ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ ਵਿੱਚ ਲਿਆਂਦਾ ਜਾਵੇਗਾ ਬਿੱਲ | New Law in Punjab
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਨਜਾਇਜ਼ ਕਲੋਨੀਆਂ ਕੱਟਣ ਵਾਲੇ ਖ਼ਬਰਦਾਰ ਹੋ ਜਾਣ, ਕਿਉਂਕਿ ਹੁਣ ਤੋਂ ਬਾਅਦ ਉਨ੍ਹਾਂ ਨਾਲ ਪੰਜਾਬ ਸਰਕਾਰ ਸਖ਼ਤੀ ਨਾਲ ਨਜਿੱਠਣ ਦੇ ਨਾਲ ਹੀ ਜੇਲ੍ਹ ਤੱਕ ਵੀ ਭੇਜਣ ਦੀ ਤਿਆਰੀ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨਵਾਂ ਕਾਨੂੰਨ ਵੀ ਤਿਆਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉੱਚ ਅਧਿਕਾਰੀਆਂ ਨੂੰ ਆਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ ਤਾਂ ਕਿ ਜਲਦ ਤੋਂ ਜਲਦ ਨਵੇਂ ਕਾਨੂੰਨ ਦਾ ਖਰੜਾ ਤਿਆਰ ਕਰਦੇ ਹੋਏ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾ ਸਕੇ। ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਕੱਤਰੇਤ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਸੂਬੇ ਵਿੱਚ ਭਵਿੱਖ ਵਿੱਚ ਗੈਰ ਕਾਨੂੰਨੀ ਕਲੋਨੀਆਂ ਬਣਨ ਤੋਂ ਰੋਕਣ ਲਈ ਗੈਰ ਕਾਨੂੰਨੀ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਵਾਸਤੇ ਅਧਿਕਾਰੀਆਂ ਨੂੰ ਬਿੱਲ ਦਾ ਖਰੜਾ ਤਿਆਰ ਕਰਨ ਲਈ ਆਖਿਆ। (New Law in Punjab)
ਬਿੱਲ ਦਾ ਖ਼ਰੜਾ ਬਣਾਉਣ ਦੇ ਆਦੇਸ਼ | New Law in Punjab
ਜ਼ਮੀਨ/ਜਾਇਦਾਦ ਦੀ ਰਜਿਸਟਰੇਸ਼ਨ ਲਈ ਐੱਨਓਸੀ ਦੀ ਸ਼ਰਤ ਖ਼ਤਮ ਕਰਨ ਦੇ ਸੂਬਾ ਸਰਕਾਰ ਦੇ ਹਾਲੀਆ ਫੈਸਲੇ ਸਬੰਧੀ ਅੱਜ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਦਾ ਮੰਤਵ ਆਮ ਜਨਤਾ ਨੂੰ ਸਹੂਲਤ ਦੇਣਾ ਹੈ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਕਲੋਨਾਈਜ਼ਰਾਂ ਦੁਆਲੇ ਸ਼ਿਕੰਜਾ ਕਸਣ ਲਈ ਨਵਾਂ ਕਾਨੂੰਨ ਬਣਾਉਣ ਦੀ ਬੇਹੱਦ ਲੋੜ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ ਤੋਂ ਪਹਿਲਾਂ ਨਵੇਂ ਬਿੱਲ ਦਾ ਖਰੜਾ ਤਿਆਰ ਕਰਨ ਲਈ ਆਖਿਆ ਤਾਂ ਕਿ ਵਿਧਾਨ ਸਭਾ ਤੋਂ ਇਸ ਦੀ ਪ੍ਰਵਾਨਗੀ ਲਈ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਗੈਰ ਕਾਨੂੰਨੀ ਕਲੋਨਾਈਜ਼ਰ ਸਬਜ਼ਬਾਗ ਦਿਖਾ ਕੇ ਲੋਕਾਂ ਨੂੰ ਲੁੱਟਦੇ ਹਨ ਅਤੇ ਆਪਣੀਆਂ ਗੈਰ ਪ੍ਰਵਾਨਿਤ ਕਲੋਨੀਆਂ ਵੇਚ ਦਿੰਦੇ ਹਨ। ਉਨ੍ਹਾਂ ਕਿਹਾ ਕਿ ਠੱਗੇ ਗਏ ਲੋਕ ਇਨ੍ਹਾਂ ਕਲੋਨੀਆਂ ਵਿੱਚ ਬੁਨਿਆਦੀ ਸਹੂਲਤਾਂ ਲਈ ਦਰ-ਦਰ ਦੀਆਂ ਠੋਕਰ੍ਹਾਂ ਖਾਂਦੇ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਲੋਨਾਈਜ਼ਰ ਗੈਰ ਕਾਨੂੰਨੀ ਤਰੀਕੇ ਨਾਲ ਪੈਸਾ ਬਣਾ ਲੈਂਦੇ ਹਨ, ਜਦੋਂ ਕਿ ਉਨ੍ਹਾਂ ਦੀਆਂ ਗਲਤ ਕਾਰਵਾਈਆਂ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈਂਦਾ ਹੈ।
Also Read : ਸ੍ਰੀਨਗਰ ‘ਚ ਟਾਰਗੇਟ ਕਿਲਿੰਗ, ਦੋ ਪੰਜਾਬੀ ਨੌਜਵਾਨਾਂ ਨੂੰ ਮਾਰੀ ਗੋਲੀ, ਹਮਲਾਵਰਾਂ ਦੀ ਭਾਲ ਜਾਰੀ
ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿਸੇ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਬਿਨਾਂ ਪ੍ਰਵਾਨਗੀ ਲਏ ਪਲਾਟ ਵੇਚ ਰਹੇ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਗੈਰ ਕਾਨੂੰਨੀ ਕਲੋਨੀਆਂ ਬਣਾਉਣ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਇਸ ਜ਼ੁਰਮ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਦਮ ਚੁੱਕੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੈਰ ਕਾਨੂੰਨੀ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ, ਜੋ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਗੈਰ ਕਾਨੂੰਨੀ ਕਲੋਨੀ ਬਣਨ ਤੋਂ ਰੋਕਣ ਦਾ ਕੰਮ ਕਰੇਗਾ।