ਚੰਡੀਗੜ੍ਹ, (ਅਸ਼ਵਨੀ ਚਾਵਲਾ) । ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸੈਸ਼ਨ ਦੇ ਪਹਿਲੇ ਦਿਨ ਸਦਨ ਤੋਂ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦਾ ਕਰਜ਼ਾ ਹਰ ਹਾਲਤ ਵਿੱਚ ਮੁਆਫ਼ ਕੀਤਾ ਜਾਵੇਗਾ, ਉਨ੍ਹਾਂ ਨੇ ‘ਕੁਰਕੀ’ ਦਾ ਅੰਤ ਕਰਕੇ ਆਪਣੇ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫ਼ੀ ਦੇ ਵਾਅਦੇ ਤੋਂ ਪਿੱਛੇ ਮੁੜਣ ਦਾ ਸੁਆਲ ਹੀ ਪੈਦਾ ਨਹੀਂ ਹੁੰਦਾ ਅਤੇ ਉਨ੍ਹਾਂ ਦੀ ਸਰਕਾਰ ਛੇਤੀ ਹੀ ਕਿਸਾਨਾਂ ਦੇ ਕਰਜ਼ਾ ਦਾ ਹੱਲ ਕਰੇਗੀ।
ਇਥੇ ਹੀ ਸਦਨ ਤੋਂ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ਖੇਤੀ ਕਰਜ਼ਿਆਂ ਦੀ ਸਮੱਸਿਆ ਦੇ ਸਥਾਈ ਹੱਲ ਕਰਨ ਲਈ ਵਿਚਾਰ ਕਰ ਰਹੀ ਹੈ। ਸਿੱਧੂ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਕਿਸਾਨਾਂ ਨੂੰ ਏਨਾ ਕੁ ਆਤਮ ਨਿਰਭਰ ਬਣਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਭਵਿੱਖ ਵਿੱਚ ਕਰਜ਼ਾ ਲੈਣ ਦੀ ਜ਼ਰੂਰਤ ਨਾ ਪਵੇ। ਸਿੱਧੂ ਨੇ ਸ਼ਾਹੂਕਾਰਾਂ ਦੀ ਲਾਇਸੈਂਸ ਪ੍ਰਣਾਲੀ ਦਾ ਵੀ ਸੁਝਾਅ ਦਿੱਤਾ ਤਾਂ ਜੋ ਜ਼ਰੂਰੀ ਲੋੜ ਦੇ ਕਾਰਨ ਕਰਜ਼ਾ ਲੈਣ ਦੀ ਪ੍ਰਣਾਲੀ ‘ਚ ਨਿਰਪੱਖਤਾ ਯਕੀਨੀ ਬਣਾਈ ਜਾ ਸਕੇ। ਮੰਤਰੀ ਨੇ ਫਸਲੀ ਬੀਮੇ ਦੀ ਗੱਲ ਵੀ ਆਖੀ ਜਿਸ ਬਾਰੇ ਸਰਕਾਰ ਵਿਚਾਰ ਕਰ ਰਹੀ ਹੈ।
ਤਾਂ ਜੋ ਸੰਕਟ ‘ਚ ਘਿਰੇ ਸੂਬੇ ਦੇ ਕਿਸਾਨਾਂ ਦੇ ਹਿੱਤ ਸੁਰੱਖਿਅਤ ਰੱਖੇ ਜਾ ਸਕਣ। ਉਨ੍ਹਾਂ ਕਿਹਾ ਕਿ ਸਰ ਛੋਟੂ ਰਾਮ ਪੰਜਾਬ ਰਾਹਤ ਕਰਜ਼ਾ ਐਕਟ-1934 ਦੀਆਂ ਲੀਹਾਂ ‘ਤੇ ਕੰਟਰੋਲ ਹੋਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਕਿਸਾਨ ਨੂੰ ਲਈ ਗਈ ਰਾਸ਼ੀ ਤੋਂ ਦੁੱਗਣੇ ਤੋਂ ਵੱਧ ਅਦਾ ਨਾ ਕਰਨੇ ਪਵੇ। ਉਨ੍ਹਾਂ ਨੇ ਨਰੇਗਾ ਦੀ ਦੁਰਵਰਤੋਂ ਨੂੰ ਰੋਕਣ ਅਤੇ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਇਸ ਸਕੀਮ ਦੇ ਘੇਰੇ ਵਿੱਚ ਲਿਆਉਣ ਲਈ ਵੀ ਕੇਂਦਰ ਸਰਕਾਰ ਤੋਂ ਦਖਲ ਦੇਣ ਦੀ ਅਪੀਲ ਕੀਤੀ।