ਪੰਜਾਬ ’ਚ ਪਏ ਮੀਂਹ ਨੇ ਕਿਸਾਨਾਂ ਦੇ ਚਿਹਰਿਆਂ ’ਤੇ ਲਿਆਂਦੀ ਰੌਣਕ

Weather Today

ਚੰਡੀਗੜ੍ਹ। ਪੰਜਾਬ ਵਿੱਚ ਮਾਨਸੂਨ (Rain in Punjab) ਨੇ ਸ਼ੁਰੂਆਤੀ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਮਾਨਸੂਨ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਪਹੁੰਚ ਗਿਆ ਹੈ। ਵੀਰਵਾਰ ਨੂੰ ਮਾਲਵਾ ਖੇਤਰ ਦੇ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ ਅਤੇ ਮਾਨਸਾ ਨੂੰ ਛੱਡ ਕੇ ਬਾਕੀ ਥਾਵਾਂ ’ਤੇ ਭਾਰੀ ਮੀਂਹ ਪਿਆ। ਇਸ ਤੋਂ ਇਲਾਵਾ ਮਾਝੇ ਅਤੇ ਦੁਆਬੇ ’ਚ ਮੌਸਮ ਹੁੰਮਸ ਰਿਹਾ। ਮੌਸਮ ਵਿਭਾਗ ਅਨੁਸਾਰ 1 ਜੁਲਾਈ ਤੋਂ 3 ਜੁਲਾਈ ਤੱਕ ਕੁਝ ਥਾਵਾਂ ‘ਤੇ ਹਲਕੀ ਬਾਰਿਸ ਹੋਣ ਦੀ ਸੰਭਾਵਨਾ ਹੈ।

ਕਈ ਸਹਿਰਾਂ ਵਿੱਚ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਗਈ | Rain in Punjab

ਪ੍ਰਾਪਤ ਜਾਣਕਾਰੀ ਅਨੁਸਾਰ ਮਾਲਵਾ ਖੇਤਰ ਵਿੱਚ ਵੀਰਵਾਰ ਨੂੰ ਹੋਈ ਮਾਨਸੂਨ ਦੀ ਪਹਿਲੀ ਬਾਰਿਸ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ, ਉੱਥੇ ਹੀ ਕਈ ਸਹਿਰਾਂ ਵਿੱਚ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਗਈ। ਇਸ ਮੀਂਹ ਕਾਰਨ ਕਿਸਾਨਾਂ ਅਤੇ ਪਾਵਰਕੌਮ ਨੇ ਸੁੱਖ ਦਾ ਸਾਹ ਲਿਆ ਹੈ। ਇਸ ਦੌਰਾਨ ਸੜਕਾਂ ’ਤੇ ਪਾਣੀ ਭਰ ਜਾਣ ਕਾਰਨ ਰਾਹਗੀਰਾਂ ਨੂੰ ਆਉਣ-ਜਾਣ ’ਚ ਮੁਸਕਲਾਂ ਦਾ ਸਾਹਮਣਾ ਕਰਨਾ ਪਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ਵਿੱਚ 26 ਮਿਲੀਮੀਟਰ, ਚੰਡੀਗੜ੍ਹ ਵਿੱਚ 11.4 ਮਿਲੀਮੀਟਰ, ਲੁਧਿਆਣਾ ਵਿੱਚ 9 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 7 ਮਿਲੀਮੀਟਰ ਮੀਂਹ ਪਿਆ ਹੈ। ਪੰਜਾਬ ’ਚ ਕਈ ਥਾਵਾਂ ’ਤੇ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

ਇਹ ਵੀ ਪੜ੍ਹੋ : ਊਰਜਾ ਤਬਦੀਲੀ ’ਚ ਸ਼ਲਾਘਾਯੋਗ ਪ੍ਰਦਰਸ਼ਨ

ਦੂਜੇ ਪਾਸੇ ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ। ਇਹ ਮੀਂਹ ਖੇਤੀ ਲਈ ਲਾਹੇਵੰਦ ਦੱਸਿਆ ਜਾ ਰਿਹਾ ਹੈ। ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਅਗੇਤਾ ਨਰਮਾ ਬੀਜਣ ਵਾਲਿਆਂ ਨੂੰ ਫਸਲ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ ਅਤੇ ਲੋੜ ਪੈਣ ’ਤੇ ਸਪਰੇਅ ਵੀ ਕਰਨੀ ਚਾਹੀਦੀ ਹੈ। ਦੂਜੇ ਪਾਸੇ ਬਦਲਦੇ ਮੌਸਮ ਕਾਰਨ ਬਿਜਲੀ ਦੀ ਮੰਗ ਵੀ ਘਟ ਗਈ ਹੈ। ਪੰਜਾਬ ’ਚ ਵੀਰਵਾਰ ਨੂੰ ਬਾਅਦ ਦੁਪਹਿਰ ਪਏ ਮੀਂਹ ਤੋਂ ਪਹਿਲਾਂ ਬਿਜਲੀ ਦੀ ਮੰਗ 13,000 ਮੈਗਾਵਾਟ ਦੇ ਕਰੀਬ ਦਰਜ ਕੀਤੀ ਗਈ ਸੀ ਪਰ ਸ਼ਾਮ ਨੂੰ ਕੁਝ ਹਿੱਸਿਆਂ ’ਚ ਪਏ ਮੀਂਹ ਤੋਂ ਬਾਅਦ ਬਿਜਲੀ ਦੀ ਮੰਗ ਘੱਟ ਕੇ 11,000 ਮੈਗਾਵਾਟ ਦੇ ਕਰੀਬ ਰਹਿ ਗਈ।