ਵੜਿੰਗ, ਚੰਨੀ, ਰੰਧਾਵਾ, ਬਾਜਵਾ ਤੇ ਆਸ਼ੂ ਨੇ ਕੀਤਾ ਸੰਬੋਧਨ (Dharna Against Drugs)
(ਸੁਖਜੀਤ ਮਾਨ) ਬਠਿੰਡਾ। ਕਾਂਗਰਸ ਲੀਡਰਸ਼ਿਪ ਵੱਲੋਂ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ’ਚ ਪੰਜਾਬ ਸਰਕਾਰ ਖਿਲਾਫ ਨਸ਼ਿਆਂ (Dharna Against Drugs) ਦੇ ਮੁੱਦੇ ’ਤੇ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਬਠਿੰਡਾ ਵਿਖੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਾਜਨ ਗਰਗ ਅਤੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਖੁਸ਼ਬਾਜ ਜਟਾਣਾ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਲਾਇਆ ਗਿਆ ਇਸ ਧਰਨੇ ਨੂੰ ਸੰਬੋਧਨ ਕਰਨ ਲਈ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਜ਼ੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਸਮੁੱਚੀ ਲੀਡਰਸ਼ਿਪ ਪਹੁੰਚੀ ।
ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ
ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ’ਚ ਬਦਲਾਖੋਰੀ ਦੀ ਰਾਜਨੀਤੀ ਨਾਲ ਸਰਕਾਰ ਚਲਾਈ ਜਾ ਰਹੀ ਹੈ, ਜੋ ਪੰਜਾਬ ਦੇ ਭਲੇ ਵਿੱਚ ਸ਼ੁਭ ਸੰਕੇਤ ਨਹੀਂ। ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵੀ ਪੰਜਾਬ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ ਹੈ ਪਰ ਸਰਕਾਰ ਦਾ ਕੋਈ ਧਿਆਨ ਨਹੀਂ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਪੰਜਾਬ ਵਿੱਚ ਚਿੱਟੇ ਨੇ ਪੈਰ ਪਸਾਰੇ ਅਤੇ ਅੱਜ ਘਰ-ਘਰ ਵਿੱਚ ਚਿੱਟਾ ਵਿਕ ਰਿਹਾ ਹੈ ਜਿਸ ਕਰਕੇ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਪਰ ਸਰਕਾਰ ਨੂੰ ਪੰਜਾਬ ਬਾਰੇ ਕੋਈ ਧਿਆਨ ਨਹੀਂ ।
ਉਹਨਾਂ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦਾ ਸਾਥ ਦੇਣ ਅਤੇ 13 ਸੀਟਾਂ ’ਤੇ ਝਾੜੂ ਵਾਲਿਆਂ ਨੂੰ ਹਰਾ ਦੇਣ ਤਾਂ ਜੋ ਝਾੜੂ ਖਿਲਰ ਜਾਵੇ ਤੇ ਪੰਜਾਬ ਨੂੰ ਬਚਾਇਆ ਜਾ ਸਕੇ। ਇਸ ਮੌਕੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਗਿ੍ਰਫਤਾਰ ਕਰਨ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਬਦਲਾਖੋਰੀ ਦੀ ਰਾਜਨੀਤੀ ਹੋ ਰਹੀ ਹੈ ਜਿਸ ਦਾ ਕਾਂਗਰਸ ਵਿਰੋਧ ਕਰਦੀ ਹੈ, ਜਦੋਂ ਕਿ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਨਸ਼ਿਆਂ ਖਿਲਾਫ ਆਪਣੀ ਬਣਦੀ ਡਿਊਟੀ ਨਿਭਾਵੇ । (Dharna Against Drugs)
ਇਹ ਵੀ ਪੜ੍ਹੋ: ਮੁੱਖ ਮੰਤਰੀ ਨੇ ਸੰਗਰੂਰ ਵਾਸੀਆਂ ਨੂੰ ਦਿੱਤਾ ਇੱਕ ਹੋਰ ਤੋਹਫਾ
ਇਸ ਮੌਕੇ ਸਮੁੱਚੀ ਲੀਡਰਸ਼ਿਪ ਵੱਲੋਂ ਇੱਕ ਸੁਰ ਹੁੰਦੇ ਹੋਏ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਕਿਸੇ ਵੀ ਹਾਲਾਤ ਵਿੱਚ ਆਪ ਨਾਲ ਸਮਝੌਤਾ ਨਾ ਕਰਨ ਦੀ ਗੱਲ ਕਹੀ ਅਤੇ ਕਿਹਾ ਕਿ ਇਸ ਮੁੱਦੇ ਸਬੰਧੀ ਪੰਜਾਬ ਦੀ ਲੀਡਰਸ਼ਿਪ ਦੀਆਂ ਭਾਵਨਾਵਾਂ ਸਬੰਧੀ ਪਾਰਟੀ ਹਾਈ ਕਮਾਂਡ ਨੂੰ ਸੂਚਿਤ ਕਰਵਾ ਦਿੱਤਾ ਗਿਆ ਹੈ। ਉਹਨਾਂ ਮੰਗ ਕੀਤੀ ਕਿ ਵਿਜੀਲੈਂਸ ਵਿਭਾਗ ਨੂੰ ਕੱਠਪੁਤਲੀ ਬਣਾ ਕੇ ਵਿਰੋਧੀ ਧਿਰ ਦੇ ਵਿਧਾਇਕਾਂ ਅਤੇ ਲੀਡਰਾਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਨੂੰ ਬੰਦ ਕੀਤਾ ਜਾਵੇ, ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਨਸ਼ਿਆਂ ਦੇ ਮੁੱਦੇ ’ਤੇ ਸਖਤੀ ਵਰਤੀ ਜਾਵੇ ਨਹੀਂ ਤਾਂ ਕਾਂਗਰਸ ਪਾਰਟੀ ਆਉਂਦੀਆਂ ਲੋਕ ਸਭਾ ਚੋਣਾਂ ਤੱਕ ਸਰਕਾਰ ਨੂੰ ਹੋਰ ਵੀ ਘੇਰਨ ਲਈ ਤਿਆਰ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਅਤੇ ਜ਼ਿਲ੍ਹਾ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ ਨੇ ਸਮੁੱਚੇ ਜ਼ਿਲੇ ਵਿੱਚੋਂ ਧਰਨੇ ਵਿੱਚ ਪਹੁੰਚੇ ਸਮੁੱਚੇ ਵਰਕਰਾਂ ਦਾ ਧੰਨਵਾਦ ਕੀਤਾ ।
ਇਸ ਮੌਕੇ ਹਰਦਿਆਲ ਸਿੰਘ ਕੰਬੋਜ, ਪ੍ਰੀਤਮ ਸਿੰਘ ਕੋਟਭਾਈ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਮਾਈਕਲ ਗਾਗੋਵਾਲ, ਬਿਕਰਮ ਮੋਫਰ ਮੋਫ਼ਰ, ਕੇਕੇ ਅਗਰਵਾਲ, ਅਸ਼ੋਕ ਕੁਮਾਰ ਹਰਵਿੰਦਰ ਲੱਡੂ, ਬਲਰਾਜ ਪੱਕਾ, ਬਲਜਿੰਦਰ ਸਿੰਘ ਠੇਕੇਦਾਰ, ਕਮਲਜੀਤ ਭੰਗੂ ਅਤੇ ਬਲਵੰਤ ਰਾਏ ਨਾਥ ਸਮੇਤ ਵੱਡੀ ਗਿਣਤੀ ’ਚ ਕਾਂਗਰਸ ਦੀ ਲੀਡਰਸ਼ਿਪ, ਕੌਂਸਲਰ ਪਿੰਡਾਂ ਦੇ ਪੰਚ-ਸਰਪੰਚ ਅਤੇ ਵਰਕਰ ਹਾਜ਼ਰ ਸਨ।
…ਨਹੀਂ ਭੁੱਲ ਰਹੇ ਕੈਪਟਨ ਅਮਰਿੰਦਰ ਸਿੰਘ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਵੇਂ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ’ਚ ਚਲੇ ਗਏ ਪਰ ਕਾਂਗਰਸ ਦੇ ਹਰ ਸਮਾਗਮ ’ਚ ਮੁੱਖ ਮੰਚ ਤੋਂ ਕੈਪਟਨ ਅਮਰਿੰਦਰ ਸਿੰਘ ਜ਼ਿੰਦਾਬਾਦ ਦਾ ਨਾਅਰਾ ਲੱਗ ਹੀ ਜਾਂਦਾ ਹੈ ਅੱਜ ਵੀ ਇਸੇ ਤਰ੍ਹਾਂ ਹੀ ਹੋਇਆ ਜਦੋਂ ਬਠਿੰਡਾ ਦੇ ਕਾਂਗਰਸੀ ਆਗੂ ਨੇ ਮੁੱਖ ਮੰਚ ਤੋਂ ਨਾਅਰੇ ਲਗਾਉਣ ਮੌਕੇ ਬੋਲਿਆ ‘ਕੈਪਟਨ ਅਮਰਿੰਦਰ ਸਿੰਘ ਜ਼ਿੰਦਾਬਾਦ’ ਐਨਾਂ ਸੁਣਦਿਆਂ ਹੀ ਉੱਥੇ ਮੌਜੂਦ ਰਾਜਾ ਵੜਿੰਗ ਨੇ ਕਿਹਾ ਕਿ ਨਾਅਰਾ ਤਾਂ ਸਹੀ ਲਗਾਇਆ ਪਰ ਮੁਰਦਾਬਾਦ ਕਹਿਣਾ ਸੀ ਉਨ੍ਹਾਂ ਹਾਜ਼ਰ ਲੋਕਾਂ ਤੋਂ ਫਿਰ ‘ਕੈਪਟਨ ਅਮਰਿੰਦਰ ਸਿੰਘ ਮੁਰਦਾਬਾਦ’ ਦਾ ਨਾਅਰਾ ਵੀ ਲਗਵਾਇਆ। (Dharna Against Drugs)