ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿਖੇ ਸ੍ਰੀ ਰਾਧਾ ਗੋਪੀਨਾਥ ਮੰਦਰ ਦਾ ਕੀਤਾ ਉਦਘਾਟਨ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬ ’ਚ ਸਮਾਜਿਕ ਸਾਂਝ ਏਨੀ ਮਜ਼ਬੂਤ ਹੈ ਕਿ ਪੰਜਾਬ ਦੀ ਉਪਜਾਊ ਧਰਤੀ ’ਤੇ ਕੋਈ ਵੀ ਬੀਜ ਉੱਗ ਸਕਦਾ ਹੈ ਪਰ ਇੱਥੇ ਨਫਰਤ ਦਾ ਬੀਜ ਕਿਸੇ ਵੀ ਕੀਮਤ ’ਤੇ ਨਹੀਂ ਫੁੱਟੇਗਾ। ਕਿਉਂਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ-ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਜਿਨਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਹਿਣਸੀਲਤਾ ਦਾ ਮਾਰਗ ਦਿਖਾਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇੱਥੇ ਸ੍ਰੀ ਰਾਧਾ ਗੋਪੀਨਾਥ ਮੰਦਰ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਇੱਕ ਇਤਿਹਾਸਕ ਮੌਕਾ ਹੈ ਕਿਉਂਕਿ ਇਹ ਨਵਾਂ ਬਣਿਆ ਮੰਦਰ ਲੋਕਾਂ ਨੂੰ ਮਨੁੱਖਤਾ ਦੀ ਨਿਸ਼ਕਾਮ ਸੇਵਾ ਲਈ ਪ੍ਰੇਰਨਾ ਦੇਣ ਵਾਸਤੇ ਸਮਰਪਿਤ ਕੀਤਾ ਜਾ ਰਿਹਾ ਹੈ। (Ludhiana News)
ਇਹ ਵੀ ਪੜ੍ਹੋ : HTET ਪ੍ਰੀਖਿਆ ਲਈ ਤਰੀਕਾਂ ਦਾ ਐਲਾਨ, ਇਸ ਮਹੀਨੇ ’ਚ ਹੋਵੇਗਾ Exam
ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਹਰ ਵਿਅਕਤੀ ਨੂੰ ਆਪਣੇ ਆਪ ਨੂੰ ਲੋਕ ਭਲਾਈ ਲਈ ਸਮਰਪਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਪ੍ਰੇਮ-ਪਿਆਰ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਮਜ਼ਬੂਤ ਕਰਕੇ ਜਬਰ, ਜ਼ੁਲਮ ਅਤੇ ਬੇਇਨਸਾਫੀ ਦਾ ਵਿਰੋਧ ਕੀਤਾ ਹੈ। ਸਮਾਜ ’ਚ ਅਧਿਆਤਮਿਕ ਗਿਆਨ ਦੇ ਪਾਸਾਰ ਲਈ ਇਸਕੋਨ ਸੁਸਾਇਟੀ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਏਕਤਾ, ਸਾਂਤੀ ਅਤੇ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਉਤੇ ਪਹਿਰਾ ਦੇਣ ਅਤੇ ਜੀਵਨ ਦੇ ਅਸੰਤੁਲਨ ਨੂੰ ਰੋਕਣ ਲਈ ਅਧਿਆਤਮਕ ਤਕਨੀਕਾਂ ਨੂੰ ਅਪਣਾਉਣ ’ਚ ਮਦਦ ਮਿਲਦੀ ਹੈ।
ਉਨਾਂ ਕਿਹਾ ਕਿ ਭਾਰਤ ਖਾਸ ਕਰਕੇ ਪੰਜਾਬ ਮੇਲਿਆਂ ਅਤੇ ਤਿਉਹਾਰਾਂ ਦੀ ਧਰਤੀ ਹੈ ਜੋ ਕਿ ‘ਅਨੇਕਤਾ ’ਚ ਏਕਤਾ’ ਦੇ ਗੁਣਾਂ ਦੇ ਨਾਲ-ਨਾਲ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਸ਼ਾਨਦਾਰ ਵਿਰਸੇ ਨੂੰ ਮੂਰਤੀਮਾਨ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉਠ ਕੇ ਲੋਕਾਂ ’ਚ ਪਿਆਰ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦੇਣ ਦਾ ਸੱਦਾ ਦਿੱਤਾ। ਇਸ ਮੌਕੇ ਉਨਾਂ ਨਾਲ ਵਿਧਾਇਕ ਮਦਨ ਲਾਲ ਬੱਗਾ, ਕੁਲਵੰਤ ਸਿੰਘ ਸਿੱਧੂ, ਸਰਵਜੀਤ ਕੌਰ ਮਾਣੂੰਕੇ, ਹਰਦੀਪ ਸਿੰਘ ਮੁੰਡੀਆਂ, ਅਸ਼ੋਕ ਪਰਾਸਰ ਪੱਪੀ, ਰਜਿੰਦਰਪਾਲ ਕੌਰ ਛੀਨਾ, ਚੇਅਰਮੈਨ ਨਵਜੋਤ ਸਿੰਘ ਜਰਗ, ਸੁਰੇਸ਼ ਗੋਇਲ, ਅਮਨਦੀਪ ਸਿੰਘ ਮੋਹੀ, ਅਤੇ ਸਰਨਪਾਲ ਸਿੰਘ ਮੱਕੜ ਤੋਂ ਇਲਾਵਾ ਹੋਰ ਵੀ ਹਾਜਰ ਸਨ। (Ludhiana News)
ਦੁਸਹਿਰੇ ਦੇ ਤਿਉਹਾਰ ’ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਸ ਤਿਉਹਾਰ ਦੇ ਸੰਦੇਸ਼ ਦੀ ਭਾਵਨਾ ਨਾਲ ਸਮਾਜਿਕ ਬੁਰਾਈਆਂ ਵਿਰੁੱਧ ਆਪਣੀ ਆਵਾਜ ਬੁਲੰਦ ਕਰਨ ਦਾ ਸੱਦਾ ਦਿੱਤਾ। ਕਿਹਾ ਕਿ ਇਹ ਤਿਉਹਾਰ ਬਦੀ ਉਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ, ਜੋ ਕਿ ਭਾਰਤੀ ਕਦਰਾਂ-ਕੀਮਤਾਂ ਅਤੇ ਭਾਵਨਾਵਾਂ ਦਾ ਮੂਲ ਕੇਂਦਰ ਹੈ। ਉਨ੍ਹਾਂ ਕਿਹਾ ਕਿ ਇਸ ਤਿਉਹਾਰ ਦੇ ਮੱਦੇਨਜਰ ਸੂਬੇ ’ਚੋਂ ਭਿ੍ਰਸ਼ਟਾਚਾਰ, ਬੇਰੁਜਗਾਰੀ, ਨਸ਼ਿਆਂ ਆਦਿ ਵਰਗੀਆਂ ਬੁਰਾਈਆਂ ਦਾ ਸਫਾਇਆ ਕਰਨ ਲਈ ਪੰਜਾਬ ਸਰਕਾਰ ਆਪਣਾ ਫਰਜ਼ ਸਮਝਦੀ ਹੈ। (Ludhiana News)