ਚੰਡੀਗੜ੍ਹ। ਪੰਜਾਬ ਯੂਨੀਵਰਸਿਟੀ (Punjab University) ਦੇ ਮਾਮਲੇ ਨੂੰ ਲੈ ਕੇ ਰਾਜਪਾਲ ਨਾਲ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ। ਇਹ ਮੀਟਿੰਗ ਯੂਟੀ ਸਕੱਤਰੇਤ ਵਿਖੇ ਹੋਈ। ਇਸ ’ਚ ਦੋਹਾਂ ਸੂਬਿਆਂ ਦੇ ਮੁੱਖ ਮੰਤਰੀ ਮੌਜ਼ੂਦ ਰਹੇ। ਦਰਅਸਲ ਹਰਿਆਣਾ ਵੱਲੋਂ ਪੰਜਾਬ ਯੂਨੀਵਰਸਿਟੀ ਤੋਂ ਆਪਣੇ ਕਾਲਜਾਂ ਲਈ ਮਾਨਤਾ ਮੰਗੀ ਜਾ ਰਹੀ ਹੈ ਪਰ ਦੂਜੇ ਪਾਸੇ ਪੰਜਾਬ ਕਿਸੇ ਵੀ ਤਰ੍ਹਾਂ ਦੀ ਹਿੱਸੇਦਾਰੀ ਦੇਣ ਦੇ ਪੱਖ ’ਚ ਨਹੀਂ ਹੈ।
ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਹੈ ਅਤੇ ਅਸੀਂ ਆਪਣੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹਾਂ। ਦਰਅਸਲ ਹਰਿਆਣਾ ਨੇ ਪੰਜਾਬ ਯੂਨੀਵਰਸਿਟੀ ਤੋਂ ਹਰਿਆਣਾ ਦੇ ਕੁਝ ਕਾਲਜਾਂ ਨੂੰ ਮਾਨਤਾ ਦਿਵਾਉਣ ’ਤੇ ਯੂਨੀਵਰਸਿਟੀ ਨੂੰ ਗ੍ਰਾਂਟ ਦੇ ਤੌਰ ’ਤੇ 40 ਫ਼ੀਸਦੀ ਦੇਣ ਦੀ ਯੋਜਨਾ ਬਣਾਈ ਹੈ। ਪੰਜਾਬ ਯੂਨੀਵਰਸਿਟੀ ਵੱਲੋਂ ਹਰਿਆਣਾ ਦੇ ਕਾਲਜਾਂ ਨੂੰ ਮਾਨਤਾ ਦੇਣ ਨੂੰ ਲੈ ਕੇ ਪਿਛਲੇ ਦਿਨਾਂ ’ਚ ਕਈ ਮੀਟਿੰਗ ਹੋਈਆਂ, ਇਸ ਮੁੱਦੇ ’ਤੇ ਫੈਸਲਾ ਲੈਣਾ ਬਾਕੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਪ੍ਰੈੱਸ ਕਾਨਫਰੰਸ | Punjab University
ਮੀਟਿੰਗ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਪੰਜਾਬ ਯੂਨੀਵਰਸਿਟੀ ਵਿੱਚ ਹਿੱਸਾ ਮੰਗਦੇ ਹਨ। ਪਰ ਅੱਜ ਦੀ ਮੀਟਿੰਗ ਵਿੱਚ ਅਸੀਂ ਇਸ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਨਾਲ ਪੰਜਾਬ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਹਰਿਆਣਾ ਸਰਕਾਰ ਤੋਂ ਪੁੱਛਿਆ ਹੈ ਕਿ ਕੀ ਕੁਰੂਕਸ਼ੇਤਰਾ ਯੂਨੀਵਰਸਿਟੀ ਤੋਂ ਤੁਹਾਡਾ ਭਰੋਸਾ ਉੱਠ ਚੁੱਕਿਆ ਹੈ? ਤਾਂ ਉਨ੍ਹਾਂ ਇਸ ਗੱਲ ਦਾ ਕੋਈ ਜਵਾਬ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਸਾਨੂੰ ਫੰਡ ਦੇਣ ਦੀ ਪੇਸ਼ਕਸ਼ ਕੀਤੀ ਪਰ ਪੈਸੇ ਲੈ ਕੇ ਅਜਿਹਾ ਕੋਈ ਕੰਮ ਨਹੀਂ ਕੀਤਾ ਜਾਵੇਗਾ ਜਿਸ ਨਾਲ ਪੰਜਾਬ ਦੇ ਹੱਕਾਂ ’ਤੇ ਡਾਕਾ ਵੱਜੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਅਕਾਲੀ ਸਰਕਾਰ ‘ਤੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਲਈ ਬਾਦਲ ਨੇ ਐੱਨਓਸੀ ਦਿੱਤੀ ਸੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਤੱਤਕਾਲੀਨ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਚਿੱਠੀ ਲਿਖੀ ਸੀ। ਉਨ੍ਹਾਂ ਚਿੱਠੀ ‘ਚ ਲਿਖਿਆ ਸੀ ਕਿ ਸਾਨੂੰ ਕੋਈ ਇਤਰਾਜ ਨਹੀਂ।
PU ਸਣੇ ਕਈਂ ਅਹਿਮ ਮਸਲਿਆਂ 'ਤੇ ਪੰਜਾਬ ਭਵਨ ਚੰਡੀਗੜ੍ਹ ਤੋਂ ਪ੍ਰੈੱਸ ਕਾਨਫਰੰਸ Live… https://t.co/Hso2DJrwfk
— Bhagwant Mann (@BhagwantMann) June 5, 2023
ਉਨ੍ਹਾਂ ਕਿਹਾ ਕਿ 28 ਮਈ 2023 ਨੂੰ ਜਾਰੀ ਕੀਤੇ ਬਿਆਨ ਨੂੰ ਦਿਖਾਉਂਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਹਰਿਆਣਾ ਵੱਲੋਂ ਕਿਹਾ ਜਾਂਦਾ ਹੈ ਕਿ ਸਾਡੇ ਕੋਲ ਫੰਡ ਨਹੀਂ ਯੂਨੀਵਰਸਿਟੀਆਂ ਨੂੰ ਦੇਣ ਲਈ ਤੇ ਅੱਜ ਕਹਿ ਰਹੇ ਹਨ ਕਿ ਸਾਡੇ ਤੋਂ ਯੂਨੀਵਰਸਿਟੀ ਵਿੱਚ ਹਿੱਸਾ ਪਾਉਣ ਲਈ ਸਾਡੇ ਤੋਂ ਪੈਸੇ ਲੈ ਲਓ। ਉਨ੍ਹਾਂ ਕਿਹਾ ਕਿ ਕਿਸੇ ਵੀ ਹੱਦ ’ਤੇ ਜਾ ਕੇ ਅਸੀਂ ਆਪਣੀ ਯੂਨੀਵਰਸਿਟੀ ਵਿੱਚ ਕਿਸੇ ਸੂਬੇ ਦਾ ਹਿੱਸਾ ਨਹੀਂ ਪਾਵਾਂਗੇ। ਉਨ੍ਹਾਂ ਕਿਹਾ ਕਿ ਹਰਿਆਣਾ ਕਿਸੇ ਵੀ ਜਗ੍ਹਾ ਆਪਣੀ ਯੂਨੀਵਰਸਿਟੀ ਬਣਾਵੇ ਪਰ ਅਸੀਂ ਪੰਜਾਬ ਯੂਨੀਵਰਸਿਟੀ ਵਿੱਚ ਹਰਿਆਣਾ ਦਾ ਹਿੱਸਾ ਨਹੀਂ ਪਾਵਾਂਗੇ। ਉਨ੍ਹਾਂ ਪੰਜਾਬ ਯੂਨੀਵਰਸਿਟੀ ਦੀ ਗੱਲ ਕਰਦਿਆਂ ਐੱਸਵਾਈਐੱਲ ਦਾ ਮੁੱਦਾ ਵੀ ਚੁੱਕ ਲਿਆ। ਉਨ੍ਹਾਂ ਕਿਹਾ ਕਿ ਬੱਚੇ ਕਿਸੇ ਵੀ ਸੂਬੇ ਤੋਂ ਆ ਕੇ ਪੜ੍ਹ ਸਕਦੇ ਹਨ।