(ਸਤੀਸ਼ ਜੈਨ) ਰਾਮਾਂ ਮੰਡੀ। ਇਸ ਵਾਰ ਵੀ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਕਿਸਾਨਾਂ ਨੂੰ ਕਈ ਮਹਿੰਗੇ ਭਾਅ ਦੀਆਂ ਕੀੜੇਮਾਰ ਦਵਾਈਆਂ ਦਾ ਨਰਮੇ ਦੀ ਫਸਲ ’ਤੇ ਛਿੜਕਾਅ ਕਰਨਾ ਪਿਆ, ਜਿਸ ਕਾਰਨ ਨਰਮੇ ਦੀ ਫਸਲ ’ਤੇ ਲਾਗਤ ਖਰਚਾ ਵਧਿਆ ਹੈ, ਪਰ ਕਿਸਾਨਾਂ ਨੂੰ ਲਾਗਤ ਖਰਚੇ ਅਨੁਸਾਰ ਸਹੀ ਭਾਅ ਨਹੀਂ ਮਿਲ ਰਿਹਾ ਤੇ ਨਾ ਹੀ ਕਾਟਨ ਕਾਰਪੋਰੇਸ਼ਨ ਆਫ ਇੰਡੀਆ ਨੇ ਅਜੇ ਤੱਕ ਨਰਮੇ ਦੀ ਖਰੀਦ ਸ਼ੁਰੂ ਕੀਤੀ ਹੈ। ਪੰਜਾਬ ਅੰਦਰ ਪ੍ਰਾਈਵੇਟ ਵਪਾਰੀਆਂ ਵੱਲੋਂ ਚਿੱਟੇ ਸੋਨੇ ਦੀ ਸ਼ਰੇਆਮ ਲੁੱਟ ਕੀਤੀ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾਂ ਨੇ ਕੀਤਾ। (Government Procurement )
ਉਹਨਾਂ ਕਿਹਾ ਕਿ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਾਅਦ ਜੇਕਰ ਕੁਝ ਨਰਮੇ ਦੀ ਫਸਲ ਹੋਈ ਹੈ ਤਾਂ ਕਾਟਨ ਕਾਰਪੋਰੇਸ਼ਨ ਆਫ ਇੰਡੀਆ ਨੇ ਫਸਲ ਖਰੀਦਣ ਤੋਂ ਹੱਥ ਖੜ੍ਹੇ ਕਰ ਦਿੱਤੇ ਹਨ ਜਿਸ ਕਾਰਨ ਸੂਬੇ ਅੰਦਰ ਕਿਸਾਨਾਂ ਦੇ ਚਿੱਟੇ ਸੋਨੇ ਦੀ ਲੁੱਟ ਸ਼ੁਰੂ ਹੋ ਗਈ ਹੈ। ਕਾਟਨ ਕਾਰਪੋਰੇਸ਼ਨ ਆਫ ਇੰਡੀਆ (339) ਵੱਲੋਂ ਨਰਮੇ ਦੀ ਖਰੀਦ ਨਾ ਕੀਤੇ ਜਾਣ ਕਾਰਨ ਕਿਸਾਨ ਪ੍ਰਾਈਵੇਟ ਵਪਾਰੀਆਂ ਨੂੰ ਘੱਟ ਰੇਟ ’ਤੇ ਨਰਮੇ ਦੀ ਫਸਲ ਵੇਚਣ ਲਈ ਮਜਬੂਰ ਹਨ। ਸਰੂਪ ਰਾਮਾਂ ਨੇ ਦੱਸਿਆ ਕਿ ਪੰਜਾਬ ਅੰਦਰ ਲੰਬੇ ਰੇਸ਼ੇ ਵਾਲੇ ਨਰਮੇ ਦਾ ਰੇਟ ਕੇਂਦਰ ਸਰਕਾਰ ਵੱਲੋਂ 7020 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ ਜਦੋਂ ਕਿ ਪ੍ਰਾਈਵੇਟ ਵਪਾਰੀਆਂ ਵੱਲੋਂ 4500 ਤੋਂ ਲੈ ਕੇ 5000 ਰੁਪਏ ਪ੍ਰਤੀ ਕੁਇੰਟਲ ਰੇਟ ’ਤੇ ਨਰਮਾ ਖਰੀਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਨਰਮੇ ਦੀ ਫਸਲ ਦਾ 2000 ਰੁਪਏ ਪ੍ਰਤੀ ਕੁਇੰਟਲ ਘੱਟ ਰੇਟ ਮਿਲ ਰਿਹਾ ਹੈ।
ਇਹ ਵੀ ਪੜ੍ਹੋ: ਮੋਹਨ ਯਾਦਵ ਹੋਣਗੇ ਐਮਪੀ ਦੇ ਨਵੇਂ ਮੁੱਖ ਮੰਤਰੀ , ਜਾਣੋ ਕੌਣ ਹਨ ਮੋਹਨ ਯਾਦਵ
ਪ੍ਰਾਈਵੇਟ ਵਪਾਰੀ ਸ਼ਰੇਆਮ ਕਿਸਾਨਾਂ ਦੀ ਲੁੱਟ ਕਰ ਰਹੇ ਹਨ, ਪਰ ਪੰਜਾਬ ਸਰਕਾਰ ਵੀ ਇਸ ਮਸਲੇ ’ਤੇ ਚੁੱਪ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਅਬੋਹਰ ਅਤੇ ਸੰਗਤ ਮੰਡੀ ਵਿੱਚ ਸੀਸੀਆਈ ਨੇ ਨਰਮੇ ਦੀ ਕੁਝ ਖਰੀਦ ਕੀਤੀ ਹੈ ਜਦੋਂ ਕਿ ਬਾਕੀ ਥਾਵਾਂ ’ਤੇ ਉਨ੍ਹਾਂ ਕਿਸਾਨਾਂ ਨੂੰ ਪ੍ਰਾਈਵੇਟ ਵਪਾਰੀਆਂ ਦੇ ਰਹਿਮੋ ਕਰਮ ’ਤੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਰਮੇ ਦੀ ਫਸਲ ਕਿਸਾਨਾਂ ਲਈ ਘਾਟੇ ਦਾ ਸੌਦਾ ਬਣਦੀ ਜਾ ਰਹੀ ਹੈ, ਜਿਸ ਕਾਰਨ ਹਰ ਸਾਲ ਨਰਮੇ ਹੇਠ ਰਕਬਾ ਘਟਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਕਿਸਾਨਾਂ ਨੂੰ ਨਰਮੇ ਦੀ ਖੇਤੀ ਕਰਨ ਲਈ ਉਤਸ਼ਾਹਿਤ ਕਰਨ ਦੇ ਦਾਅਵੇ ਕਰ ਰਹੀ ਹੈ, ਪਰ ਦੂਜੇ ਪਾਸੇ ਕਿਸਾਨਾਂ ਨੂੰ ਨਰਮੇ ਦਾ ਸਹੀ ਰੇਟ ਨਹੀਂ ਦਿੱਤਾ ਜਾ ਰਿਹਾ। ਉਹਨਾਂ ਕਿਹਾ ਕਿ ਕਿਸਾਨਾਂ ਦੇ ਚਿੱਟੇ ਸੋਨੇ ਦੀ ਸ਼ਰੇਆਮ ਲੁੱਟ ਹੋਣ ਲੱਗੀ ਹੈ। (Government Procurement )
ਕਿਸਾਨ ਆਗੂ ਸਰੂਪ ਸਿੰਘ ਰਾਮਾਂ ਨੇ ਕਿਹਾ ਕਿ ਜੇਕਰ ਸੀਸੀਆਈ ਨੇ ਤੁਰੰਤ ਨਰਮੇ ਦੀ ਖਰੀਦ ਸ਼ੁਰੂ ਨਾ ਕੀਤੀ ਤਾਂ ਉਹ ਕਾਟਨ ਕਾਰਪੋਰੇਸ਼ਨ ਆਫ ਇੰਡੀਆ ਦੇ ਦਫਤਰ ਦਾ ਘਿਰਾਓ ਕਰਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ਵਿਚ ਨਿੱਜੀ ਦਿਲਚਸਪੀ ਲੈ ਕੇ ਨਰਮੇ ਦੀ ਖਰੀਦ ਸ਼ੁਰੂ ਕਰਵਾਉਣ। ਉਨ੍ਹਾਂ ਦੱਸਿਆ ਇਸ ਮਾਮਲੇ ਸਬੰਧੀ ਸੀਸੀਆਈ ਦੇ ਜੀ.ਐੱਮ ਵਿਨੋਦ ਕੁਮਾਰ ਨਾਲ ਪੰਜਾਬ ਅੰਦਰ ਨਰਮੇ ਦੀ ਖਰੀਦ ਸ਼ੁਰੂ ਕਰਨ ਲਈ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਇਕ ਹਫਤੇ ਦੇ ਅੰਦਰ ਹੀ ਖ੍ਰੀਦ ਸ਼ੁਰੂ ਕਰ ਦਿੱਤੀ ਜਾਵੇਗੀ।