ਜਲਾਲਾਬਾਦ (ਰਜਨੀਸ਼ ਰਵੀ)। ਪੰਜਾਬੀ ਯੂਨੀਵਰਸਿਟੀ (Punjabi University) ਪਟਿਆਲਾ ਬਚਾਓ ਮੋਰਚਾ ਦੇ ਸੱਦੇ ਤੇ ਅੱਜ ਪੰਜਾਬ ਭਰ ਦੇ ਵਿਦਿਅਕ ਅਦਾਰਿਆਂ ਵਿਚ ਹੜਤਾਲ ਕੀਤੀ ਗਈ। ਇਸ ਤਹਿਤ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵੱਲੋਂ ਜ਼ਿਲਾ ਫਾਜ਼ਿਲਕਾ ਦੇ ਵੱਖ-ਵੱਖ ਅਦਾਰਿਆਂ ਵਿੱਚ ਵਿਦਿਆਰਥੀਆਂ ਵੱਲੋਂ ਵਿੱਦਿਅਕ ਅਦਾਰਿਆਂ ਵਿੱਚ ਹੜਤਾਲ ਕਰਵਾ ਕੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਦਰਜ ਕਰਵਾਇਆ ਗਿਆ।
ਇਸ ਸੱਦੇ ਤਹਿਤ ਜਲਾਲਾਬਾਦ ਦੇ ਸਰਕਾਰੀ ਕੰਨਿਆ ਕਾਲਜ ਵਿਖੇ ਏ.ਆਈ. ਐਸ. ਐਫ.ਦੇ ਜ਼ਿਲ੍ਹਾ ਪ੍ਰਧਾਨ ਰਮਨ ਧਰਮੂ ਵਾਲਾ,ਜ਼ਿਲਾ ਸਕੱਤਰ ਸਟਾਲਿਨ ਲਮੋਚੜ ਨੇਹਾ ਰਾਣੀ, ਆਕਾਸ਼ਦੀਪ ਕੌਰ ਅਤੇ ਜ਼ਿਲ੍ਹਾ ਕੌਂਸਲ ਮੈਂਬਰ ਭੁਪਿੰਦਰ ਸਿੰਘ ਦੀ ਅਗਵਾਈ ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਹਾਜ਼ਰ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਵਿਦਿਆਰਥੀ ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਉੱਚ ਵਿੱਦਿਆ ਦਾ ਨਿੱਜੀਕਰਨ ਅਤੇ ਪ੍ਰਾਈਵੇਟ ਕਰਕੇ ਬਜ਼ਾਰੀ ਵਸਤੂ ਬਣਾਇਆ ਜਾ ਰਿਹਾ ਹੈ,ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਆਗੂਆਂ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ (Punjabi University) ਪਟਿਆਲਾ ਲਈ ਦਿੱਤੀ ਜਾਂਦੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਗ੍ਰਾਂਟ ਤੇ ਕੱਟ ਲਗਾਕੇ ਯੂਨੀਵਰਸਿਟੀ ਨੂੰ ਬੰਦ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਜਿਸ ਦਾ ਪੰਜਾਬ ਦੇ ਸਮੂਹ ਵਿਦਿਆਰਥੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ।