ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਪੁੱਜੇ
ਬਾਦਲ (ਸੁਖਜੀਤ ਮਾਨ/ਮੇਵਾ ਸਿੰਘ)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ ਸਸਕਾਰ ਅੱਜ ਉਨ੍ਹਾਂ ਦੇ ਖੇਤ ’ਚ ਧਾਰਮਿਕ ਰੀਤੀ ਰਿਵਾਜਾਂ ਅਤੇ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਮੁੱਖ ਅਗਨੀ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੀ ਗਈ। ਸ੍ਰ. ਬਾਦਲ ਦਾ ਬੀਤੇ ਦਿਨੀਂ ਮੋਹਾਲੀ ਦੇ ਹਸਪਤਾਲ ’ਚ ਇਲਾਜ ਦੌਰਾਨ ਦੇਹਾਂਤ ਹੋ ਗਿਆ ਸੀ।
ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਬਣਨ ਦਾ ਮਾਣ ਹਾਸਿਲ ਕਰਨ ਵਾਲੇ ਸਵ. ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਘਰ ਤੋਂ ਸਸਕਾਰ ਵਾਲੀ ਥਾਂ ’ਤੇ ਫੁੱਲਾਂ ਨਾਲ ਸਜਾਏ ਟ੍ਰੈਕਟਰ-ਟ੍ਰਾਲੀ ਰਾਹੀਂ ਲਿਆਂਦਾ ਗਿਆ। ਉਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਅਤੇ ਭਤੀਜੇ ਮਨਪ੍ਰੀਤ ਸਿੰਘ ਬਾਦਲ ਨੇ ਅਰਥੀ ਨੂੰ ਮੋਢਾ ਦੇ ਕੇ ਚਿਖਾ ’ਤੇ ਲਿਆਂਦਾ। ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਕੈਬਨਿਟ ਮੰਤਰੀ ਅਮਨ ਅਰੋੜਾ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ,
ਕੇਂਦਰੀ ਮੰਤਰੀ ਚੌਧਰੀ ਸੋਮ ਪ੍ਰਕਾਸ਼, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸਯੰਤ ਚੌਟਾਲਾ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੰਸਦ ਮੈਂਬਰ ਦੁਪਿੰਦਰ ਸਿੰਘ ਹੁੱਡਾ, ਹਰਿਆਣਾ ਦੇ ਕੈਬਨਿਟ ਮੰਤਰੀ ਚੌਧਰੀ ਰਣਜੀਤ ਸਿੰਘ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਤੋਂ ਇਲਾਵਾ ਹੋਰ ਵੱਡੀ ਗਿਣਤੀ ਸਿਆਸੀ ਆਗੂਆਂ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਰੀਥ ਭੇਂਟ ਕੀਤੀ ਗਈ। ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਮਾਤਮੀ ਧੁਨ ਵਜਾਈ ਗਈ।
ਮ੍ਰਿਤਕ ਦੇਹ ਨਾਲ ਲਿਪਟ ਕੇ ਰੋਏ ਧੀ-ਪੁੱਤ
ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਸਸਕਾਰ ਲਈ ਜਦੋਂ ਅਰਥੀ ਨੂੰ ਚਿਖਾ ’ਤੇ ਲਿਆਂਦਾ ਤਾਂ ਉਸ ਵੇਲੇ ਸਵ. ਬਾਦਲ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਅਤੇ ਧੀ ਪ੍ਰਨੀਤ ਕੌਰ ਆਪਣੇ ਪਿਤਾ ਦੀ ਮ੍ਰਿਤਕ ਦੇਹ ਨਾਲ ਲਿਪਟ ਕੇ ਰੋਏ। ਸੁਖਬੀਰ ਸਿੰਘ ਬਾਦਲ ਦੀਆਂ ਦੋਵੇਂ ਧੀਆਂ ਅਤੇ ਪੁੱਤਰ ਅਨੰਤਬੀਰ ਸਿੰਘ ਬਾਦਲ ਵੱਲੋਂ ਆਪਣੇ ਸਵ. ਦਾਦਾ ਦੀ ਮ੍ਰਿਤਕ ਦੇਹ ਦੇ ਪੈਰ ਛੂਹ ਕੇ ਅੰਤਿਮ ਵਿਦਾਇਗੀ ਦਿੱਤੀ।