ਕਿਹਾ, ਨੌਜਵਾਨਾਂ ਦੀ ਸ਼ਖਸੀਅਤ ਨਿਖਾਰਨ ਲਈ ਯੁਵਕ ਮੇਲੇ ਢੁਕਵਾਂ ਪਲੇਟਫਾਰਮ
ਮੁੱਖ ਮੰਤਰੀ ਨੇ ਯੁਵਕ ਮੇਲੇ (Yuvak Mela) ’ਚ ਕਾਲਜ ਦੇ ਦਿਨਾਂ ਨੂੰ ਯਾਦ ਕੀਤਾ
(ਕਰਮ ਥਿੰਦ) ਸੁਨਾਮ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਅੱਜ ਇੱਥੇ ਖੇਤਰੀ ਯੁਵਕ ਮੇਲੇ (Yuvak Mela) ਦੀ ਪ੍ਰਧਾਨਗੀ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਜਾ ਰਹੀ। ਉਨ੍ਹਾਂ ਕਿਹਾ ਕਿ ਇੱਕ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਵਿਸ਼ੇਸ਼ ਕਦਮ ਚੁੱਕੇ ਗਏ ਹਨ ਅਤੇ ਦੂਜੇ ਪਾਸੇ ਸੂਬੇ ’ਚ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਵੱਡੇ ਉਪਰਾਲੇ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲੇ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖੇ ਜਾਣਗੇ ਜਿਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਖਾਕਾ ਤਿਆਰ ਕਰ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਸਪਾਇਨ ਸੈਂਟਰ ਦਾ ਦੌਰਾ
ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ ’ਤੇ ਰਨਵੇ ਹਵਾਈ ਜਹਾਜ਼ ਨੂੰ ਸਹੀ ਢੰਗ ਨਾਲ ਉਡਾਣ ਭਰਨ ਲਈ ਸਹਾਈ ਹੁੰਦਾ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਫਨਿਆਂ ਨੂੰ ਸਾਕਾਰ ਕਰਨ ’ਚ ਮਦਦ ਕਰ ਰਹੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
Yuvak Mela ਨੌਜਵਾਨਾਂ ਦੀ ਸਮੁੱਚੀ ਸ਼ਖਸੀਅਤ ਨੂੰ ਨਿਖਾਰਨ ਲਈ ਮੰਚ ਵਜੋਂ ਭੂਮਿਕਾ ਅਦਾ ਕਰਦੇ ਹਨ
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੱਤ ’ਤੇ ਰਸ਼ਕ ਨਾ ਕਰਨ ਸਗੋਂ ਨਿਮਰ ਹੋ ਕੇ ਕੰਮ ਕਰਨ ਅਤੇ ਹੋਰ ਸਫਲਤਾ ਹਾਸਲ ਕਰਨ ਲਈ ਸਖਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਆਤਮ-ਵਿਸਵਾਸ ਅਤੇ ਸਾਕਾਰਾਤਮਕ ਪਹੁੰਚ ਹਰ ਵਿਅਕਤੀ ਦੀ ਸਖਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕੋਈ ਹੰਕਾਰ ਨਹੀਂ ਹੋਣਾ ਚਾਹੀਦਾ। ਮੁੱਖ ਮੰਤਰੀ ਨੇ ਆਪਣੇ ਕਾਲਜ ਦੇ ਦਿਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਦੀ ਸਮੁੱਚੀ ਸਖਸੀਅਤ ਨੂੰ ਨਿਖਾਰਨ ਲਈ ਮੰਚ ਵਜੋਂ ਭੂਮਿਕਾ ਅਦਾ ਕਰਦੇ ਹਨ। ਉਨ੍ਹਾਂ ਕਿਹਾ, ਯੁਵਕ ਮੇਲਿਆਂ ਨੇ ਮੈਨੂੰ ਇਕ ਕਲਾਕਾਰ ਵਜੋਂ ਅਤੇ ਹੁਣ ਇਕ ਸਿਆਸਤਦਾਨ ਵਜੋਂ ਜ਼ਿੰਦਗੀ ਵਿੱਚ ਬੁਲੰਦੀ ਹਾਸਲ ਕਰਨ ਵਿੱਚ ਮਦਦ ਕੀਤੀ ਹੈ। ਨੌਜਵਾਨਾਂ ਨੂੰ ਵੀ ਆਪਣੀ ਸ਼ਖਸੀਅਤ ਵਿਕਾਸ ਲਈ ਇਨ੍ਹਾਂ ਮੰਚਾਂ ਦੀ ਢੁਕਵੀਂ ਵਰਤੋਂ ਕਰਨੀ ਚਾਹੀਦੀ ਹੈ।
ਕਾਲਜ ਪ੍ਰਬੰਧਕਾਂ ਵੱਲੋਂ ਕੀਤੀਆਂ ਜਾ ਰਹੀਆਂ ਮੰਗਾਂ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਫੰਡਾਂ ਦੀ ਕੋਈ ਕਮੀ ਨਹੀਂ ਹੈ ਕਿਉਂਕਿ ਸਰਕਾਰ ਦਾ ਮੁੱਖ ਏਜੰਡਾ ਸਿੱਖਿਆ ਦਾ ਪਾਸਾਰ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡਿਜੀਟਲ ਲਾਇਬ੍ਰੇਰੀ, ਅੱਠ ਕਮਰੇ, ਇਨਡੋਰ ਸਟੇਡੀਅਮ ਅਤੇ ਹੋਰ ਮੰਗਾਂ ਵੀ ਜਲਦ ਪੂਰੀਆਂ ਕੀਤੀਆਂ ਜਾਣਗੀਆਂ।