ਚੰਡੀਗੜ੍ਹ (ਅਸ਼ਵਨੀ ਚਾਵਲਾ)। ਨਗਰ ਕੌਂਸਲ ਤੇ ਨਗਰ ਨਿਗਮਾਂ ਦੀਆਂ ਚੋਣਾਂ ਦਾ ਐਲਾਨ ਕਰਨ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪੰਚਾਇਤੀ ਚੋਣਾਂ (Panchayat Elections) ਦਾ ਵੀ ਐਲਾਨ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਅੱਜ ਤੋਂ ਹੀ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਨੂੰ ਭੰਗ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਕੇ ਸਰਕਾਰੀ ਅਫ਼ਸਰਾਂ ਨੂੰ ਪ੍ਰਬੰਧਕ ਲਾਉਣ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਰਾਜ ਦੇ ਸਮੂਹ ਜ਼ਿਲ੍ਹਾ ਤੇ ਪੰਚਾਇਤ ਅਫ਼ਸਰਾਂ ਨੂੰ ਅੱਜ ਪੱਤਰ ਜਾਰੀ ਕੀਤਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਲਈ ਕੀਤੀ ਤਿਆਰੀ ਲਗਭਗ ਮੁਕੰਮਲ ਕਰ ਲਈ ਗਈ ਹੈ। ਇਸ ਲਈ ਪੰਚਾਇਤ ਵਿਭਾਗ ਵੱਲੋਂ ਚੋਣਾਂ ਭੰਗ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਸਬੰਧੀ ਫਾਈਲ ਮੁੱਖ ਮੰਤਰੀ ਦਫ਼ਤਰ ਦੇ ਦਸਤਖਤਾਂ ਲਈ ਭੇਜੀ ਗਈ।
ਚੋਣਾਂ ਦੀਆਂ ਤਰੀਕਾਂ ਤੈਅ | Panchayat Elections
ਇਸ ਤੋਂ ਤੁਰੰਤ ਬਾਅਦ ਹੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਹੋ ਗਿਆ ਜਿਸ ਵਿੱਚ ਲਿਖਿਆ ਗਿਆ ਕਿ ਪੰਜਾਬ ਦੇ ਰਾਜਪਾਲ ਨੂੰ ਇਹ ਨਿਰਦੇਸ਼ ਦਿੰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਰਾਜ ਪੰਚਾਇਤੀ ਚੋਣਾਂ ਦੀਆਂ ਤਰੀਕਾਂ ਤੈਅ ਕੀਤੀਆਂ ਜਾ ਚੁੱਕੀਆਂ ਹਨ। ਨੋਟੀਫਿਕੇਸ਼ਨ ਵਿੱਚ ਲਿਖੇ ਅਨੁਸਾਰ ਪੰਜਾਬ ਵਿੱਚ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 25 ਨਵੰਬਰ 2023 ਨੂੰ ਹੋਣਗੀਆਂ ਅਤੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ 2023 ਨੂੰ ਕਰਵਾਈਆਂ ਜਾ ਰਹੀਆਂ ਹਨ।