ਕਿਹਾ, ਪ੍ਰਸ਼ਾਸਨਿਕ ਤੇ ਪੁਲਿਸ ਦੇ ਕੰਮਕਾਜ ‘ਚ ਦਖਲਅੰਦਾਜ਼ੀ ਨਹੀਂ ਹੋਵੇਗੀ ਬਰਦਾਸ਼ਤ
ਚੰਡੀਗੜ੍ਹ (ਅਸ਼ਵਨੀ ਚਾਵਲਾ) । ਪਿਛਲੇ ਇੱਕ ਹਫ਼ਤੇ ‘ਚ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ਕੀਤੀ ਗਈ ਧੱਕੇਸ਼ਾਹੀ ਤੋਂ ਬਾਅਦ ਆਖਰਕਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਖ਼ਿਲਾਫ਼ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ।ਅਮਰਿੰਦਰ ਸਿੰਘ ਨੇ ਐਤਵਾਰ ਨੂੰ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਸਣੇ ਕਾਂਗਰਸੀ ਲੀਡਰਾਂ ਨੂੰ ਪ੍ਰਸ਼ਾਸਨਿਕ ਤੇ ਪੁਲਿਸ ਦੇ ਕੰਮਕਾਜ ਵਿੱਚ ਦਖ਼ਲਅੰਦਾਜ਼ੀ ਨਾ ਕਰਨ ਦੀ ਤਾੜਨਾ ਕਰਦਿਆਂ ਆਖਿਆ ਕਿ ਅਜਿਹੇ ਮਾਮਲਿਆਂ ਨੂੰ ਹਰਗਿਜ਼ ਸਹਿਣ ਨਹੀਂ ਕੀਤਾ ਜਾਵੇਗਾ।
ਅਮਰਿੰਦਰ ਸਿੰਘ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਆਪਣੀ ਡਿਊਟੀ ਦੌਰਾਨ ਸਿਆਸੀ ਦਬਾਅ ਅੱਗੇ ਨਾ ਝੁਕਣ ਦਾ ਸਖ਼ਤ ਸੁਨੇਹਾ ਦਿੱਤਾ। ਮੁੱਖ ਮੰਤਰੀ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਸਬਾ ਗਿੱਦੜਬਾਹਾ ਦੇ ਇੱਕ ਪੱਤਰਕਾਰ ‘ਤੇ ਕਥਿਤ ਹਮਲੇ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਇਹ ਮਾਮਲਾ ਸਿਰਫ ਮੈਰਿਟ ਨੂੰ ਅਧਾਰ ਬਣਾ ਕੇ ਨਿਪਟਾਉਣ ਦੇ ਹੁਕਮ ਦਿੰਦਿਆਂ ਆਖਿਆ ਕਿ ਬਿਨਾਂ ਕਿਸੇ ਸਿਆਸੀ ਪ੍ਰਭਾਵ ਤੋਂ ਇਨਸਾਫ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਹ ਜਾਣਕਾਰੀ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਨੇ ਦਿੱਤੀ। ਠੁਕਰਾਲ ਨੇ ਦੱਸਿਆ ਕਿ ਉਨ੍ਹਾਂ ਨੇ ਸਬੰਧਤ ਪੱਤਰਕਾਰ ਨਾਲ ਗੱਲ ਕਰਕੇ ਦੱਸ ਦਿੱਤਾ ਹੈ ਕਿ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ਵਿੱਚ ਕਾਨੂੰਨ ਆਪਣਾ ਕੰਮ ਕਰੇਗਾ ਅਤੇ ਨਿਰਪੱਖ ਜਾਂਚ ਰਾਹੀਂ ਦੋਸ਼ੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਸੂਬੇ ਦੇ ਪੁਲਿਸ ਮੁਖੀ ਨੂੰ ਪੱਤਰਕਾਰ ਵੱਲੋਂ ਆਪਣੇ ਪਰਿਵਾਰ ਦੀ ਸੁਰੱਖਿਆ ਬਾਰੇ ਜ਼ਾਹਰ ਕੀਤੇ ਖਦਸ਼ੇ ਦੇ ਮੱਦੇਨਜ਼ਰ ਪੱਤਰਕਾਰ ਤੇ ਉਸ ਦੇ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਪੱਤਰਕਾਰ ਨੂੰ ਸਥਾਨਕ ਸਰਕਾਰੀ ਹਸਪਤਾਲ ‘ਚ ਇਲਾਜ ਵੀ ਮੁਫ਼ਤ ਮੁਹੱਈਆ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਲਿਖਤੀ ਰੂਪ ‘ਚ ਹੁਕਮ ਜਾਰੀ ਕਰਦਿਆਂ ਅਧਿਕਾਰੀਆਂ ਨੂੰ ਇਹ ਸੰਦੇਸ਼ ਪੁਲੀਸ ਵਿਭਾਗ ਦੇ ਹੇਠਲੇ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube ‘ਤੇ ਫਾਲੋ ਕਰੋ।