ਜਲੰਧਰ (ਰਾਜਨ ਮਾਨ)। ਜਲੰਧਰ ਲੋਕ ਸਭਾ ਹਲਕੇ ਦੇ ਚੋਣ ਨੂੰ ਲੈ ਕੇ ਅਜੇ ਸਿਆਸੀ ਧਿਰਾਂ ਸਪੀਡ ਹੀ ਫੜ ਰਹੀਆਂ ਸਨ ਕਿ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝੱਟਕਾ ਲੱਗਾ ਜਦੋਂ ਕੁਝ ਦਿਨ ਪਹਿਲਾਂ ਹੀ ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ ਵਲੋਂ ਆਪ ਵਿਚ ਜਾਣ ਤੋਂ ਬਾਅਦ ਅੱਜ ਝਾੜੂ ਸੁੱਟ ਮੁੜ ਪੰਜਾ ਫੜ ਲਿਆ ਹੈ। ਕਾਂਗਰਸ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੰਤਰੀ ਅਵਤਾਰ ਸਿੰਘ ਹੈਨਰੀ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ ਹੈ।
ਇਸ ਦੀ ਜਾਣਕਾਰੀ ਵੀ ਪ੍ਰਤਾਪ ਸਿੰਘ ਬਾਜਵਾ ਵੱਲੋਂ ਹੀ ਇੱਕ ਟਵੀਟ ਰਾਹੀਂ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਜਲੰਧਰ ਵਿੱਚ ਹੋ ਰਹੀ ਲੋਕ ਸਭਾ ਦੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਲੋਂ ਜਿੱਥੇ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਆਪਣੀ ਪਾਰਟੀ ਵਿੱਚ ਸ਼ਾਮਿਲ ਕਰਕੇ ਟਿਕਟ ਦਿੱਤੀ ਗਈ ਹੈ ਉੱਥੇ ਹੀ ਲਗਾਤਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪਾਰਟੀ ਦੀ ਲੀਡਰਸ਼ਿਪ ਵੱਲੋਂ ਕਾਂਗਰਸ ਅਤੇ ਭਾਜਪਾ ਦੇ ਆਗੂਆਂ ਨੂੰ ਆਪ ਵਿੱਚ ਸ਼ਾਮਿਲ ਕਰਵਾਇਆ ਜਾ ਰਿਹਾ ਹੈ ਲੇਕਿਨ ਸੁਰਿੰਦਰ ਚੌਧਰੀ ਦੀ ਵਾਪਸੀ ਨਾਲ ਆਪ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਵੱਡਾ ਝਟਕਾ ਲੱਗਾ ਹੈ। ਆਪ ਪਹਿਲਾਂ ਹੀ ਸੰਗਰੂਰ ਜ਼ਿਮਨੀ ਚੋਣ ਵਿੱਚ ਹੋਈ ਹਾਰ ਕਾਰਨ ਪ੍ਰੇਸ਼ਾਨ ਹੈ ਅਤੇ ਹੁਣ ਸ਼ੁਰੂ ਵਿਚ ਹੀ ਅਜਿਹੇ ਝੱਟਕੇ ਪਾਰਟੀ ਲਈ ਨਵੀਂ ਸਿਰਦਰਦੀ ਬਣ ਸਕਦੇ ਹਨ। ਕਾਂਗਰਸ ਪਾਰਟੀ ਵਲੋਂ ਆਪਣੇ ਆਪ ਨੂੰ ਜਿੱਤ ਦਾ ਮਜ਼ਬੂਤ ਦਾਅਵੇਦਾਰ ਕਿਹਾ ਜਾ ਰਿਹਾ ਹੈ।