ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਪਹੁੰਚੇ ਮੁੱਖ ਮੰਤਰੀ, ਸ਼ਹੀਦ ਦੇ ਪਰਿਵਾਰ ਨੂੰ ਕੀਤਾ ਸਨਮਾਨਿਤ | Shaheed-A-Azam Bhagat Singh
ਖਟਕੜ ਕਲਾਂ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਮੌਕੇ ਖਟਕੜ ਕਲਾਂ ਵਿਖੇ ਪਹੁੰਚੇ। ਇੱਥੇ ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਹਰਜਿੰਦਰ ਪਾਲ ਸਿੰਘ ਗਿੱਲ, ਬਲਦੇਵ ਸਿੰਘ ਨਸਰਾਲਾ, ਰਵਿੰਦਰ ਸਿੰਘ, ਗੁਰਜੀਤ ਸਿੰਘ ਅਤੇ ਹਰਭਜਨ ਸਿੰਘ ਢੱਟ ਨੂੰ ਸਨਮਾਨਿਤ ਕੀਤਾ। ਇਸ ਤੋਂ ਬਾਅਦ ਸਮਾਗਮ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਅੱਜ ਕੁਝ ਲੋਕ ਸ਼ਹੀਦਾਂ ਦੀਆਂ ਕੁਰਬਾਨੀਆਂ ’ਤੇ ਸੁਆਲ ਖੜ੍ਹੇ ਕਰ ਰਹੇ ਹਨ। ਉਨ੍ਹਾਂ ਕਿਹਾ, ਦੇਸ਼ ਲਈ ਸ਼ਹੀਦਾਂ ਦੇ ਯੋਗਦਾਨ ’ਤੇ ਸੁਆਲ ਉਠਾਉਣ ਦਾ ਕਿਸੇ ਨੂੰ ਅਧਿਕਾਰ ਨਹੀਂ ਹੈ। ਸ਼ਹੀਦ ਭਗਤ ਸਿੰਘ ਵੱਲੋਂ ਆਪਣੇ ਦੇਸ਼ ਲਈ ਕੀਤੀ ਬੇਮਿਸਾਲ ਕੁਰਬਾਨੀ ਲਈ ਇਨ੍ਹਾਂ ਗੱਦਾਰਾਂ ਤੋਂ ਐੱਨਓਸੀ ਲੈਣ ਦੀ ਜ਼ਰੂਰਤ ਨਹੀਂ ਹੈ। (Shaheed-A-Azam Bhagat Singh)
ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਆਗੂਆਂ ਨੇ ਸੂਬੇ ਦੇ ਹਿੱਤਾਂ ਨਾਲੋਂ ਆਪਣੇ ਹਿੱਤਾਂ ਨੂੰ ਪਹਿਲ ਦੇ ਕੇ ਕਈ ਮੁੱਦਿਆਂ ’ਤੇ ਲੋਕਾਂ ਦੀ ਪਿੱਠ ’ਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ, ਸਤਲੁਜ-ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦੇ ਪ੍ਰਾਜੈਕਟ ਲਈ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੂੰ ਗੁਰੂਗ੍ਰਾਮ ਵਿੱਚ ਇੱਕ ਪਲਾਟ ਮਿਲਿਆ ਸੀ, ਜਿੱਥੇ ਅੱਜ ਉਨ੍ਹਾਂ ਦਾ ਹੋਟਲ ਸਥਿਤ ਹੈ। ਆਪਣੇ ਆਪ ਨੂੰ ਪੰਜਾਬ ਦੇ ਪਾਣੀਆਂ ਦੇ ਰਾਖੇ ਕਹਾਉਣ ਵਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਪੂਰੀ ਵਿੱਚ ਐੱਸਵਾਈਅੱੈਲ ਸਮਕਾਲੀ ਪ੍ਰਧਾਨ ਮੰਤਰੀ ਨੂੰ ਨਹਿਰ ਲਈ ਕੱਟ ਬਣਾਉਣ ਲਈ ਚਾਂਦੀ ਦਾ ਡੱਬਾ ਭੇਂਟ ਕੀਤਾ ਗਿਆ।
ਮੁੱਖ ਮੰਤਰੀ ਨੇ ਕਿਹਾ, ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਸੁਫਨਿਆਂ ਨੂੰ ਪੂਰਾ ਕਰਨ ਲਈ ਸਖ਼ਤ ਮਿਹਨਤ ਕਰ ਰਹੀ ਹੈ। ਸਰਕਾਰ ਯਕੀਨੀ ਬਣਾਏਗੀ ਕਿ ਸੂਬੇ ਦੇ ਕਿਸੇ ਵੀ ਵਿਅਕਤੀ ਨੂੰ ਆਪਣਾ ਦੇਸ਼ ਛੱਡ ਕੇ ਵਿਦੇਸ ਨਾ ਜਾਣਾ ਪਵੇ। ਉਨ੍ਹਾਂ ਕਿਹਾ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਪਹਿਲਾਂ ਹੀ ਕਈ ਵੱਡੇ ਕਦਮ ਚੁੱਕੇ ਜਾ ਰਹੇ ਹਨ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।