ਮੁੱਖ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ ’ਚ ਆਧਿਨਕ ਸਹੂਲਤਾਂ ਨਾਲ ਲੈਸ ਐਮਰਜੈਂਸੀ ਵਾਰਡ ਦਾ ਕੀਤਾ ਉਦਘਾਟਨ
- ਰਾਜਿੰਦਰਾ ਮੈਡੀਕਲ ਕਾਲਜ ਤੇ ਹਸਪਤਾਲ ਲਈ 196.81 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟਾਂ ਦਾ ਵੀ ਐਲਾਨ
- ਕਈ ਨਵੀਆਂ ਸਹੂਲਤਾਂ ਨਾਲ ਐਮਰਜੈਂਸੀ ਵਾਰਡ ਦੀ ਸਮਰੱਥਾ ਦੁੱਗਣੀ ਕੀਤੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੂਬੇ ਦੇ ਲੋਕਾਂ ਖਾਸ ਕਰਕੇ ਮਾਲਵੇ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੋਂ ਦੇ ਰਾਜਿੰਦਰਾ ਹਸਪਤਾਲ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਐਮਰਜੈਂਸੀ ਵਾਰਡ ਦਾ ਉਦਘਾਟਨ ਕੀਤਾ ਜਿਸ ਨਾਲ ਲੋਕਾਂ ਨੂੰ ਸਮੇਂ ਸਿਰ ਹੰਗਾਮੀ ਸੇਵਾਵਾਂ ਮੁਹੱਈਆ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾ ਸਕੇਗਾ। (Rajindra Hospital Patiala)
ਐਮਰਜੈਂਸੀ ਦੇ ਨਵੀਨੀਕਰਨ ਦੇ ਉਦਘਾਟਨ ਤੋਂ ਬਾਅਦ ਮੁੱਖ ਮੰਤਰੀ ਨੇ ਦੱਸਿਆ ਕਿ ਮਾਲਵੇ ਦੇ ਲੋਕ ਵੱਡੀ ਗਿਣਤੀ ਵਿੱਚ ਇਲਾਜ ਕਰਵਾਉਣ ਲਈ ਰਾਜਿੰਦਰਾ ਹਸਪਤਾਲ ਵਿੱਚ ਆਉਂਦੇ ਹਨ ਤੇ ਇੱਥੋਂ ਤੱਕ ਕਿ ਗੰਗਾਨਗਰ ਤੋਂ ਵੀ ਮਰੀਜ਼ ਇੱਥੇ ਇਲਾਜ ਲਈ ਆਉਂਦੇ ਹਨ ਜਿਸ ਕਰਕੇ ਸਰਕਾਰ ਵੱਲੋਂ ਇਸ ਹਸਪਤਾਲ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਇਸ ਮੌਕੇ ਉਨ੍ਹਾਂ ਦੇ ਨਾਲ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾਕਟਰ ਬਲਬੀਰ ਸਿੰਘ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਹਰਮੀਤ ਸਿੰਘ ਪਠਾਣਮਾਜਰਾ ਵੀ ਮੌਜੂਦ ਸਨ।
ਰਾਜਿੰਦਰਾ ਹਸਪਤਾਲ ਵਿਖੇ 68.74 ਕਰੋੜ ਰੁਪਏ ਦੀ ਲਾਗਤ ਨਾਲ ਟਰੋਮਾ ਸੈਂਟਰ ਦੀ ਸਥਾਪਨਾ ਕੀਤੀ ਜਾਵੇਗੀ
ਹਾਦਸੇ ਦੇ ਸ਼ਿਕਾਰ ਲੋਕਾਂ ਨੂੰ ਫੌਰੀ ਇਲਾਜ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਨੇ ਦੱਸਿਆ ਕਿ ਰਾਜਿੰਦਰਾ ਹਸਪਤਾਲ ਵਿਖੇ 68.74 ਕਰੋੜ ਰੁਪਏ ਦੀ ਲਾਗਤ ਨਾਲ ਟਰੋਮਾ ਸੈਂਟਰ ਦੀ ਸਥਾਪਨਾ ਕੀਤੀ ਜਾਵੇਗੀ ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਐਕਸੀਡੈਂਟ ਕੇਸਾਂ ਦੇ ਮਰੀਜ਼ ਨੂੰ ਇਲਾਜ ਲਈ ਪੀ.ਜੀ.ਆਈ. ਲਈ ਰੈਫਰ ਕਰਨਾ ਪੈਂਦਾ ਹੈ ਉਨ੍ਹਾਂ ਕਿਹਾ ਕਿ ਟਰੋਮਾ ਸੈਂਟਰ ਬਣਨ ਨਾਲ ਲੋਕਾਂ ਦੇ ਸਮੇਂ ਦੀ ਬੱਚਤ ਹੋਵੇਗੀ ਅਤੇ ਪੀ.ਜੀ.ਆਈ. ਉਤੇ ਵੀ ਬੋਝ ਘਟੇਗਾ।
ਮੁੱਖ ਮੰਤਰੀ ਨੇ ਦੱਸਿਆ ਕਿ ਐਮਰਜੈਂਸੀ ਵਾਰਡ ਵਿਚ ਬੈੱਡਾਂ ਦੀ ਸਮਰੱਥਾ ਦੁੱਗਣੀ ਕਰ ਦਿੱਤੀ ਗਈ ਹੈ ਜੋ ਹੁਣ 50 ਬੈੱਡਾਂ ਤੋਂ ਵਧਾ ਕੇ 100 ਬੈੱਡ ਕਰ ਦਿੱਤੇ ਗਏ ਹਨ ਜਿਸ ਨਾਲ ਲੋਕਾਂ ਨੂੰ ਐਮਰਜੈਂਸੀ ਸਿਹਤ ਸਹੂਲਤਾਂ ਦੇਣ ਵਿਚ ਦੇਰੀ ਖਤਮ ਹੋਵੇਗੀ ਉਨ੍ਹਾਂ ਕਿਹਾ ਕਿ ਮਰੀਜ਼ਾਂ ਲਈ ਲੋੜੀਂਦੇ ਟੈਸਟ ਵੀ ਹੁਣ ਐਮਰਜੈਂਸੀ ਵਿੱਚ ਹੀ ਹੋ ਜਾਇਆ ਕਰਨਗੇ ਤੇ ਇਸ ਨਾਲ ਮਰੀਜ਼ ਦਾ ਸਮੇਂ ਸਿਰ ਇਲਾਜ ਵੀ ਸ਼ੁਰੂ ਕੀਤਾ ਜਾ ਸਕੇਗਾ। (Rajindra Hospital Patiala)
ਐਮਰਜੈਂਸੀ ਲਈ ਵਿਸ਼ੇਸ਼ ਤੌਰ ’ਤੇ 40 ਨਵੇਂ ਮੁਲਾਜ਼ਮ ਵੀ ਭਰਤੀ ਕੀਤੇ
ਮੁੱਖ ਮੰਤਰੀ ਨੇ ਦੱਸਿਆ ਕਿ ਐਮਰਜੈਂਸੀ ਲਈ ਵਿਸ਼ੇਸ਼ ਤੌਰ ’ਤੇ 40 ਨਵੇਂ ਮੁਲਾਜ਼ਮ ਵੀ ਭਰਤੀ ਕੀਤੇ ਗਏ ਹਨ ਜੋ ਸਿਰਫ ਐਮਰਜੈਂਸੀ ਵਾਰਡ ਵਿੱਚ ਹੀ ਡਿਊਟੀ ਨਿਭਾਉਣਗੇ ਰਾਜਿੰਦਰਾ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਹੋਰ ਵੀ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਜਿਨ੍ਹਾਂ ਵਿਚ ਐਡਵਾਂਸਡ ਆਈ.ਸੀ.ਯੂ. ਲਈ 17 ਬੈੱਡ, ਅਪ੍ਰੇਸ਼ਨ ਥੀਏਟਰ ਨਾਲ ਜੁੜੀ ਐਮਰਜੈਂਸੀ ਲਈ ਚਾਰ ਅਪ੍ਰੇਸ਼ਨ ਥੀਏਟਰ, ਸਰਜੀਕਲ ਐਚ.ਡੀ.ਯੂ. ਲਈ 10 ਬੈੱਡ ਨਵੇਂ ਸਥਾਪਤ ਕੀਤੇ ਗਏ ਹਨ ਇਸ ਤੋਂ ਇਲਾਵਾ 50 ਲੋਕਾਂ ਲਈ ਉਡੀਕ ਖੇਤਰ ਅਤੇ ਆਧੁਨਿਕ ਮੈਡੀਕਲ ਸਾਜ਼ੋ-ਸਾਮਾਨ ਸਥਾਪਤ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਹਸਪਤਾਲ ਵਿਚ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ
ਇਸ ਮੌਕੇ ਮੁੱਖ ਮੰਤਰੀ ਨੇ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਹਸਪਤਾਲ ਵਿਚ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ ਇਸ ਮੌਕੇ ਮੁੱਖ ਮੰਤਰੀ ਨੇ ਰਾਜਿੰਦਰਾ ਮੈਡੀਕਲ ਕਾਲਜ ਤੇ ਹਸਪਤਾਲ ਲਈ 196.81 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟਾਂ ਦਾ ਵੀ ਐਲਾਨ ਕੀਤਾ ਜਿਨ੍ਹਾਂ ਵਿਚ ਡਾਕਟਰਾਂ ਲਈ ਰਿਹਾਇਸ਼, ਸਪੋਰਟਸ ਹਾਲ, ਕੈਦੀਆਂ ਲਈ ਵੱਖਰਾ ਵਾਰਡ ਤੇ ਹੋਰ ਪ੍ਰਾਜੈਕਟ ਸ਼ਾਮਲ ਹਨ ਉਨ੍ਹਾਂ ਦੇ ਨਾਲ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਹਰਮੀਤ ਸਿੰਘ ਪਠਾਣਮਾਜਰਾ, ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ,ਮੈਡੀਕਲ ਸਿੱਖਿਆ ਦੇ ਵਧੀਕ ਸਕੱਤਰ ਰਾਹੁਲ ਗੁਪਤਾ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।