ਕਾਂਗਰਸੀ ਵਿਧਾਇਕਾਂ ਵਿੱਚ ਸਿਰਫ਼ ਸੰਦੀਪ ਜਾਖੜ ਖ਼ਿਲਾਫ਼ ਪਾਸ ਨਹੀਂ ਹੋਇਆ ਮਤਾ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਬਾਜਵਾ ਅਤੇ ਉਨ੍ਹਾਂ ਦੇ ਸਾਥੀ ਕਾਂਗਰਸੀ ਵਿਧਾਇਕਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵਿੱਚ ਕਾਰਵਾਈ ਕਰਨ ਲਈ ਮਤਾ ਪਾਸ ਹੋ ਗਿਆ ਹੈ। ਕਾਂਗਰਸੀ ਵਿਧਾਇਕਾਂ ’ਤੇ ਦੋਸ਼ ਹੈ ਕਿ ਉਨ੍ਹਾਂ ਨੇ 1 ਮਾਰਚ ਨੂੰ ਸਦਨ ਵਿੱਚ ਭਾਸ਼ਣ ਦੇਣ ਆਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਵਿੱਚ ਵਿਘਨ ਪਾਉਣ ਦੇ ਨਾਲ ਹੀ ਹੰਗਾਮਾ ਕਰਦੇ ਹੋਏ ਉਨ੍ਹਾਂ ਨੂੰ ਰੋਕਿਆ ਗਿਆ, ਜਿਸ ਕਾਰਨ ਹੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪੂਰਾ ਭਾਸ਼ਣ ਹੀ ਨਾ ਪੜ੍ਹ ਸਕੇ। Congress News
ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਇਸ ਮਤੇ ਨੂੰ ਪਾਸ ਕਰਵਾਉਂਦੇ ਹੋਏ ਕਾਂਗਰਸੀ ਦੀ ਕਾਰਵਾਈ ਨੂੰ ਗੈਰ ਮਰਿਆਦਾ ਵਾਲੀ ਕਰਾਰ ਦਿੱਤਾ ਅਤੇ ਹੋਏ ਮਾਮਲੇ ਦੀ ਜਾਂਚ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਸੌਂਪ ਦਿੱਤੀ ਹੈ। ਹੁਣ ਵਿਸ਼ੇਸ਼ ਅਧਿਕਾਰ ਕਮੇਟੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕਰਦੇ ਹੋਏ ਇਹ ਤੈਅ ਕੀਤਾ ਜਾਵੇਗਾ ਕਿ ਕਾਂਗਰਸੀ ਵਿਧਾਇਕਾਂ ਦੇ ਖ਼ਿਲਾਫ਼ ਕੀ ਕਾਰਵਾਈ ਕੀਤੀ ਜਾਵੇ ?
ਇਹ ਵੀ ਪੜ੍ਹੋ: Budget | ਬਜ਼ਟ ਪੇਸ਼ ਕਰਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਬਿਆਨ
ਜਾਣਕਾਰੀ ਅਨੁਸਾਰ ਇੱਕ ਮਾਰਚ ਨੂੰ ਸੈਸ਼ਨ ਦੀ ਸ਼ੁਰੂਆਤ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਭਾਸ਼ਣ ਦੇਣ ਲਈ ਵਿਧਾਨ ਸਭਾ ਵਿੱਚ ਪੁੱਜੇ ਸਨ। ਵਿਧਾਨ ਸਭਾ ਵਿੱਚ ਜਿਉੇਂ ਹੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਦੀ ਸ਼ੁਰੂਆਤ ਕੀਤੀ ਗਈ ਤਾਂ ਕਾਂਗਰਸੀ ਵਿਧਾਇਕਾਂ ਵੱਲੋਂ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਗਿਆ। ਇਸ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਬਿਠਾਉਣ ਦੀ ਕੋਸ਼ਸ਼ ਕੀਤੀ ਗਈ ਪਰ ਕਾਂਗਰਸੀ ਵਿਧਾਇਕ ਆਪਣੀ ਸੀਟਾਂ ’ਤੇ ਬੈਠੇ ਹੀ ਨਹੀਂ ਅਤੇ ਰਾਜਪਾਲ ਨੇ ਸਾਰਾ ਭਾਸ਼ਣ ਦੀ ਪੜ੍ਹਨ ਦੀ ਥਾਂ ’ਤੇ ਪਹਿਲੀ ਅਤੇ ਆਖਰੀ ਲਾਈਨ ਨੂੰ ਪੜ੍ਹਦੇ ਹੋਏ ਭਾਸ਼ਣ ਨੂੰ ਪੜਿ੍ਹਆ ਹੋਇਆ ਸਮਝੇ ਜਾਣ ਦੀ ਗੱਲ ਆਖਦੇ ਹੋਏ ਭਾਸ਼ਣ ਨੂੰ ਸਮਾਪਤ ਕਰ ਦਿੱਤਾ। Congress News
ਇਸ ਮਾਮਲੇ ਵਿੱਚ ਸੋਮਵਾਰ ਨੂੰ ਸੰਸਦੀ ਕਾਰਜ ਮੰਤਰੀ ਬਲਕਾਰ ਸਿੰਘ ਵੱਲੋਂ ਸਦਨ ਦੇ ਅੰਦਰ ਇੱਕ ਪ੍ਰਸਤਾਵ ਪੇਸ਼ ਕੀਤਾ ਗਿਆ ਕਿ ਕਾਂਗਰਸੀ ਵਿਧਾਇਕ ਸੰਦੀਪ ਜਾਖੜ ਨੂੰ ਛੱਡ ਕੇ ਬਾਕੀ ਸਾਰੇ ਕਾਂਗਰਸੀ ਵਿਧਾਇਕਾਂ ਵੱਲੋਂ ਰਾਜਪਾਲ ਦੇ ਭਾਸ਼ਣ ਮੌਕੇ ਹੰਗਾਮਾ ਕੀਤਾ ਗਿਆ ਅਤੇ ਰਾਜਪਾਲ ਨੂੰ ਭਾਸ਼ਣ ਨਹੀਂ ਦਿੱਤਾ ਗਿਆ। ਜਿਸ ਕਾਰਨ ਇਨ੍ਹਾਂ ਖ਼ਿਲਾਫ਼ ਮਤਾ ਪਾਸ ਕਰਦੇ ਹੋਏ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਮਾਮਲੇ ਭੇਜਿਆ ਜਾਵੇ। ਮੰਤਰੀ ਬਲਕਾਰ ਸਿੰਘ ਵੱਲੋਂ ਪੇਸ਼ ਕੀਤੇ ਗਏ ਪ੍ਰਸਤਾਵ ਨੂੰ ਸਦਨ ਵਿੱਚ ਪਾਸ ਕਰ ਦਿੱਤਾ ਗਿਆ ।