ਆਉਂਦੇ ਦਿਨਾਂ ਵਿੱਚ ਲੀਡਰਾਂ ਦੇ ਬਣਾਏ ਗ਼ੈਰ ਕਾਨੂੰਨੀ ਰਿਜ਼ੌਰਟ ਤੇ ਫਾਰਮ ਹਾਊਸ ਢਾਹੇ ਜਾਣਗੇ : CM Bhagwant Mann
(ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸੰਗਰੂਰ। ਲੋਕ ਸਭਾ ਚੋਣਾਂ ਸਬੰਧੀ ਲੱਗ ਰਹੇ ਚੋਣ ਜ਼ਾਬਤੇ ਤੋਂ ਪਹਿਲਾਂ-ਪਹਿਲਾਂ ਪੰਜਾਬ ਸਰਕਾਰ ਵੱਲੋਂ ਧੜਾ ਧੜ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਜਾ ਰਹੇ ਹਨ ਹਨ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਸੰਗਰੂਰ ਜ਼ਿਲ੍ਹੇ ਵਿੱਚ ਲਗਭਗ 839 ਕਰੋੜ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖੇ।
ਧੂਰੀ, ਚੀਮਾ ਤੇ ਕੌਹਰੀਆਂ ’ਚ ਰੱਖੇ ਪੇਂਡੂ ਹਸਪਤਾਲਾਂ ਦੇ ਨੀਂਹ ਪੱਥਰ
ਇਸ ਸਬੰਧੀ ਨੇੜਲੇ ਕਸਬੇ ਚੀਮਾ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਹਮੇਸ਼ਾ ਤੋਂ ਚਾਹੁੰਦੇ ਸਨ ਕਿ ਇਸ ਖਿੱਤੇ ਵਿੱਚ ਇੱਕ ਅਤਿ-ਆਧੁਨਿਕ ਹਸਪਤਾਲ ਹੋਵੇ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦਾ ਸੁਫਨਾ ਧੂਰੀ ਵਿਖੇ 80 ਬਿਸਤਰਿਆਂ ਵਾਲੇ ਜੱਚਾ-ਬੱਚਾ ਹਸਪਤਾਲ, ਚੀਮਾ ਵਿਖੇ 30 ਬਿਸਤਰਿਆਂ ਵਾਲੇ ਰੂਰਲ ਹਸਪਤਾਲ ਅਤੇ ਕੌਹਰੀਆਂ ਵਿਖੇ 30 ਬਿਸਤਰਿਆਂ ਵਾਲੇ ਕਮਿਊਨਿਟੀ ਹੈਲਥ ਸੈਂਟਰ ਦੀ ਸਥਾਪਨਾ ਨਾਲ ਸਾਕਾਰ ਹੋਇਆ ਹੈ।
ਭਗਵੰਤ ਸਿੰਘ ਮਾਨ (CM Bhagwant Mann) ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪਹਿਲਾਂ ਹੀ ਹਸਪਤਾਲ ਦੇ ਅੰਦਰ ਹੀ ਮਰੀਜ਼ਾਂ ਨੂੰ ਮੁਫ਼ਤ ਦਵਾਈ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਮਰੀਜ਼ਾਂ ਨੂੰ ਬਾਹਰ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਲਈ ਹਰ ਹਸਪਤਾਲ ਵਿੱਚ ਐਕਸ-ਰੇਅ ਅਤੇ ਅਲਟਰਾਸਾਊਂਡ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: ਇੱਕ ਮਹੀਨੇ ਬਾਅਦ ਹਾਈਵੇ ’ਤੇ ਚੱਲਿਆ ਟਰੈਫਿਕ, ਕਿਸਾਨ ਪਰਿਵਾਰਾਂ ਨੇ ਲਿਆ ਫ਼ੈਸਲਾ
ਵਿਰੋਧੀਆਂ ’ਤੇ ਨਿਸ਼ਾਨੇ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦਾ ਖ਼ਜ਼ਾਨਾ ਕਦੇ ਵੀ ਖਾਲੀ ਨਹੀਂ ਰਿਹਾ ਪਰ ਸਿਆਸੀ ਆਗੂਆਂ ਕੋਲ ਆਮ ਆਦਮੀ ਦੀ ਭਲਾਈ ਲਈ ਨੀਅਤ ਦੀ ਘਾਟ ਸੀ, ਜਿਸ ਕਾਰਨ ਉਨ੍ਹਾਂ ਨੇ ਲੋਕਾਂ ਦੀ ਭਲਾਈ ਲਈ ਕੋਈ ਉਪਰਾਲਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਨਿੱਜੀ ਲਾਭਾਂ ਲਈ ਸੂਬੇ ਵਿੱਚੋਂ ਕਰੋੜਾਂ ਰੁਪਏ ਦੀ ਲੁੱਟ ਕੀਤੀ ਹੈ ਅਤੇ ਇਨ੍ਹਾਂ ਦੇ ਰਿਜ਼ੌਰਟਾਂ ਅਤੇ ਫਾਰਮ ਹਾਊਸਾਂ ਦਾ ਲਗਜ਼ਰੀ ਟੈਕਸ ਮੁਆਫ਼ ਕੀਤਾ ਗਿਆ ਅਤੇ ਹੋਰ ਸਹੂਲਤਾਂ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਬਹੁਤ ਚੰਗੀ ਖ਼ਬਰ ਮਿਲੇਗੀ ਕਿਉਂਕਿ ਲੀਡਰਾਂ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਬਣਾਏ ਵੱਡੇ ਪੈਲੇਸ ਅਤੇ ਫਾਰਮ ਹਾਊਸਾਂ ਨੂੰ ਜਲਦੀ ਢਾਹ ਦਿੱਤਾ ਜਾਵੇਗਾ।
ਢੀਂਡਸਾ ਦੀ ਅਕਾਲੀ ਦਲ ’ਚ ਵਾਪਸੀ ’ਤੇ ਕੀਤਾ ਵਿਅੰਗ
ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਕਾਲੀ ਦਲ ’ਚ ਵਾਪਸੀ ’ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਸਿਆਸੀ ਕਰੀਅਰ ਖ਼ਤਮ ਹੋ ਚੁੱਕਾ ਹੈ ਜੋ ਜਨਤਾ ਨਾਲੋਂ ਪੂਰੀ ਤਰ੍ਹਾਂ ਟੁੱਟਣ ਕਾਰਨ ਕਦੇ ਸੀਟ ਨਹੀਂ ਜਿੱਤ ਸਕੇ। ਉਨ੍ਹਾਂ ਕਿਹਾ ਕਿ ਭਾਵੇਂ ਢੀਂਡਸਾ ਪਰਿਵਾਰ ਨੇ ਅਕਾਲੀ ਦਲ ਵਿੱਚ ‘ਘਰ ਵਾਪਸੀ’ ਹੋਣ ਦਾ ਦਾਅਵਾ ਕੀਤਾ ਹੈ, ਪਰ ਉਹ ਹੁਣ ਕਦੇ ਵੀ ਆਮ ਲੋਕਾਂ ਦਾ ਦਿਲ ਨਹੀਂ ਜਿੱਤ ਸਕਦੇ ਕਿਉਂਕਿ ਆਮ ਲੋਕ ਜਾਣਦੇ ਹਨ ਕਿ ਇਹ ਆਗੂ ਉਨ੍ਹਾਂ ਦਾ ਕੋਈ ਫਾਇਦਾ ਨਹੀਂ ਚਾਹੁੰਦੇ।