ਖੇਤੀਬਾੜੀ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਪਾਇਆ ਕਾਬੂ | Farmers
ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਭਾਵੇਂ ਫ਼ਸਲੀ ਰਹਿੰਦ-ਖੂੰਹਦ ਨੂੰ ਨਾ ਸਾੜਨ ਦੀਆਂ ਅਪੀਲਾਂ ਕੀਤੀਆਂ ਜਾ ਰਹੀਆਂ ਹਨ ਪਰ ਕੁੱਝ ਕੁ ਲੋਕ ਸਭ ਅਪੀਲਾਂ ਨੂੰ ਛਿੱਕੇ ਟੰਗ ਕੇ ਪਰਾਲੀ ਨੂੰ ਸਾੜ ਰਹੇ ਹਨ। ਪਾਬੰਦੀ ਦੇ ਹੁਕਮਾਂ ਦੇ ਬਾਵਜੂਦ ਪਰਾਲੀ ਨੂੰ ਸਾੜਨ ਦੇ ਕੁੱਝ ਮਾਮਲੇ ਜ਼ਿਲਾ ਲੁਧਿਆਣਾ ਦੇ ਬਲਾਕ ਜਗਰਾਓਂ ’ਚ ਸਾਹਮਣੇ ਆਏ ਸਨ। ਜਿੱਥੇ ਖੇਤੀਬਾੜੀ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਅੱਗ ’ਤੇ ਕਾਬੂ ਪਾਇਆ। ਇਸ ਤੋਂ ਬਾਅਦ ਪ੍ਰਸ਼ਾਸਨਿਕ ਹੁਕਮਾਂ ’ਤੇ ਪਟਵਾਰੀਆਂ ਵੱਲੋਂ ਸੰਬਧਿਤ ਕਿਸਾਨਾਂ ਦੀ ਰੈੱਡ ਐਂਟਰ ਕਰ ਦਿੱਤੀ ਗਈ ਹੈ। (Farmers)
ਪ੍ਰਾਪਤ ਜਾਣਕਾਰੀ ਮੁਤਾਬਕ ਬਲਾਕ ਜਗਰਾਓਂ ਦੇ ਚਚਰਾੜੀ, ਡਾਗੀਆਂ, ਕਾਉਂਕੇ ਕਲਾਂ, ਕੁਲਾਰ, ਢੋਲਣ, ਅਗਵਾੜ ਰਾਹਲਾਂ ਆਦਿ ਪਿੰਡਾਂ ’ਚ ਕਿਸਾਨਾਂ ਵੱਲੋਂ ਆਪਣੇ ਖੇਤ ਵਿਚਲੀ ਪਰਾਲੀ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਖੇਤਾਂ ਦਾ ਦੌਰਾ ਕਰਕੇ ਅੱਗ ਬੁਝਾਈ ਗਈ ਅਤੇ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ਼ ਪਟਵਾਰੀਆਂ ਨੂੰ ਹਦਾਇਤਾਂ ਕੀਤੀਆਂ।
ਜਿਸ ਤੋਂ ਬਾਅਦ ਪਟਵਾਰੀਆਂ ਵੱਲੋਂ ਸਬੰਧਿਤ ਕਿਸਾਨਾਂ ਦੀ ਰੈੱਡ ਐਂਟਰੀ ਕੀਤੀ ਗਈ। ਜ਼ਿਲਾ ਪ੍ਰਸ਼ਾਸ਼ਨ ਨੇ ਚੇਤਾਵਨੀ ਦਿੱਤੀ ਕਿ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਇਹ ਪ੍ਰਕਿਰਿਆ ਦੁਹਰਾਉਣ ਵਾਲੇ ਕਿਸਾਨਾਂ ਸਬੰਧੀ ਸਾਰੇ ਵਿਭਾਗਾਂ ਨੂੰ ਸੂਚਿਤ ਕੀਤਾ ਜਾਵੇਗਾ ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਕਿਸਾਨ ਨੂੰ ਕੋਈ ਵੀ ਸਬਸਿਡੀ ਜਾ ਸਰਕਾਰੀ ਸਹੂਲਤ ਲੈਣ ਵਿੱਚ ਮੁਸ਼ਕਿਲ ਪੇਸ਼ ਆ ਸਕਦੀ ਹੈ।
ਬਰਨਾਲਾ ਹੌਲਦਾਰ ਕਤਲ ਕੇਸ ਨਾਲ ਜੁੜੀ ਵੱਡੀ ਖਬਰ
ਜਾਣਕਾਰੀ ਮੁਤਾਬਕ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਵੱਲੋਂ ਸਬੰਧਤ ਕਿਸਾਨਾਂ ਦੇ ਚਲਾਨ ਵੀ ਕੱਟੇ ਗਏ। ਜ਼ਿਲੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵੱਖ- ਵੱਖ ਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ ਦੀ ਵਰਤੋਂ ਨਾਲ ਸੁਚੱਜਾ ਪ੍ਰਬੰਧਨ ਕਰਨ ’ਤੇ ਜ਼ੋਰ ਦੇਣ।