ਪੰਜਾਬ ਦੀਆਂ 1854 ਅਨਾਜ ਮੰਡੀਆਂ ਵਿੱਚ ਹੁਣ ਤੱਕ 12,02,471.48 ਮੀਟਰਕ ਟਨ ਝੋਨੇ ਦੀ ਆਮਦ : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ
(ਗੁਰਤੇਜ ਜੋਸੀ) ਮਾਲੇਰਕੋਟਲਾ । ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮਾਲੇਰਕੋਟਲਾ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਪ੍ਰਬੰਧਾ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਫਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਏਗਾ। (Anaj Mandi Malerkotla)
ਉਨ੍ਹਾਂ ਦੇ ਨਾਲ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ, ਚੇਅਰਮੈਨ ਮਾਰਕੀਟ ਕਮੇਟੀ ਸੰਦੌੜ ਸ੍ਰੀ ਕਰਮਜੀਤ ਸਿੰਘ ਕੁਠਾਲਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਸਾਕਿਬ ਅਲੀ ਰਾਜਾ ਵੀ ਮੌਜੂਦ ਸਨ। ਉਹਨਾਂ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਖਰੀਦ ਪ੍ਰਬੰਧਾਂ ਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਕਿਹਾ ਕਿ ਜ਼ਿਲ੍ਹਾ ਮਾਲੇਰਕੋਟਲਾ ਅਦਾਇਗੀ ਪੱਧਰ ਦੀ ਰੈਂਕਿੰਗ ਵਿੱਚ ਪਹਿਲੇ ਸਥਾਨ ’ਤੇ ਹੈ ਜੋ ਕਿ ਸ਼ਲਾਘਾਯੋਗ ਹੈ। ਉਨ੍ਹਾਂ ਆਸ ਜਤਾਈ ਕਿ ਜ਼ਿਲ੍ਹਾ ਆਪਣੀ ਰੈਕਿੰਗ ਨੂੰ ਇਸੇ ਤਰ੍ਹਾਂ ਬਰਕਾਰ ਰੱਖੇਗਾ । ਇਸ ਮੌਕੇ ਉਨ੍ਹਾਂ ਆੜਤੀਆਂ ਜਗਨ ਨਾਥ ਦੀਵਾਨ ਦੀ ਫੜ ਤੇ ਪਿੰਡ ਸਰੋਦ ਦੇ ਕਿਸਾਨ ਸ੍ਰੀ ਗੁਰਿੰਦਰ ਸਿੰਘ ਦੀ ਢੇਰੀ ਦਾ ਨਿਰਖਿਣ ਕੀਤਾ ਅਤੇ ਉਸ ਉਪਰੰਤ ਕਿਸਾਨਾਂ,ਆੜਤੀਆਂ ਅਤੇ ਮੰਡੀ ਮਜਦੂਰਾਂ ਆਦਿ ਦੀਆਂ ਸਮੱਸਿਆਵਾਂ ਵੀ ਸੁਣੀਆਂ । (Anaj Mandi Malerkotla)
ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਨੇ ਇਹ ਵੀ ਨਵਾਂ ਇਤਿਹਾਸ ਸਿਰਜਿਆ ਹੈ ਕਿ ਕਿਸਾਨਾਂ ਨੂੰ ਨਾਲੋ-ਨਾਲ ਅਦਾਇਗੀ ਕਰਕੇ ਝੋਨੇ ਦੀ ਫਸਲ ਦੀ ਲਿਫਟਿੰਗ ਵੀ ਤੁਰੰਤ ਸ਼ੁਰੂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਖਰੀਦ, ਲਿਫਟਿੰਗ ਅਤੇ ਅਦਾਇਗੀ ਦੀ ਸਮੁੱਚੀ ਪ੍ਰਕਿਰਿਆ ਨੂੰ ਡਿਜੀਟਲ ਵਿਧੀ ਨਾਲ ਸਿਰੇ ਚੜ੍ਹਾਇਆ ਜਾ ਰਿਹਾ ਹੈ ਅਤੇ ਕਿਸੇ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਮੁੱਖ ਖੇਤੀਬਾੜੀ ਅਫਸਰ ਨੇ ਖਾਦਾਂ ਨਾਲ ਬੇਲੋੜੇ ਖੇਤੀ ਇੰਨਪੁਟ ਦੀ ਟੈਗਿੰਗ ਨਾ ਕਰਨ ਲਈ ਜਾਰੀ ਕੀਤੀਆਂ ਹਦਾਇਤਾਂ
ਇਸ ਤੋਂ ਇਲਾਵਾ ਮੰਡੀਆਂ ਵਿੱਚ ਅਨਾਜ ਲਿਆਉਣ ਵਾਲੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਾਇਓਮੀਟਿ੍ਰਕ ਪ੍ਰਮਾਣਿਕਤਾ ਦੀ ਤਕਨੀਕ ਸ਼ੁਰੂ ਕੀਤੀ ਗਈ ਹੈ। ਅਨਾਜ ਦੀ ਲਿਫਟਿੰਗ ਵਿੱਚ ਪਾਰਦਰਸ਼ਤਾ ਲਿਆਉਣ ਲਈ ਵਾਹਨਾਂ ਨੂੰ ਆਨਲਾਈਨ ਗੇਟ ਪਾਸ ਜਾਰੀ ਕੀਤੇ ਜਾ ਰਹੇ ਹਨ ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਦੇ ਮੁਤਾਬਕ ਪੰਜਾਬ ਦੀਆਂ ਸਾਰੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਚੈਕ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ 1854 ਅਨਾਜ ਮੰਡੀਆਂ ਵਿੱਚ 10 ਅਕਤੂਬਰ ਤੱਕ ਕਰੀਬ 12,02,471.48 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਝੋਨੇ ਵਿੱਚੋ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 11,17,494.55 ਮੀਟਰਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ ਅਤੇ 4,71,648.83 ਮੀਟਰਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਹੁਣ ਤੱਕ ਕਰੀਬ 1851.15 ਕਰੋੜ ਰੁਪਏ ਦੀ ਅਦਾਇਗੀ ਵੀ ਕਲੀਅਰ ਕੀਤੀ ਜਾ ਚੁੱਕੀ ਹੈ ।
ਗੱਲਬਾਤ ਕਰਦਿਆਂ ਖੁਸ਼ੀ ਪ੍ਰਗਟਾਈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੁੜ ਤੋਂ ਖੁਸ਼ਹਾਲ ਹੋਣ ਦੇ ਰਾਹ ਉਤੇ ਚੱਲਦੇ ਹੋਏ ਰੰਗਲਾ ਪੰਜਾਬ ਬਣਨ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਨਿਯਮਾਂ ਵਿੱਚ ਢਿੱਲ ਦੇਣ ਤੋਂ ਬਾਅਦ 654 ਨਵੇਂ ਸ਼ੈਲਰਾਂ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਮੁੱਖ ਮੰਤਰੀ ਦੇ ਯਤਨਾਂ ਸਦਕਾ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਨੇ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਝੋਨੇ ਦੇ ਸੀਜ਼ਨ ਲਈ 37,000 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ (ਸੀ.ਸੀ.ਐਲ.) ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਚਾਲੂ ਸੀਜ਼ਨ ਦੌਰਾਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ । (Anaj Mandi Malerkotla)
ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ ਕੀਤੇ
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ ਕੀਤੇ ਗਏ ਹਨ, ਜਿਨ੍ਹਾਂ ਵਿੱਚ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2203 ਰੁਪਏ ਪ੍ਰਤੀ ਕੁਇੰਟਲ ਰੁਪਏ ਤੇ ਪਨਗ੍ਰੇਨ, ਮਾਰਕਫੈੱਡ, ਪਨਸਪ ਅਤੇ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸਨ, ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਦੇ ਨਾਲ ਮਿਲ ਕੇ ਭਾਰਤ ਸਰਕਾਰ ਦੁਆਰਾ ਨਿਰਧਾਰਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸੰਭਾਲ ਲਈ ਲੋੜੀਂਦੇ ਬਾਰਦਾਨੇ ਅਤੇ ਤਰਪਾਲਾਂ ਦੇ ਲੋੜੀਂਦੇ ਪ੍ਰਬੰਧ ਸਮੇਂ ਤੋਂ ਪਹਿਲਾਂ ਹੀ ਮੁਕੰਮਲ ਕਰ ਲਏ ਗਏ ਸਨ ਤਾਂ ਜੋ ਸੀਜਨ ਦੌਰਾਨ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।
ਕਿਸਾਨ ਪਰਾਲੀ ਨਾ ਸਾੜਨ
ਪੰਜਾਬ ਦੇ ਪਾਣੀ, ਹਵਾ ਤੇ ਧਰਤੀ ਨੂੰ ਪ੍ਰਦੂਸਿ਼ਤ ਹੋਣ ਤੋਂ ਬਚਾਉਣ ਲਈ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਰਵਾਇਤੀ ਪ੍ਰਥਾ ਨੂੰ ਤਿਆਗਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਨਵੇਂ ਆਧੁਨਿਕ ਖੇਤੀ ਸੰਦ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਭੱਠਿਆਂ ਲਈ ਪਰਾਲੀ ਬਾਲਣ ਦੇ ਨਾਲ-ਨਾਲ ਹੋਰ ਪਲਾਂਟਾਂ ਨੂੰ ਕਿਸਾਨਾਂ ਤੋਂ ਪਰਾਲੀ ਖਰੀਦਣ ਲਈ ਲਾਜਮੀ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਲਈ ਕਿਸਾਨਾਂ ਲਈ ਲਾਹੇਵੰਦ ਹੱਲ ਦੀ ਮੰਗ ਵੀ ਕੀਤੀ ਹੋਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ ਪੱਲਵੀ, ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਬਾਂਸਲ,ਐਸ.ਡੀ.ਐਮ. ਮਾਲੇਰਕੋਟਲਾ ਸ੍ਰੀ ਹਰਬੰਸ ਸਿੰਘ, ਡੀ.ਐਸ.ਪੀ. ਸ੍ਰੀ ਰਣਜੀਤ ਸਿਘ ,ਡੀ.ਐਸ.ਪੀ ਸ੍ਰੀ ਕੁਲਦੀਪ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਸਰਤਾਜ ਸਿੰਘ,ਜ਼ਿਲ੍ਹਾ ਮੰਡੀ ਅਫਸਰ ਸ੍ਰੀ ਜਸਪਾਲ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।