ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਸਰਹਿੰਦ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਸੂਬੇ ਦੀਆਂ 1854 ਮੰਡੀਆਂ ਵਿੱਚ ਝੋਨੇ ਦੀ ਖਰੀਦ, ਖਰੀਦੇ ਗਏ ਝੋਨੇ ਦੀ ਨਾਲੋ-ਨਾਲ ਲਿਫਟਿੰਗ ਕਰਵਾਉਣ ਤੇ ਖਰੀਦੇ ਗਏ ਝੋਨੇ ਦੀ 24 ਘੰਟੇ ਵਿੱਚ ਅਦਾਇਗੀ ਕਰਨ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਗਈ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਇਹ ਐਲਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਸਰਹਿੰਦ ਵਿਖੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕੇਂਦਰੀ ਪੂਲ ਲਈ 182 ਲੱਖ ਮੀਟਰਿਕ ਟਨ ਦਾ ਟੀਚਾ ਦਿੱਤਾ ਗਿਆ ਹੈ ਜਿਸ ਨੂੰ ਪੂਰਾ ਕਰਨ ਲਈ ਪੂਰੀ ਸੰਜੀਦਗੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਪਿੰਡ ਜਲਵੇੜਾ ਦੇ ਕਿਸਾਨ ਸਤਨਾਮ ਸਿੰਘ ਦਾ ਮੂੰਹ ਮਿੱਠਾ ਕਰਵਾ ਕੇ ਫਸਲ ਦੀ ਬੋਲੀ ਕਰਵਾਈ ਤੇ ਮੰਡੀ ਵਿੱਚ ਮੌਜੂਦ ਮਜ਼ਦੂਰਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ।
ਦੀਵਾਲੀ ਦੇ ਤਿਉਹਾਰ ’ਤੇ ਕਿਸਾਨ ਮੰਡੀਆਂ ’ਚ ਨਹੀਂ ਕੱਟਣਗੇ ਰਾਤਾਂ
ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਕੋਲ ਅਕਤੂਬਰ ਮਹੀਨੇ ਵਿੱਚ ਹੀ 37 ਹਜ਼ਾਰ ਕਰੋੜ ਰੁਪਏ ਦੀ ਸੀ.ਸੀ.ਐਲ. ਪ੍ਰਾਪਤ ਹੋ ਚੁੱਕੀ ਹੈ ਅਤੇ ਮੰਡੀਆਂ ਵਿੱਚ ਲੋੜੀਂਦੇ ਬਾਰਦਾਨੇ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਕਿਸਾਨਾਂ ਨੂੰ ਦੀਵਾਲੀ ਤੇ ਵਿਸਾਖੀ ਵਰਗੇ ਅਹਿਮ ਤਿਉਹਾਰਾਂ ਮੌਕੇ ਵੀ ਆਪਣੀ ਫਸਲ ਵੇਚਣ ਲਈ ਮੰਡੀਆਂ ਵਿੱਚ ਹੀ ਰਾਤਾਂ ਕੱਟਣੀਆਂ ਪੈਂਦੀਆਂ ਸਨ ਪ੍ਰੰਤੂ ਸਾਡੀ ਸਰਕਾਰ ਨੇ ਤਹੱਈਆ ਕੀਤਾ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਰਾਤਾਂ ਨਹੀਂ ਕੱਟਣ ਦੇਵੇਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਫਸਲ ਦੇ ਤੈਅ ਸਮੇਂ ਅੰਦਰ ਅਦਾਇਗੀ ਕਰਨ ਲਈ ਕੀਤੇ ਪ੍ਰਬੰਧਾਂ ਕਰਨ ਹੁਣ ਤੱਕ 24 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਵਿਕਣ ਲਈ ਆਉਣ ਵਾਲੀ ਫਸਲ ਦੀ ਨਮੀਂ ਚੈੱਕ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆ ਹਨ ਜੋ ਕਿ ਮੰਡੀਆਂ ਦੇ ਗੇਟ ਤੇ ਹੀ ਫਸਲ ਦੀ ਨਮੀਂ ਚੈੱਕ ਕਰਨਗੀਆਂ।
ਇਹ ਵੀ ਪੜ੍ਹੋ : ਕਣਕ ਦੀ ਤੂੜੀ ਅਤੇ ਪਰਾਲੀ ਦੇ ਪੌਸ਼ਟਿਕ ਗੁਣ ਲਗਭਗ ਬਰਾਬਰ, ਕਿਸਾਨ ਕਰਨ ਇਹ ਕੰਮ ਹੋਵੇਗਾ ਲਾਭ
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਬਾਹਰਲੇ ਸੂਬਿਆਂ ਤੋਂ ਆਉਣ ਵਾਲੀ ਫਸਲ ਨੂੰ ਪੰਜਾਬ ਅੰਦਰ ਵੇਚਣ ਲਈ ਆਉਣ ਤੋਂ ਰੋਕਣ ਲਈ ਇੰਟਰ ਸਟੇਟ ਨਾਕੇ ਵੀ ਲਗਾਏ ਗਏ ਹਨ ਜਿਥੇ ਕਿ 24 ਘੰਟੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਲਿਫਟਿੰਗ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਲਈ ਲਿਫਟਿੰਗ ਵਾਲੇ ਵਾਹਨਾਂ ਤੇ ਜੀ.ਪੀ.ਐਸ. ਟਰੈਕਰ ਵੀ ਲਗਾਏ ਗਏ ਹਨ ਤਾਂ ਜੋ ਖਰੀਦ ਪ੍ਰ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ।
ਪੱਤਰਕਾਰਾਂ ਵੱਲੋਂ ਆਟਾ ਦਾਲ ਸਕੀਮ ਅਧੀਨ ਬਣਾਏ ਜਾਂਦੇ ਨੀਲੇ ਕਾਰਡਾਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕਟਾਰੂਚੱਕ ਨੇ ਕਿਹਾ ਕਿ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਇੱਕ ਪੋਰਟਲ ਲਾਂਚ ਕਰਨ ਜਾ ਰਹੀ ਹੈ ਜਿਸ ’ਤੇ ਨਵੇਂ ਕਾਰਡ ਬਣਾਉਣ ਜਾਂ ਕੱਟੇ ਗਏ ਕਾਰਡਾਂ ਬਾਰੇ ਆਨਲਾਇਨ ਅਪਲਾਈ ਕੀਤਾ ਜਾ ਸਕੇਗਾ ਜਿਸ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਇਸ ਮੌਕੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਫਸਲ ਪੂਰੀ ਤਰ੍ਹਾਂ ਸੁੱਕਾ ਕੇ ਹੀ ਲਿਆਂਦੀ ਜਾਵੇ ਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਜ਼ਮੀਨ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦਿੱਤੀ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਸਹਾਇਕ ਕਮਿਸ਼ਨਰ (ਜ) ਅਭਿਸ਼ੇਕ ਸ਼ਰਮਾ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਐਚ.ਐਸ. ਬਰਾੜ, ਜ਼ਿਲ੍ਹਾ ਮੰਡੀ ਅਫਸਰ ਮਨਦੀਪ ਸਿੰਘ, ਸਹਾਇਕ ਫੂਡ ਸਪਲਾਈ ਅਫਸਰ ਸਰਹਿੰਦ ਕੇਵਲ ਸਿੰਘ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਚਨਾਰਥਲ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਤੇ ਸਬੰਧਤ ਅਧਿਕਾਰੀ ਹਾਜਰ ਸਨ।