ਮਾਮਲਾ ਬੱਦੋਵਾਲ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਸਟਾਫ਼ ਰੂਮ ਦੀ ਛੱਤ ਡਿੱਗਣ ਦਾ (Ludhiana News)
(ਜਸਵੀਰ ਸਿੰਘ ਗਹਿਲ) ਲੁਧਿਆਣਾ। ਬੱਦੋਵਾਲ ਵਿਖੇ ਸਰਕਾਰੀ ਸਕੂਲ ਦੀ ਛੱਤ ਡਿੱਗਣ ਦੀ ਘਟਨਾ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੰਭੀਰ ਨੋਟਿਸ ਲਿਆ ਹੈ। ਮੁੱਖ ਮੰਤਰੀ ਨੇ ਤੁਰੰਤ ਮੁਰੰਮਤ ਦਾ ਕੰਮ ਕਰ ਰਹੇ ਠੇਕੇਦਾਰ ਖ਼ਿਲਾਫ ਮਾਮਲਾ ਦਰਜ਼ ਕਰਕੇ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਜਿਸ ਦੇ ਲਈ ਡਿਪਟੀ ਕਮਿਸ਼ਨਰ ਵੱਲੋਂ ਕਮੇਟੀ ਗਠਿਤ ਕਰਕੇ ਹਫ਼ਤੇ ’ਚ ਰਿਪੋਰਟ ਦੇਣ ਦੇ ਆਦੇਸ਼ ਦੇ ਦਿੱਤੇ ਹਨ। (Ludhiana News)
ਵਾਪਰੀ ਮੰਦਭਾਗੀ ਘਟਨਾ ਦੌਰਾਨ ਰਵਿੰਦਰ ਕੌਰ (45) ਅਧਿਆਪਕਾ ਦੀ ਜਾਨ ਚਲੀ ਗਈ ਹੈ। ਜਦੋਂਕਿ ਰੈਸਕਿਊ ਕਰਕੇ ਬਚਾਈਆਂ ਗਈਆਂ ਅਧਿਆਪਕ ਨਰਿੰਦਰਜੀਤ ਕੌਰ ਡੀਐਮਸੀ ਵਿਖੇ, ਸੁਖਜੀਤ ਕੌਰ ਅਤੇ ਇੰਦੂ ਰਾਣੀ ਦਾ ਮੈਡੀਵੇਜ ਹਸਪਤਾਲ ’ਚ ਇਲਾਜ਼ ਚੱਲ ਰਿਹਾ ਹੈ। ਜਖ਼ਮੀ ਤਿੰਨੋਂ ਅਧਿਆਪਕਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਜਖ਼ਮੀ ਅਧਿਆਪਕਾਂ ਨੂੰ ਮਿਲਣ ਮਗਰੋਂ ਡਿਪਟੀ ਕਮਿਸਨਰ ਸੁਰਭੀ ਮਲਿਕ ਨੇ ਦੱਸਿਆ ਕਿ ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਠੇਕੇਦਾਰ ਖ਼ਿਲਾਫ ਐਫਆਈਆਰ ਦਰਜ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਸਕੂਲ ਦੀ ਡਿੱਗੀ ਛੱਤ, ਚਾਰ ਅਧਿਆਪਕਾਵਾਂ ਮਲਬੇ ਹੇਠ ਦਬੀਆਂ, ਇੱਕ ਅਧਿਆਪਕਾ ਦੀ ਮੌਤ
ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਹਾਦਸੇ ਦਾ ਗੰਭੀਰ ਨੋਟਿਸ ਲੈਂਦਿਆਂ ਦੋਸ਼ੀਆਂ ਖ਼ਿਲਾਫ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਮਲਿਕ ਨੇ ਇਹ ਵੀ ਕਿਹਾ ਕਿ ਸਕੂਲ ਦੀ ਇਮਾਰਤ ਦੇ ਸੁਰੱਖਿਆ ਮੁਲਾਂਕਣ ਦੇ ਆਦੇਸ਼ ਦਿੱਤੇ ਜਾਣ ਦੇ ਨਾਲ ਹੀ ਇਮਾਰਤ ਨੂੰ ਸ਼ੀਲ ਕਰ ਦਿੱਤਾ ਗਿਆ ਹੈ। ਉਨਾਂ ਸਕੂਲ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੁਲਾਂਕਣ ਪੂਰਾ ਹੋਣ ਤੱਕ ਸਕੂਲ ਦੀ ਇਮਾਰਤ ਦੇ ਨੇੜੇ ਨਾ ਜਾਣ। ਉਨਾਂ ਦੱਸਿਆ ਕਿ ਮਲਬੇ ਹੇਠ ਫਸੇ ਚਾਰ ਅਧਿਆਪਕਾਂ ਨੂੰ ਬਚਾਉਣ ਲਈ ਇੰਡੋ ਤਿੱਬਤ ਪੁਲਿਸ ਫੋਰਸ (ਆਈਟੀਬੀਪੀ) ਅਤੇ ਨੈਸਨਲ ਡਿਜਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਦੇ ਜਵਾਨਾਂ ਨੂੰ ਬੁਲਾਇਆ ਗਿਆ। ਜਿੰਨਾਂ ਦਬੀਆਂ ਅਧਿਆਪਕਾਂ ਨੂੰ ਬਾਹਰ ਕੱਢਿਆ ਅਤੇ ਤੁਰੰਤ ਹਸਪਤਾਲ ਲਿਜਾਇਆ ਗਿਆ। ਡੀਸੀ ਮਲਿਕ ਨੇ ਕਿਹਾ ਕਿ ਜਖ਼ਮੀਆਂ ਦੇ ਸਮੁੱਚੇ ਇਲਾਜ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ।
‘ਹਫ਼ਤੇ ਅੰਦਰ ਦੇਣੀ ਹੋਵੇਗੀ ਰਿਪੋਰਟ’
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਮੈਜਿਸਟ੍ਰੇਟ ਜਾਂਚ ਲਈ ਕਮੇਟੀ ਗਠਿਤ ਕਰਕੇ ਪਿੱਠ ਅੰਕਣ ਨੰਬਰ- 14588- 93/ਐਮ.ਏ. ਪੱਤਰ ਜਾਰੀ ਕਰ ਦਿੱਤਾ ਹੈ। ਜਿਸ ਵਿੱਚ ਉੱਪ ਮੰਡਲ ਮੈਜਿਸਟਰੇਟ ਲੁਧਿਆਣਾ (ਪੱਛਮੀ) ਨੂੰ ਚੇਅਰਮੈਨ ਜਦਕਿ ਉਪ ਪੁਲਿਸ ਕਪਤਾਂਲ ਮੁੱਲਾਂਪੁਰ ਦਾਖਾ, ਕਾਰਜਕਾਰੀ ਇੰਜੀਨੀਅਰ ਪ੍ਰਾਂਤਕ ਮੰਡਲ ਲੋਕ ਨਿਰਮਾਣ ਵਿਭਾਗ ਲੁਧਿਆਣਾ ਤੇ ਜ਼ਿਲਾ ਸਿੱਖਿਆ ਅਫ਼ਸਰ ਸੀਨੀਅਰ ਸੈਕੰਡਰੀ ਲੁਧਿਆਣਾ ਨੂੰ ਮੈਂਬਰ ਲਿਆ ਗਿਆ ਹੈ। ਜਾਰੀ ਪੱਤਰ ’ਚ ਸਪੱਸ਼ਟ ਕੀਤਾ ਗਿਆ ਹੈ ਕਿ ਉਕਤ ਕਮੇਟੀ 7 ਦਿਨਾਂ ਦੇ ਅੰਦਰ ਅੰਦਰ ਆਪਣੀ ਰਿਪੋਰਟ ਪੇਸ਼ ਕਰੇਗੀ।
ਲੁਧਿਆਣਾ ਵਿਖੇ ਜ਼ੇਰੇ ਇਲਾਜ਼ ਜਖ਼ਮੀ ਅਧਿਆਪਕਾਵਾਂ ਦਾ ਹਾਲ ਜਾਣਦੇ ਹੋਏ ਡਿਪਟੀ ਕਮਿਸ਼ਨਰ ਸੁਰਭੀ ਮਲਿਕ।