ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿੱਚ ਹੜ੍ਹਾਂ ਦੇ ਭਿਆਨਕ ਰੂਪ ਨੇ ਅੱਧੇ ਪੰਜਾਬ ਨੂੰ ਪ੍ਰਭਾਵਿਤ ਕੀਤਾ ਹੈ। ਪਹਾੜਾਂ ’ਤੇ ਪਏ ਮੀਂਹ ਨੇ ਅੱਧਾ ਪੰਜਾਬ ਘਰੋਂ-ਬੇਘਰ ਕਰ ਦਿੱਤਾ ਤੇ ਫ਼ਸਲਾਂ ਤਬਾਹ ਕਰ ਦਿੱਤੀਆਂ। ਇੱਥੋਂ ਤੱਕ ਕਿ ਇੰਡਸਟਰੀ ਨੂੰ ਵੀ ਨੁਕਸਾਨ ਹੋਇਆ ਹੈ। ਇਸ ਦਰਮਿਆਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਹੜ੍ਹਾਂ ਦੌਰਾਨ ਸਹਾਇਤਾ ਦੀ ਗੱਲ ਆਖੀ ਹੈ। ਉਨ੍ਹਾਂ ਆਖਿਆ ਕਿ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਬਜ਼ੁਰਗਾਂ ਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ ਸਮਾਜਿਕ ਸੁਰੱਖਿਆ ਵਿਭਾਗ ਨੂੰ ਉਪਰਾਲੇ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਬਜ਼ੁਰਗ ਨਾਗਰਿਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਵਚਨਬੱਧ : Dr. Baljit Kaur
ਉਨ੍ਹਾ ਆਖਿਆ ਕਿ ਸਮਾਜ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਜ਼ੁਰਗ ਨਾਗਰਿਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੌਜ਼ੂਦਾ ਹੜ੍ਹਾਂ ਦੇ ਹਾਲਾਤ ਦੌਰਾਨ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਮੱਦਦ ਵੱਧ ਤੋਂ ਵੱਧ ਕੀਤੀ ਜਾਵੇ। (Dr. Baljit Kaur)
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਹੈਲਪਲਾਈਨ ਨੰਬਰ, ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ ਅਤੇ ਨੋਡਲ ਅਫ਼ਸਰ ਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਵੱਲੋਂ ਜ਼ਿਲ੍ਹਾਂ ਨੋਡਲ ਅਫ਼ਸਰਾਂ ਨਾਲ ਤਾਲਮੇਲ ਕਰਕੇ ਹੜ੍ਹਾਂ ਤੋਂ ਪ੍ਰਭਾਵਿਤ ਬਜ਼ੁਰਗਾਂ ਤੇ ਦਿਵਿਆਂਗਜਨਾਂ ਨੂੰ ਸਹਾਇਤਾ ਦਿਵਾਉਣ ਲਈ ਹਰ ਸੰਵਭ ਯਤਨ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਬੁੱਢੇ ਨਾਲੇ ’ਤੇ ਪੈਂਦੇ ਦੋ ਰਸਤਿਆਂ ਨੂੰ ਬੰਦ ਕਰਕੇ ਤੀਜੇ ਨੂੰ ਦਰੁਸਤ ਕਰਨ ਤੋਂ ਬਾਅਦ ਖੋਲ੍ਹਿਆ
ਉਨ੍ਹਾਂ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਟਾਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਨਾਲ ਪ੍ਰਭਾਵਿਤ ਕਿਸੇ ਕਿਸਮ ਦੀ ਮੁਸ਼ਕਿਲ ਹੋਵੇ ਤਾਂ ਹੈਲਪਲਾਈਨ ਨੰਬਰ 14567 ’ਤੇ ਸ਼ਿਕਾਇਤ ਭੇਜੀ ਜਾਵੇ ਤਾਂ ਜੋ ਵਿਭਾਗ ਵੱਲੋਂ ਤੁਰੰਤ ਰਾਹਤ ਲਈ ਕਾਰਵਾਈ ਕੀਤੀ ਜਾ ਸਕੇ। ਮੰਤਰੀ ਨੇ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਦੀ ਨਾਜ਼ੁਕ ਸਥਿਤੀ ਨੂੰ ਮੁੱਖ ਰੱਖਦੇ ਹੋਏ ਭਵਿੱਖ ਵਿੱਚ ਵੀ ਬਜ਼ੁਰਗਾਂ ਅਤੇ ਦਿਵਿਆਗ ਵਿਅਕਤੀਆਂ ਦੀ ਸੁਰੱਖਿਆ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ।