ ਦੀ ਧਾਰਾ 188 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਵਿੱਚ ਪੈਂਦੇ ਅੰਤਰਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲੱਗਦੇ 4 ਕਿਲੋਮੀਟਰ ਦੇ ਏਰੀਏ ਵਿਚ ਪਾਕਿਸਤਾਨੀ ਸਿਮ ਰੱਖਣ ਅਤੇ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾਈ ਹੈ। ਇਹ ਪਾਬੰਦੀਆਂ 31 ਮਈ 2023 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।