ਚੰਡੀਗੜ੍ਹ। ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਨੂੰ ਨਜ਼ਰਅੰਦਾਜ਼ ਕਰਨ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਪੁੱਜ ਗਿਆ ਹੈ। ਦਰਅਸਲ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਮਾਮਲੇ ਸਬੰਧੀ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਨੂੰ ਲੈ ਕੇ ਅਦਾਲਤ ’ਚ ਅੱਜ ਸੁਣਵਾਈ ਹੋਈ। ਅਦਾਲਤ ਨੇ ਪ੍ਰਤਾਪ ਸਿੰਘ ਬਾਜਵਾ ਦੇ ਵਕੀਲ ਤੋਂ ਪੁੱਛਿਆ ਹੈ ਕਿ ਵਿਧਾਨ ਸਭਾ ਦੀ ਕਾਰਵਾਈ ਦਾ ਟੈਲੀਕਾਸਟ ਕਿਸ ਤਰ੍ਹਾਂ ਹੰੁਦਾ ਹੈ। ਅਦਾਲਤ ਨੇ ਕਿਹਾ ਕਿ ਆਰਟੀਆਈ ਜ਼ਰੀਏ ਵੀ ਇਹ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੀ ਸੁਣਵਾਈ 4 ਹਫ਼ਤਿਆਂ ਲਈ ਟਾਲ ਦਿੱਤੀ ਗਈ ਹੈ। (Pratap Singh Bajwa)
ਜਾਣੋ ਕੀ ਹੈ ਪੂਰਾ ਮਾਮਲਾ
ਦਰਅਸਲ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਪਟੀਸ਼ਨ ’ਚ ਵਿਧਾਨ ਸਭਾ ਸੈਸ਼ਨ ਦੌਰਾਨ ਲਾਈਵ ਕਵਰੇਜ ’ਤੇ ਸਿਰਫ਼ ਸਰਕਾਰ ਅਤੇ ਉਸ ਦੇ ਨੇਤਾਵਾਂ ਨੂੰ ਦਿਖਾਉਣ ਅਤੇ ਵਿਰੋਧੀ ਧਿਰ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਵਿਰੋਧੀ ਧਿਰ ਦੇ ਆਗੂ ਬੋਲਦੇ ਹਨ ਤਾਂ ਕੈਮਰਾ ਉਨ੍ਹਾਂ ’ਤੇ ਨਹੀਂ ਹੁੰਦਾ।
Breaking : ਹਰਿਆਣਾ-ਪੰਜਾਬ ’ਚ NIA ਦਾ ਵੱਡਾ ਐਕਸ਼ਨ, ਕਈ ਥਾਵਾਂ ’ਤੇ ਮਾਰੇ ਛਾਪੇ
ਇਸ ਨੂੰ ਲੈ ਕੇ ਵਿਧਾਨ ਸਭਾ ਸਪੀਕਰ ਨੂੰ ਵੀ ਸ਼ਿਕਾਇਤ ਕੀਤੀ ਗਈ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਇਸ ਤੋਂ ਬਾਅਦ ਬਾਜਵਾ ਨੇ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਹਾਈਕੋਰਟ ਨਿਰਦੇਸ਼ ਜਾਰੀ ਰਹੇ ਕਿ ਵਿਧਾਨ ਸਭਾ ਸੈਸ਼ਨ ਦੇ ਸਮੇਂ ਸਾਰਿਆਂ ਨੂੰ ਬਰਾਬਰ ਤਵੱਜੋ ਦਿੱਤੀ ਜਾਵੇ।