ਪੰਜਾਬ ਦੇ ਨੌਜਵਾਨਾਂ ਦੀ ਹੋਈ ਬੱਲੇ! ਬੱਲੇ! | Punjab Government
ਚੰਡੀਗੜ੍ਹ। ਪੰਜਾਬ ਸਰਕਾਰ (Punjab Government) ਹਰ ਵਰਗ ਲਈ ਕੰਮ ਕਰਨ ਦਾ ਦਾਅਵਾ ਕਰ ਰਹੀ ਹੈ ਤੇ ਬਹੁਤੀਆਂ ਸਕੀਮਾਂ ਸ਼ੁਰੂ ਵੀ ਕੀਤੀਆਂ ਜਾ ਚੁੱਕੀਆਂ ਹਨ। ਇਸੇ ਤਹਿਤ ਅਨੁਸੂਚਿਤ ਜਾਤੀਆਂ ਦੇ ਵਿਕਾਸ ਲਈ ਪੰਜਾਬ ਸਰਕਾਰ ਨੇ ਨਵਾਂ ਉਪਰਾਲਾ ਕੀਤਾ ਹੈ। ਇਸੇ ਲੜੀ ਤਹਿਤ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਯੋਗ ਗ੍ਰੈਜ਼ੂਏਟ (ਬੀਏ ਪਾਸ) ਉਮੀਦਵਾਰਾਂ ਨੂੰ ਪੰਜਾਬੀ ਸਟੈਨੋਗ੍ਰਾਫ਼ੀ ਦੀ ਸਿਖਲਾਈ ਲਈ ਭਾਸ਼ਾ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪੱਧਰ ’ਤੇ ਚਲਾਏ ਜਾ ਰਹੇ ਸਿਖਲਾਈ ਕੇਂਦਰਾਂ ਵਿੱਚ ਇੱਕ ਸਾਲ ਦੀ ਮੁਫ਼ਤ ਟਰੇਨਿੰਗ ਦੇਣ ਲਈ 20 ਅਗਸਤ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਤੇ ਪੰਜਾਬ ਰਾਜ ਦਾ ਵਸਨੀਕ ਹੋਣਾ ਚਾਹੀਦਾ ਹੈ। ਅਨੁਸੂਚਿਤ ਜਾਤੀ ਦੇ ਸਿਰਫ਼ ਬੇਰੁਜ਼ਗਾਰ ਉਮੀਦਵਾਰ ਜਿਸ ਦੀ ਘੱਟੋ ਘੱਟ ਵਿੱਦਿਅਕ ਯੋਗਤਾ ਗ੍ਰੈਜ਼ੂਏਸ਼ਨ ਅਤੇ ਦਸਵੀਂ ਪੰਜਾਬੀ ਵਿਸ਼ੇ ਨਾਲ ਪਾਸ ਕੀਤੀ ਹੋਵੇ, ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੇ ਹਨ।
Punjab Government
ਕੈਬਨਿਟ ਮੰਤਰੀ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਨਿਸ਼ਚਿਤ ਸ਼ਰਤਾਂ ਪੂਰੀਆਂ ਕਰਨ ਵਾਲੇ ਯੋਗ ਉਮੀਦਵਾਰ ਆਪਣੀ ਦਰਖਾਸਤ ਨਿਰਧਾਰਿਤ ਪ੍ਰੋਫਾਰਮੇ ਵਿੱਚ ਆਪਣੇ ਜ਼ਿਲ੍ਹੇ ਦੇ ਸਬੰਧਤ ਜ਼ਿਲ੍ਹਾ ਭਾਸ਼ਾ ਅਫ਼ਸਰ ਅਤੇ ਹਾਇਤ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ, ਸਰਕਾਰੀ ਕਾਲਜ, ਫੇਜ 6, ਐੱਸਏਐੱਸ ਨਗਰ ਨੂੰ ਆਪਣੇ ਸਰਟੀਫਿਕੇਟਾਂ ਦੀਆਂ ਤਸਦੀਕਸ਼ੁਦਾ ਪਾਸਪੋਰਟ ਸਾਈਜ਼ ਫੋਟੋਆਂ ਸਮੇਤ ਪ੍ਰੋਫਾਰਮੇ ਵਿੱਓ ਮਿਤੀ 20 ਅਗਸਤ 2023 ਤੱਕ ਭੇਜ ਸਕਦੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਉਮੀਦਵਾਰ ਇੰਟਰਵਿਊ ਲਈ ਮਿਤੀ 28-8-2023 ਨੂੰ ਸਵੇਰੇ 9 ਵਜੇ ਤੱਕ ਸਬੰਧਤ ਜ਼ਿਲ੍ਹੇ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਦੇ ਦਫ਼ਤਰ ਵਿੱਚ ਆਪਣੇ ਅਸਲ ਸਰਟੀਦਿਕੇਟਾਂ ਸਮੇਤ ਇੰਟਰਵਿਊ ਲਈ ਹਾਜ਼ਰ ਹੋਵੇ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬੀ ਸਟੈਨੋਗ੍ਰਾਫ਼ੀ ਦੀ ਟਰੇਨਿੰਗ ਭਾਸ਼ਾ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਪੱਧਰ ’ਤੇ ਚਲਾਏ ਜਾ ਰਹੇ ਸਿਖਲਾਈ ਕੇਂਦਰ ਪਟਿਆਲਾ, ਸੰਗਰੂਰ, ਜਲੰਧਰ, ਰੂਪਨਗਰ ਅਤੇ ਚੰਡੀਗੜ੍ਹ ਵਿਖੇ ਭਾਸ਼ਾ ਵਿਭਾਗ ਦੇ ਸਥਾਪਿਤ ਸੈਂਟਰਾਂ ਵਿੱਚ ਦਿੱਤੀ ਜਾਣੀ ਹੈ। ਇਨ੍ਹਾਂ ਸਿਖਲਾਈ ਕੇਂਦਰਾਂ ਵਿੱਚ ਕੁੱਲ 80 ਸੀਟਾਂ ਲਈ, ਜਿਨ੍ਹਾਂ ਵਿੱਚੋਂ ਚੰਡੀਗੜ੍ਹ ਵਿਖੇ ਚੱਲ ਰਹੇ ਸੈਂਟਰ ਲਈ 20 ਅਤੇ ਬਾਕੀ ਸੈਂਟਰਾਂ ਲਈ 15-15 ਸੀਟਾਂ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਪੰਚਾਇਤੀ ਚੋਣਾਂ ਦਾ ਐਲਾਨ, ਪੰਚਾਇਤਾਂ ਅੱਜ ਤੋਂ ਹੀ ਭੰਗ
ਮੰਤਰੀ ਨੇ ਦੱਸਿਆ ਕਿ ਟਰੇਨਿੰਗ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ 250 ਰੁਪਏ ਪ੍ਰਤੀ ਮਹੀਨਾ ਵਜੀਫਾ ਦਿੱਤਾ ਜਾਵੇਗਾ। ਪੰਜਾਬੀ ਸਟੈਨੋਗ੍ਰਾਫ਼ੀ ਦੀ ਸਿਖਲਾਈ ਪ੍ਰਾਪਤ ਕਰਨ ਸਬੰਧੀ ਦਾਖਲੇ ਲਈ ਪ੍ਰੋਫਾਰਮਾ ਵਿਭਾਗ ਦੀ ਵੈੱਬਸਾਈਟ ’ਤੇ ਉਪਲੱਬਧ ਹੈ।