ਅਬੋਹਰ। (ਅਸ਼ਵਨੀ ਚਾਵਲਾ) ਚੰਡੀਗੜ। ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਧਾਨਗੀ ਤੋਂ ਨਰਾਜ਼ ਚਲ ਰਹੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਭਾਜਪਾ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਅਰੁਣ ਨਾਰੰਗ ਪਾਰਟੀ ਛੱਡਣ ਦੇ ਨਾਲ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਅਬੋਹਰ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ ਵਿੱਚ ਰਸਮੀ ਤੌਰ ’ਤੇ ਨਾਰੰਗ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਸਵਾਗਤ ਕੀਤਾ।
ਅਰੁਣ ਨਾਰੰਗ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਬੋਹਰ ਹਲਕੇ ਤੋਂ ਕਾਂਗਰਸ ਤੋਂ ਉਮੀਦਵਾਰ ਸੁਨੀਲ ਜਾਖੜ (ਜੋ ਹੁਣ ਭਾਜਪਾ ’ਚ ਸ਼ਾਮਲ ਹੋ ਗਏ ਹਨ) ਨੂੰ ਹਰਾਇਆ ਸੀ। ਅਰੁਣ ਨਾਰੰਗ ਅਬੋਹਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਵਿੱਚ ਬਹੁਤ ਮਸ਼ਹੂਰ ਹਨ। ਸੁਨੀਲ ਜਾਖੜ ਦੇ ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਉਹ ਭਾਜਪਾ ਤੋਂ ਨਾਰਾਜ਼ ਸਨ।
ਅਰੁਣ ਨਾਰੰਗ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵੱਧ ਰਿਹਾ ਹੈ। ’ਆਪ’ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਹਨ। ਉਨਾਂ ਕਿਹਾ ਕਿ ਨਾਰੰਗ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਅਬੋਹਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ।