ਹੜ੍ਹ ਰਾਹਤ ਕਾਰਜ ’ਚ ਯੋਗਦਾਨ ਲਈ Dera Sacha Sauda ਦਾ ਹੋਇਆ ਸਨਮਾਨ
ਸਰਸਾ (ਸੁਨੀਲ ਵਰਮਾ)। ਬੀਤੇ ਜੁਲਾਈ ਮਹੀਨੇ ਦੌਰਾਨ ਘੱਗਰ ’ਚ ਆਏ ਹੜ੍ਹਾਂ ਦੌਰਾਨ ਰਾਹਤ ਤੇ ਬਚਾਅ ਕਾਰਜ ’ਚ ਸਹਿਯੋਗ ਤੇ ਸ਼ਲਾਘਾਯੋਗ ਯੋਗਦਾਨ ਦੇਣ ਵਾਲਿਆਂ ਲਈ ਮੰਗਲਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਆਡੀਟੋਰੀਅਮ ’ਚ ਹੜ੍ਹ ਰਾਹਤ ਪ੍ਰਸ਼ੰਸਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ’ਚ ਮੁੱਖ ਮਹਿਮਾਨ ਦੇ ਰੂਪ ’ਚ ਸੂਬੇ ਦੇ ਬਿਜਲੀ ਤੇ ਜੇਲ੍ਹ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਸ਼ਿਰਕਤ ਕੀਤੀ। (Dera Sacha Sauda)
ਬਿਜਲੀ ਤੇ ਜੇਲ੍ਹ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਪ੍ਰਸ਼ੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ | Dera Sacha Sauda
ਜਦੋਂਕਿ ਪ੍ਰੋਗਰਾਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨੇ ਕੀਤੀ। ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਵੱਲੋਂ ਹੜ੍ਹ ਦੌਰਾਨ ਬਿਹਤਰੀਨ ਸੇਵਾ ਕਾਰਜ ਕਰਨ ਲਈ ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਨੂੰ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ’ਚ ਮੁੱਖ ਮਹਿਮਾਨ ਨੇ ਡੇਰਾ ਸੱਚਾ ਸੌਦਾ ਦੇ ਚੇਅਰਮੈਨ ਡਾ. ਪੀਆਰ ਨੈਨ ਇੰਸਾਂ ਤੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਸੰਨੀ ਇੰਸਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਜ਼ਿਲ੍ਹੇ ’ਚ ਹੜ੍ਹਾਂ ਦੌਰਾਨ ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਵੱਲੋਂ ਕੀਤੇ ਸੇਵਾ ਕਾਰਜਾਂ ਦੀ ਦਿਲ ਖੋਲ੍ਹ ਕੇ ਸ਼ਲਾਘਾ ਕੀਤੀ।
ਇਸ ਮੌਕੇ ’ਤੇ ਮੁੱਖ ਮਹਿਮਾਨ ਬਿਜਲੀ ਤੇ ਜੇਲ੍ਹ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਕਿਹਾ ਕਿ ਹੜ੍ਹਾਂ ਦੌਰਾਨ ਡੇਰਾ ਸੱਚਾ ਸੌਦਾ ਨੇ ਬਹੁਤ ਚੰਗਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਡੇਰਾ ਸੱਚਾ ਸੌਦਾ ਦੇ ਸੇਵਾਦਾਰ ਹੜ੍ਹ ਰਾਹਤ ਕਾਰਜਾਂ ’ਚ ਨਾ ਲੱਗਦੇ ਤਾਂ ਹੜ੍ਹ ਦੇ ਹਾਲਾਤ ਕਾਬੂ ਆਉਣੇ ਮੁਸ਼ਕਿਲ ਸਨ। ਉਨ੍ਹਾਂ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਪੁਰਾਣੀ ਚਾਮਲ ਪਿੰਡ ’ਚ ਇੱਕ ਲੰਮਾ ਬੰਨ੍ਹ ਬੰਨ੍ਹ ਕੇ ਦਰਜ਼ਨਾਂ ਪਿੰਡਾਂ ਨੂੰ ਡੁੱਬਣ ਤੋਂ ਬਚਾਇਆ ਹੈ।
ਸੇਵਾਦਾਰ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਜੋੜ ਕੇ ਕਰਦੇ ਨੇ ਸੇਵਾ : ਡਾ. ਪੀਆਰ ਨੈਨ
ਉੱਥੇ ਹੀ ਇਸ ਦੌਰਾਨ ਡੇਰਾ ਸੱਚਾ ਸੌਦਾ ਦੇ ਚੇਅਰਮੈਨ ਡਾ. ਪੀਆਰ ਨੈਨ ਇੰਸਾਂ ਨੇ ਪ੍ਰਸ਼ਾਸਨ ਦੁਆਰਾ ਡੇਰਾ ਸੱਚਾ ਸੌਦਾ ਨੂੰ ਸਨਮਾਨਿਤ ਕਰਨ ’ਤੇ ਪ੍ਰਸ਼ਾਸਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਸੇਵਾਦਾਰ ਹਮੇਸ਼ਾ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦੇ ਹੋਏ ਜਦੋਂ ਵੀ ਕਿਤੇ ਕੋਈ ਕੁਦਰਤੀ ਆਫ਼ਤ ਆਉਂਦੀ ਹੈ ਉੱਥੇ ਪੂਰੀ ਲਗਨ ਨਾਲ ਪੀੜਤਾਂ ਦੀ ਮੱਦਦ ਕਰਦੇ ਹਨ ਅਤੇ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਜੋੜ ਕੇ ਲੋਕਾਂ ਦੀ ਸਹਾਇਤਾ ਕਰਦੇ ਹਨ। ਘੱਗਰ ’ਚ ਆਏ ਹੜ੍ਹ ਦੌਰਾਨ ਵੀ ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ ਆਪਣੀ ਜਾਨ ਖ਼ਤਰੇ ਵਿੱਚ ਪਾ ਕੇ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਹੈ।